ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਜਾ ਰਿਹਾ ਜਾਗਰੂਕ
ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਲੋੜਵੰਦਾਂ ਨੂੰ ਰਾਸ਼ਨ ਵੀ ਕਰਵਾਇਆ ਗਿਆ ਮੁਹੱਈਆ
ਫ਼ਿਰੋਜ਼ਪੁਰ 6 ਜੁਲਾਈ 2020 ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਵਿਚ ਸਹਿਯੋਗ ਦਿੰਦਿਆਂ ਪੰਚਾਇਤ ਵਿਭਾਗ ਵੱਲੋਂ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰ ਕੇ ਇਸ ਵਾਇਰਸ ਨੂੰ ਫੈਲਣ ਤੋਂ ਰੋਕਣਾ ਹੈ।ਉਨ੍ਹਾਂ ਦੱਸਿਆ ਕਿ ਇਸ ਲਈ ਵੱਖ ਵੱਖ ਵਿਭਾਗਾਂ ਵੱਲੋਂ ਸ਼ਡਿਊਲ ਅਨੁਸਾਰ ਲਗਾਤਾਰ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਸਰਪੰਚਾ ਅਤੇ ਪੰਚਾਇਤ ਮੈਂਬਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਮਾਸਕ ਪਹਿਨਣ, ਹੱਥ ਧੋਣ, ਸਮਾਜਿਕ ਦੂਰੀ ਬਣਾਈ ਰੱਖਣ ਸਮੇਤ ਸਿਹਤ ਵਿਭਾਗ ਵੱਲੋਂ ਜਾਰੀ ਸਮੂਹ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਿਰੋਜ਼ਪੁਰ ਸ੍ਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਜਿੱਥੇ ਪਹਿਲਾਂ ਹੀ ਸਰਪੰਚਾਂ/ਪੰਚਾਂ ਵੱਲੋਂ ਪਿੰਡਾਂ ਵਿਚ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਵੰਡਿਆਂ ਗਿਆ ਹੈ, ਉੱਥੇ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਕੋਵਿਡ19 ਦੀ ਰੋਕਥਾਮ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਲੋਕਾਂ ਨੂੰ ਮਾਸਕ, ਸੈਨੀਟਾਈਜ਼ਰ ਆਦਿ ਵੀ ਵੰਡ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਵਿਚ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਅਤੇ ਐਪ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ ਅਤੇ ਨਾਲ ਹੀ ਇਸ ਐਪ ਦੁਆਰਾਂ ਲੋਕਾਂ ਨੂੰ ਸਰਕਾਰ ਦੇ ਮਿਸ਼ਨ ਫ਼ਤਿਹ ਨਾਲ ਜੁੜਨ ਬਾਰੇ ਵੀ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਨਾ ਕਰਨਾ ਸਾਡੇ ਸਾਰਿਆਂ ਲਈ ਜ਼ਰੂਰੀ ਹੈ, ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਏ ਮਿਸ਼ਨ ਫ਼ਤਿਹ ਨਾਲ ਜੁੜ ਕੇ ਕੋਰੋਨਾ ਵਾਇਰਸ ਦੀਆਂ ਸਾਵਧਾਨੀਆਂ ਦੀ ਪਾਲਨਾ ਕਰਨ ਤੇ ਇਸ ਵਾਇਰਸ ਤੋਂ ਆਪਣਾ ਤੇ ਦੂਸਰਿਆਂ ਦਾ ਬਚਾਅ ਕਰਨ।