Ferozepur News

ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਸਪੀਕਰ ਕੁਲਤਾਰ ਸੰਧਵਾਂ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਸਪੀਕਰ ਕੁਲਤਾਰ ਸੰਧਵਾਂ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਸਪੀਕਰ ਕੁਲਤਾਰ ਸੰਧਵਾਂ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

  • ਪੰਜਾਬ ਦੀ ਜਰਖੇਜ਼ ਜ਼ਮੀਨ ਤੇ ਪੌਣ-ਪਾਣੀ ਹਰ ਤਰ੍ਹਾਂ ਦੀ ਫਸਲ ਲਈ ਢੁੱਕਵਾਂ: ਸਪੀਕਰ ਸੰਧਵਾਂ
  • ਪੰਜਾਬ ਦੇ ਕਿਸਾਨਾਂ ਨੂੰ ਮਿਰਚਾਂ ਦੇ ਉਤਪਾਦਨ ਤੋਂ ਹੋਵੇਗੀ ਕਰੋੜਾਂ ਦੀ ਆਮਦਨ : ਚੇਤਨ ਸਿੰਘ ਜੌੜਾਮਾਜਰਾ
  • ਵਿਦੇਸ਼ਾਂ ਨੂੰ ਵੀ ਸਪਲਾਈ ਹੋਣਗੀਆਂ ਪੰਜਾਬ ਦੀਆਂ ਮਿਰਚਾਂ
  • ਕਿਸਾਨਾਂ ਨੂੰ ਕਣਕ-ਝੌਨੇ ਦੇ ਚੱਕਰ ਚੋਂ ਕੱਢਣਾ ਸਰਕਾਰ ਦਾ ਮੁੱਖ ਮੰਤਵ
  • ਜੌੜਾਮਾਜਰਾ ਨੇ ਕਿਸਾਨਾਂ ਨੂੰ ਸਮੂਹ ਬਣਾ ਕੇ ਖੁੱਦ ਮਿਰਚ ਦੇ ਪ੍ਰੋਸੈਸਿੰਗ ਯੂਨਿਟ ਲਗਾਉਣ ਲਈ ਕਿਹਾ

ਫ਼ਿਰੋਜ਼ਪੁਰ, 17 ਮਾਰਚ 2023:

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ ਸ. ਚੇਤਨ ਸਿੰਘ ਜੌੜਾਮਾਜਰਾ, ਆਜ਼ਾਦੀ ਘੁਲਾਟੀਆਂ, ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਪੰਜਾਬ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮਿਰਚਾਂ ਦੇ ਕਿਸਾਨਾਂ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਸ. ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਪਨਸੀਡ ਤੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਦੀ ਮੌਜੂਦਗੀ ਵਿੱਚ ਜ਼ਿਲ੍ਹੇ ਦੇ ਪਿੰਡ ਮਹਾਲਮ ਵਿਖੇ ਚਿਲੀ ਕਲੱਸਟਰ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪ੍ਰੋਜੈਕਟ ਫੇਜ਼ ਦੇ ਪੜਾਅ 1 ਦੀ ਸ਼ੁਰੂਆਤ ਕੀਤੀ ਗਈ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਤੇ ਇਸ ਲਈ ਸਰਕਾਰ ਨੇ ਖੇਤੀਬਾੜੀ ਲਈ ਬਜਟ ਵਿੱਚ ਵੱਡਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਲੁੱਟ ਨੂੰ ਪੂਰੀ ਤਰ੍ਹਾਂ ਬੰਦ ਕਰੇਗੀ ਅਤੇ ਕਿਰਤ ਕਰਨ ਵਾਲਿਆਂ ਦਾ ਸਨਮਾਨ ਹੋਵੇਗਾ। ਉਨ੍ਹਾਂ ਕਿਹਾ ਕਿ ਖੇਤੀ ਤੇ ਸਹਾਇਕ ਧੰਦਿਆਂ ਦੀ ਉੱਨਤੀ ਲਈ ਕਿਸਾਨ ਬੀਬੀਆਂ ਦਾ ਵੀ ਵੱਡਾ ਯੋਗਦਾਨ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਚਿਲੀ ਕਲਸਟਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ  ਮੁੱਲ ਲੜੀ ਵਿੱਚ ਵਧੀ ਹੋਈ ਕੁਸ਼ਲਤਾ ਅਤੇ ਤਕਨੀਕੀ ਏਕੀਕਰਣ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਉਪਜ ਦੀ ਦਿੱਖ ਨੂੰ ਹੋਰ ਸੁਧਾਰੇਗਾ।

ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਵਿੱਚ ਮਿਰਚਾਂ ਦੀ ਪੈਦਾਵਾਰ ਲਗਭਗ 9,920 ਹੈਕਟੇਅਰ ਰਕਬੇ ਵਿੱਚੋਂ 19,963 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਹੁੰਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫ਼ਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸਬੀਐਸ ਨਗਰ ਅਤੇ ਹੁਸ਼ਿਆਰਪੁਰ ਹਨ। ਇਨ੍ਹਾਂ ਵਿੱਚੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ ਵਿੱਚ ਮਿਰਚਾਂ ਦੀ ਪੈਦਾਵਾਰ ਹੁੰਦੀ ਹੈ।  ਇਸ ਤੋਂ ਬਾਅਦ 1195 ਹੈਕਟੇਅਰ ਨਾਲ ਜਲੰਧਰ ਅਤੇ 1106 ਹੈਕਟੇਅਰ ਨਾਲ ਤਰਨਤਾਰਨ ਦਾ ਨੰਬਰ ਆਉਂਦਾ ਹੈ।  ਪੰਜਾਬ ਵਿੱਚ ਮਿਰਚ ਦੀ ਵੱਧ ਤੋਂ ਵੱਧ ਉਤਪਾਦਕਤਾ 19 ਮੀਟਰਿਕ ਟਨ/ਹੈਕਟੇਅਰ ਹੈ।  ਮਿਰਚ ਦੀ ਖੇਤੀ 8000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 16,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ ‘ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਮਿਰਚ ਦੀ ਫ਼ਸਲ ਦਾ ਉਚਿਤ ਭਾਅ ਨਹੀਂ ਮਿਲਦਾ ਸੀ ਜਿਸ ਕਾਰਨ ਕਿਸਾਨ ਫ਼ਸਲੀ ਵਿਭਿੰਨਤਾ ਤੋਂ ਬੇਮੁੱਖ ਹੋ ਰਹੇ ਸਨ ਪਰ ਹੁਣ ਇਸ ਕਲੱਸਟਰ ਦੇ ਬਣਨ ਨਾਲ ਕਿਸਾਨਾਂ ਦੀ ਮਿਰਚ ਦੀ ਫ਼ਸਲ ਦਾ ਮੰਡੀਕਰਨ ਸਫ਼ਲ ਢੰਗ ਨਾਲ਼ ਹੋ ਸਕੇਗਾ ਅਤੇ ਉਨ੍ਹਾਂ ਨੂੰ ਵਧੀਆ ਮੁਨਾਫ਼ਾ ਵੀ ਹੋਵੇਗਾ।

