ਪੰਚਾਂ ਦਾ ਸਹੁੰ ਚੁੱਕ ਸਮਾਗਮ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ 4466 ਪੰਚਾਂ ਨੂੰ ਚੁਕਾਈ ਸਹੁੰ
ਪੰਚਾਂ ਦਾ ਸਹੁੰ ਚੁੱਕ ਸਮਾਗਮ
- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਦੇ 4466 ਪੰਚਾਂ ਨੂੰ ਚੁਕਾਈ ਸਹੁੰ
- ਕਿਹਾ, ਬਿਨਾਂ ਕਿਸੇ ਭੇਦਭਾਵ ਪਿੰਡਾਂ ਦੇ ਸਰਵਪੱਖੀ ਵਿਕਾਸ ਕਾਰਜਾਂ ਵਿੱਚ ਸਹਾਈ ਬਣਨ ਪੰਚਾਇਤਾਂ
- ਵਿਧਾਇਕ ਨਰੇਸ਼ ਕਟਾਰੀਆਂ, ਰਜਨੀਸ਼ ਦਹੀਯਾ, ਫੌਜਾ ਸਿੰਘ ਸਰਾਰੀ ਅਤੇ ਰਣਬੀਰ ਸਿੰਘ ਭੁੱਲਰ ਨੇ ਨਵ ਨਿਯੁਕਤ ਪੰਚਾਂ ਨੂੰ ਦਿੱਤੀ ਵਧਾਈ
ਫਿਰੋਜ਼ਪੁਰ 19 ਨਵੰਬਰ 2024: ਜ਼ਿਲ੍ਹੇ ਦੇ ਨਵ ਚੁਣੇ ਪੰਚ ਬਿਨਾਂ ਕਿਸੇ ਭੇਦਭਾਵ ਨਾਲ ਪਿੰਡਾਂ ਦੇ ਸਰਵਪੱਖੀ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਅਤੇ ਇਮਾਨਦਾਰੀ ਨਾਲ ਪਿੰਡਾਂ ਦਾ ਵਿਕਾਸ ਕਰਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆਂ ਅਤੇ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਵੀ ਮੌਜੂਦ ਸਨ।
ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਚੁਣੇ ਗਏ ਸਮੂਹ ਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਪੰਚਾਇਤ ਪਿੰਡ ਪੱਧਰ ਤੇ ਅਹਿਮ ਭੂਮਿਕਾ ਨਿਭਾਉਂਦੀ ਹੈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਪਿੰਡਾਂ ਵਿੱਚ ਛੋਟੇ ਝਗੜਿਆਂ ਦਾ ਨਿਪਟਾਰਾ ਵੀ ਕਰਦੀ ਹੈ। ਇਹ ਸਭ ਤਾਂ ਹੀ ਸੰਭਵ ਹੈ ਜੇਕਰ ਪਿੰਡ ਦੀ ਪੰਚਾਇਤ ਇਮਾਨਦਾਰੀ ਨਾਲ ਕੰਮ ਕਰੇ ਅਤੇ ਸਾਰੇ ਮੈਂਬਰਾਂ ਦੀ ਸਹਿਮਤੀ ਦੇ ਨਾਲ ਫੈਸਲੇ ਲਵੇ। ਇਸ ਲਈ ਸਮੂਹ ਪੰਚਾਇਤਾਂ ਨੂੰ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਜ਼ਿਲ੍ਹੇ ਦੇ 6 ਬਲਾਕਾਂ ਦੇ 4466 ਪੰਚਾਂ ਨੂੰ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸਰਧਾ ਅਤੇ ਨਿਸ਼ਠਾ ਰੱਖਣ, ਬਿਨਾਂ ਕਿਸੇ ਡਰ, ਪੱਖਪਾਤ, ਸੰਦੇਹ ਅਤੇ ਭਾਰਤ ਦੇ ਸੰਵਿਧਾਨ ਅਤੇ ਕਾਨੁੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ ਗਈ ਹੈ। ਲੋਕਾਂ ਨੇ ਨਵੇਂ ਚੁਣੇ ਗਏ ਪੰਚਾਂ ਤੇ ਵਿਸਵਾਸ਼ ਜਤਾਇਆ ਹੈ ਅਤੇ ਹੁਣ ਪਿੰਡ ਪੰਚਾਇਤ ਦੀ ਜਿੰਮੇਵਾਰੀ ਹੈ ਕਿ ਲੋਕਾਂ ਦੇ ਵਿਸਵਾਸ਼ ਤੇ ਖਰ੍ਹੇ ਉੱਤਰ ਕੇ ਪਿੰਡ ਦੇ ਵਿਕਾਸ ਲਈ ਯੋਗਦਾਨ ਦੇਣ।
ਇਸ ਤੋਂ ਪਹਿਲਾਂ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆਂ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ ਦਹੀਯਾ ਅਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੀ ਸਮੂਹ ਪੰਚਾਂ ਨੂੰ ਵਧਾਈ ਦਿੰਦਿਆਂ ਆਪਣਾ ਕੰਮ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਸਵੱਛ ਭਾਰਤ ਮਿਸ਼ਨ ਤਹਿਤ ਪਖਾਨੇ ਬਣਾਉਣ ਦੇ 7 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਵੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਿੱਤੇ ਗਏ। ਅਖੀਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਐੱਸ.ਐੱਸ.ਪੀ. ਮੈਡਮ ਸੋਮਿਆ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਥਿੰਦ, ਚੇਅਰਮੈਨ ਮਾਰਕਿਟ ਕਮੇਟੀ ਬਲਰਾਜ ਸਿੰਘ ਕਟੋਰਾ, ਜੁਆਇੰਟ ਸਟੇਟ ਸਕੱਤਰ ਭੁਪਿੰਦਰ ਕੌਰ ਸੰਧੂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੰਚ ਤੇ ਸਮਾਜ ਦੇ ਪਤਵੰਤੇ ਸੱਜਣ ਹਾਜ਼ਰ ਸਨ।