ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬੇਮਿਸਾਲ ਵਾਧਾ ਪੰਜਾਬ ਦੇ ਕਿਸਾਨਾ ਲਈ ਮੁਸੀਬਤ- ਵਿਧਾਇਕ ਪਿੰਕੀ
ਕਿਹਾ, ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਨਿਰੰਤਰ ਘੱਟ ਰਹੀਆਂ ਹਨ ਪਰ ਭਾਰਤ ਵਿਚ ਕੀਮਤਾਂ ਨਿਰੰਤਰ ਵੱਧ ਰਹੀਆਂ ਹਨ
ਫਿਰੋਜ਼ਪੁਰ, 27 ਜੂਨ
ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ‘ਤੇ ਚਿੰਤਾ ਜ਼ਾਹਰ ਕਰਦਿਆਂ ਇਸ ਨੂੰ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ ਝੋਨਾ ਲਾਉਣ ਦੀ ਤਿਆਰੀ ਕਰ ਰਹੇ ਹਨ, ਪਰ ਇਸ ਸਮੇਂ ਪੈਟਰੋਲ ਅਤੇ ਡੀਜ਼ਲ ’ਤੇ ਟੈਕਸ ਦਰ ਵਿੱਚ ਅਚਾਨਕ ਵਾਧਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਗਈਆਂ ਹਨ। ਕਿਸਾਨ ਪਹਿਲਾਂ ਹੀ ਕਰਜ਼ੇ ਦੇ ਜਾਲ ਵਿਚ ਫਸੇ ਹੋਏ ਹਨ ਅਤੇ ਉੱਪਰੋਂ ਸਰਕਾਰ ਨੇ ਡੀਜ਼ਲ ਮਹਿੰਗਾ ਕਰ ਕੇ ਉਨ੍ਹਾਂ ਦੇ ਜ਼ਖਮਾਂ ‘ਤੇ ਨਮਕ ਛਿੜਕਣ ਦਾ ਕੰਮ ਕੀਤਾ ਹੈ। ਇਸ ਨਾਲ ਨਾ ਸਿਰਫ ਕਿਸਾਨ ਬਲਕਿ ਉਨ੍ਹਾਂ ਨਾਲ ਜੁੜੀ ਲੱਖਾਂ ਦੀ ਤਾਦਾਦ ਵਿੱਚ ਲੇਬਰ ਵੀ ਪ੍ਰਭਾਵਿਤ ਹੋਵੇਗੀ।
ਵਿਧਾਇਕ ਪਿੰਕੀ ਨੇ ਕਿਹਾ ਕਿ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ 140 ਡਾਲਰ ਪ੍ਰਤੀ ਬੈਰਲ ਸੀ, ਉਦੋਂ ਦੇਸ਼ ਵਿਚ ਪੈਟਰੋਲ 62 ਰੁਪਏ ਅਤੇ ਡੀਜ਼ਲ 58 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਸੀ ਅਤੇ ਅੱਜ ਜਦੋਂ ਕੱਚੇ ਤੇਲ ਦੀ ਕੀਮਤ 40 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਤਾਂ ਪੈਟਰੋਲ ਅਤੇ ਡੀਜ਼ਲ ਲੋਕਾਂ ਨੂੰ 80 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਲੋਕਾਂ ਨਾਲ ਬੇਇਨਸਾਫੀ ਹੈ। ਵਿਧਾਇਕ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਕਿਸਾਨੀ ਨੂੰ ਬਰਬਾਦ ਕਰਨ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੇਂਦਰ ਦੀ ਮੋਦੀ ਸਰਕਾਰ ਅਜਿਹਾ ਕਰਦੀ ਹੈ ਤਾਂ ਪੰਜਾਬ ਦੇ ਲੋਕ ਦਿੱਲੀ ਦੀਆਂ ਜੇਲ੍ਹਾਂ ਭਰ ਦੇਣਗੇ। ਵਿਧਾਇਕ ਪਿੰਕੀ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ, ਜੋ ਕੇਂਦਰੀ ਸੱਤਾ ਦੀਆਂ ਭਾਗੀਦਾਰ ਹਨ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ‘ਤੇ ਅੱਗੇ ਆਉਣ ਅਤੇ ਕਿਸਾਨਾਂ ਦੇ ਹੱਕ ਵਿੱਚ ਖੜੇ ਹੋਣ।