ਪਿੰਡ ਸੁਲਹਾਨੀ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਨਿਰੰਤਰ ਯਤਨਸ਼ੀਲ - ਧੀਮਾਨ
ਪਿੰਡ ਸੁਲਹਾਨੀ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਨਿਰੰਤਰ ਯਤਨਸ਼ੀਲ – ਧੀਮਾਨ
ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ 8 ਆਮ ਆਦਮੀ ਕਲੀਨਿਕ ਹੋਏ ਕਾਰਜਸ਼ੀਲ: ਉਦੈ ਚੰਦ ਦਹੀਆ
ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 25 ਹੋਈ
ਫਿਰੋਜ਼ਪੁਰ, 5 ਮਈ 2023.
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ,ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜ਼ਨੀਸ ਦਹੀਆ ਦੇ ਪਿਤਾ ਸ੍ਰੀ ਉਦੈ ਚੰਦ ਦਹੀਆ ਨੇ ਪਿੰਡ ਸੁਲਹਾਨੀ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਦੀ ਪਤਨੀ ਸ਼੍ਰੀਮਤੀ ਸੁਦੇਸ਼ ਦਹੀਆ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੁੱਲ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ, ਜਿਸ ਦੀ ਰਸਮੀ ਸ਼ੁਰੂਆਮ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਲੁਧਿਆਣਾ ਤੋਂ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਖੇਤਰ ਵਿੱਚ ਲੋਕਾਂ ਨੂੰ ਸੁਚੱਜੇ ਢੰਗ ਨਾਲ ਮੁਫਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੱਗਣ ਵਾਲੀਆਂ ਲੰਮੀਆਂ ਕਤਾਰਾਂ ਤੋਂ ਵੀ ਰਾਹਤ ਮਿਲੇਗੀ। ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਪਹਿਲਾਂ 21 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ, ਜਦਕਿ ਹੁਣ ਜ਼ਿਲ੍ਹੇ ਵਿੱਚ 4 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ।
ਇਸ ਮੌਕੇ ਸ੍ਰੀ ਉਦੈ ਚੰਦ ਦਹੀਆ ਨੇ ਦੱਸਿਆ ਕਿ ਫਿਰੋਜ਼ਪੁਰ ਦਿਹਾਤੀ ਦੇ ਬਲਾਕ ਫ਼ਿਰੋਜ਼ਸ਼ਾਹ ਦੇ 4 ਪੀ.ਐਚ.ਸੀ ਕੇਂਦਰ ਜਿਨ੍ਹਾਂ ਵਿੱਚ, ਲੱਲੇ, ਮੁੱਦਕੀ, ਮੱਲਵਾਲ ਅਤੇ ਤਲਵੰਡੀ ਭਾਈ, ਬਲਾਕ ਮਮਦੋਟ ਦੇ 3 ਪੀ.ਐਚ.ਸੀ ਕੇਂਦਰ ਆਰਿਫ਼ ਕੇ, ਨੂਰਪੁਰ ਸੇਠਾਂ, ਤੇ ਝੌਂਕ ਹਰੀਹਰ ਪਹਿਲਾਂ ਚੱਲ ਰਹੇ ਸਨ ਅਤੇ ਅੱਜ ਸੁਲਹਾਨੀ ਪਿੰਡ ਵਿਖੇ ਵੀ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।
ਸ੍ਰੀ ਦਹੀਆ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਰਾਜ ਦੇ ਸਿਹਤ ਖੇਤਰ ਵਿੱਚ ਵੱਡੀ ਪੁਲਾਂਘ ਹੈ। ਇਸ ਮੌਕੇ ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਚੁਣੀ ਹੋਈ ਸਰਕਾਰ ਦਾ ਸਿਰਫ ਇਕੋ ਹੀ ਮਕਸਦ ਹੈ ਪੰਜਾਬ ਵਿੱਚ ਲੋਕਾਂ ਲਈ ਬਿਹਤਰ ਸੇਵਾਵਾਂ ਉਪਲਬੱਧ ਕਰਵਾਉਣੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ ਕੁੱਲ 4 ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ ਹਨ ਜਦਕਿ ਜ਼ਿਲ੍ਹੇ ਵਿਚ ਪਹਿਲਾਂ 21 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਹੁਣ ਜ਼ਿਲ੍ਹੇ ਵਿੱਚ ਕੁੱਲ 25 ਆਮ ਆਦਮੀ ਕਲੀਨਿਕ ਹੋ ਗਏ ਹਨ।
ਇਸ ਮੌਕੇ ਸਿਵਲ ਸਰਜਨ ਡਾ.ਮੀਨਾਕਸ਼ੀ ਅਬਰੋਲ ਨੇ ਦੱਸਿਆ ਕਿ ਅੱਜ ਲੋਕ-ਅਰਪਿਤ ਹੋਣ ਵਾਲੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਡਾਕਟਰ ਸਮੇਤ ਅਤੇ ਹੋਰ ਸਟਾਫ ਵੀ ਤਾਇਨਾਤ ਕਰ ਦਿੱਤਾ ਗਿਆ ਹੈ, ਜੋ ਅੱਜ ਤੋਂ ਹੀ ਆਮ ਲੋਕਾਂ ਨੂੰ ਓ.ਪੀ.ਡੀ ਦੀ ਸਹੂਲਤ ਦੇਵੇਗਾ। ਉਨ੍ਹਾਂ ਕਿਹਾ ਕਿ ਕਲੀਨਿਕਾਂ ਦੀ ਸਥਾਪਨਾ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਘਰਾਂ ਨੇੜੇ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ ਸਗੋਂ ਇਹ ਕਲੀਨਿਕ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ। ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਰਿਤੇਸ਼ ਸਹੋਤਰਾ, ਮੈਡੀਕਲ ਅਫਸਰ ਡਾ.ਚੇਤਨ ਕੱਕੜ, ਬਲਾਕ ਅਕਸਟੈਨਸ਼ਨ ਐਜੂਕੇਟਰ ਨੇਹਾ ਭੰਡਾਰੀ, ਬੀ.ਸੀ.ਸੀ. ਕੋਆਰਡੀਨੇਟਰ ਰਜਨੀਕ ਕੌਰ ਤੋਂ ਇਲਾਵਾ ਸਰਪੰਚ ਰਾਜਾ ਜਰਾ ਸਿੰਘ, ਰੌਬੀ ਸੰਧੂ, ਸਿਮਰਨ ਸੁਲਹਾਨੀ, ਕੁਲਵਿੰਦਰ ਨਾਗੀ, ਐਡਵੋਕੇਟ ਤਰਨਜੀਤ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਗੁਰਦੀਪ ਸਿੰਘ, ਬਲਜੀਤ ਸਿੰਘ, ਬਾਬਾ ਨਛੱਤਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਰ ਸਨ।