ਮਿਰਚਾਂ ਦੇ ਇਸ ਕਲਸਟਰ ਦੇ ਉਦਘਾਟਨ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵਲੋਂ ਖ਼ੁਦ ਪਿੰਡ ਅਟਾਰੀ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਤੋਂ ਮਿਰਚਾਂ ਦੀਆਂ ਵੱਖ-ਵੱਖ ਕਿਸਮਾਂ ਦੀ ਜਾਣਕਾਰੀ ਲਈ ਗਈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚ ਉਤਪਾਦਕਾਂ ਨੇ ਬਾਗਬਾਨੀ ਵਿਭਾਗ ਦੇ ਤਕਨੀਕੀ ਸਹਿਯੋਗ ਅਤੇ ਨਿੱਜੀ ਖੇਤਰ ਦੇ ਸੰਸਥਾਵਾਂ ਦੇ ਸਹਿਯੋਗ ਨਾਲ 19 ਜਨਵਰੀ 2023 ਨੂੰ ਮਿਰਚ ਕਲੱਸਟਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਸੀ। ਇਸ ਕਲੱਸਟਰ ਅਤੇ ਹੋਰ ਕਈ ਕਲੱਸਟਰਾਂ ਵਿੱਚ ਬਾਗਬਾਨੀ ਉਤਪਾਦਕਾਂ ਦੇ ਉਤਸ਼ਾਹ ਨੇ ਪੰਜਾਬ ਸਰਕਾਰ ਨੂੰ ਸੂਬੇ ਯੋਜਨਾਬੱਧ ਗਤੀਵਿਧੀਆਂ ਦੇ ਰੋਜ਼ਾਨਾ ਪ੍ਰਬੰਧਨ ਲਈ ਪ੍ਰੋਜੈਕਟ ਡਾਇਰੈਕਟੋਰੇਟ, ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (ਪੀ.ਐਮ.ਯੂ) ਸਥਾਪਤ ਕੀਤਾ ਜਾਵੇਗਾ ਅਤੇ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਪ੍ਰੋਜੈਕਟ ਮੁਲਾਂਕਣ ਅਤੇ ਪ੍ਰਵਾਨਗੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ।

ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਨ੍ਹਾਂ ਨਵੀਆਂ ਪਹਿਲਕਦਮੀਆਂ ਨੂੰ ਅਗੇ ਲਿਜਾਉਣ ਲਈ ਆਪਣੇ ਵਡਮੁੱਲੇ ਵਿਚਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਦਕਾ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਤਕਨੀਕੀ ਜਾਣਕਾਰੀ ਤੋਂ ਇਲਾਵਾ ਵਿਤੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਟਰੇਨਿੰਗਾਂ/ਕੈਂਪਾਂ /ਸੈਮੀਨਾਰਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਥੋੜੀ ਜਮੀਨ ਵਿੱਚੋਂ ਜਿਆਦਾ ਆਮਦਨ ਲੈ ਸਕਣ।

ਇਸ ਤੋਂ ਪਹਿਲਾਂ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ, ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਵੱਲੋਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਨੂੰ ਜੀ ਆਇਆ ਕਿਹਾ ਤੇ ਮੰਗ ਕੀਤੀ ਕਿ ਫ਼ਿਰੋਜ਼ਪੁਰ ਨੂੰ ਚਿਲੀ ਅਸਟੇਟ ਬਣਾਉਣ ਤੋਂ ਇਲਾਵਾ ਇਸ ਨੂੰ ਬਾਗਬਾਨੀ ਅਸਟੇਟ ਬਣਾਇਆ ਜਾਵੇ। ਉਨ੍ਹਾਂ ਵੱਲੋਂ ਮਿਰਚਾਂ ਨਾਲ ਸਬੰਧਤ ਉਦਯੋਗ ਲਾਉਣ ਦੀ ਵੀ ਅਪੀਲ ਕੀਤੀ ਗਈ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਕਿਸਾਨਾਂ, ਕਿਸਾਨ ਬੀਬੀਆਂ ਅਤੇ ਸੈਲਫ਼ ਹੈਲਪ ਗਰੁੱਪਾਂ, ਕਿਸਾਨ ਕਲੱਬਾਂ ਦੇ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਸ. ਚੰਦ ਸਿੰਘ ਗਿੱਲ ਤੋਂ ਇਲਾਵਾ ਸ੍ਰੀ ਅਮਿਤ ਕੁਮਾਰ ਆਈ.ਏ.ਐਸ. ਸੰਯੁਕਤ ਵਿਕਾਸ ਕਮਿਸ਼ਨਰ-ਕਮ-ਸੀ.ਈ.ਓ. ਪੀ.ਐਸ.ਆਰ.ਐਲ.ਐਮ. ਮੋਹਾਲੀ,  ਡਾਇਰੈਕਟਰ ਬਾਗਬਾਨੀ ਪੰਜਾਬ ਸ਼ੈਲਿੰਦਰ ਕੌਰ ਅਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਸ਼ਰਮਾ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button