ਪੀ ਏ ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ
ਪੀ ਏ ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ
ਫਿਰੋਜ਼ਪੁਰ, 7 ਫਰਵਰੀ 2025:ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ 6 ਫਰਵਰੀ, 2025 ਨੂੰ ਆਯੋਜਿਤ ਕੀਤੀ ਗਈ।ਇਸ ਦੀ ਪ੍ਰਧਾਨਗੀ ਡਾ. ਤਰਸੇਮ ਸਿੰਘ ਢਿੱਲੋਂ, ਵਧੀਕ ਨਿਰਦੇਸ਼ਕ, ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ। ਡਾ. ਕੁਲਦੀਪ ਸਿੰਘ, ਨਿਰਦੇਸ਼ਕ, ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਮੁਕਤਸਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਕਰਮਜੀਤ ਸ਼ਰਮਾ, ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਕਮਲਦੀਪ ਸਿੰਘ ਮਠਾੜੂ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਫਿਰੋਜ਼ਪੁਰ ਦੇ ਜ਼ਿਲ੍ਹਾ ਪਸਾਰ ਵਿਗਿਆਨੀ (ਐੱਸ ਐੱਮ), ਡਾ. ਜਗਜੋਤ ਸਿੰਘ ਗਿੱਲ ਅਤੇ ਆਈ ਸੀ ਆਰ ਏ ਅਟਾਰੀ ਜੋਨ -1, ਲੁਧਿਆਣਾ ਤੋਂ ਵਿਗਿਆਨੀ ਡਾ ਆਸ਼ੀਸ਼ ਸੰਤੋਸ਼ ਮੁਰਾਈ ਵੀ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ, ਮੱਛੀ-ਪਾਲਣ, ਵਣ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਨਾਬਾਰਡ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਰੋਜ਼ਗਾਰ ਵਿਭਾਗ ਦੇ ਅਫਸਰ ਸਾਹਿਬਾਨ, ਅਗਾਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਇਸ ਮੀਟਿੰਗ ਵਿਚ ਆਪਣੇ ਵਿਚਾਰ ਸਾਂਝੇ ਕੀਤੇ।
ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ-ਆਇਆ ਨੂੰ ਕਿਹਾ ਅਤੇ ਜ਼ਿਲ੍ਹੇ ਦੀ ਰੂਪ ਰੇਖਾ, ਸਾਲ 2024-25 ਦੀ ਕਾਰਵਾਈ ਅਤੇ ਪ੍ਰਗਤੀ ਰਿਪੋਰਟ ਸਾਂਝੀ ਕੀਤੀ। ਇਸ ਉਪਰੰਤ ਕੇ.ਵੀ.ਕੇ. ਦੇ ਵੱਖ-ਵੱਖ ਵਿਗਿਆਨੀਆਂ ਨੇ ਆਪਣੇ ਵਿਸ਼ੇ ਵਿਚ ਹੋਈ ਕਾਰਵਾਈ ਅਤੇ ਸਾਲ 2025-26 ਵਿਚ ਆਯੋਜਿਤ ਹੋਣ ਵਾਲੀਆਂ ਸਿਖਲਾਈਆਂ ਸਬੰਧੀ ਕਾਰਜ-ਯੋਜਨਾ ਵੀ ਸਾਂਝੀ ਕੀਤੀ ਅਤੇ ਆਏ ਹੋਏ ਮਹਿਮਾਨਾਂ ਦੇ ਸੁਝਾਅ ਲਏ।
ਆਏ ਹੋਏ ਮਹਿਮਾਨਾਂ ਨੂੰ ਕੇਂਦਰ ਦੇ ਤਕਨੀਕੀ ਪਾਰਕ ਅਤੇ ਪ੍ਰਦਰਸ਼ਨੀ ਇਕਾਈਆਂ ਜਿਵੇਂ ਕਿ ਸਬਜ਼ੀਆਂ ਦੀ ਘਰੇਲੂ ਬਗੀਚੀ, ਫ਼ਲਾਂ ਦੀ ਪੌਸ਼ਟਿਕ ਬਗੀਚੀ, ਹਰਬਲ ਗਾਰਡਨ, ਮਧੂ- ਮੱਖੀ, ਖੁੰਬ ਉਤਪਾਦਨ, ਅਜ਼ੋਲਾ, ਗੰਡੋਆ ਖਾਦ, ਡੇਅਰੀ ਅਤੇ ਮੁਰਗੀ ਇਕਾਈ ਦਾ ਦੌਰਾ ਕਰਵਾਇਆ ਗਿਆ। ਮੀਟਿੰਗ ਦੇ ਮੁੱਖ ਮਹਿਮਾਨ ਡਾ. ਤਰਸੇਮ ਸਿੰਘ ਢਿੱਲੋਂ ਨੇ ਤਕਨੀਕੀ ਪਾਰਕ ਵਿੱਚ ਦਰਸਾਏ ਹੋਏ ਫ਼ਸਲ ਚੱਕਰ ਅਤੇ ਪ੍ਰਦਰਸ਼ਨੀ ਇਕਾਈਆਂ ਨੂੰ ਸਫ਼ਲਤਾਪੂਰਵਕ ਚਲਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਪ੍ਰਦਰਸ਼ਨੀਆਂ ਅਤੇ ਖੇਤ ਦਿਵਸ ਲਗਾ ਕੇ ਯੂਨੀਵਰਸਿਟੀ ਦੀਆਂ ਨਵੀਨਤਮ ਸਿਫਾਰਸ਼ਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦੇ ਦੌਰੇ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਵੀ ਪ੍ਰੇਰਿਤ ਕੀਤਾ।
ਡਾ. ਕੁਲਦੀਪ ਸਿੰਘ ਨੇ ਕਿਸਾਨਾਂ ਅਤੇ ਅਧਿਕਾਰੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਆਯੋਜਿਤ ਕੀਤੇ ਜਾਂਦੇ ਪਸਾਰ ਕਾਰਜਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਆਪਣੇ ਉੱਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ। ਅੰਤ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਦੀ ਸਮੁੱਚੀ ਟੀਮ ਵੱਲੋਂ ਇਸ ਮੀਟਿੰਗ ਵਿਚ ਹਾਜ਼ਿਰ ਮਾਹਿਰਾਂ, ਕਮੇਟੀ ਮੈਂਬਰਾਂ, ਅਗਾਂਹਵਧੂ ਕਿਸਾਨਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ।