Ferozepur News

ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਤੇ 2 ਹਜ਼ਾਰ ਕਰੋੜ ਰੁਪਏ ਖ਼ਰਚੇ ਜਾਣਗੇ- ਰਾਣਾ ਸੋਢੀ ਗੁਰੂਹਰਸਹਾਏ ਸਬ-ਡਵੀਜਨ ਦੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 28 ਕਰੋੜ ਖ਼ਰਚ ਹੋਣਗੇ ਗੁਰੂਹਰਸਹਾਏ ਸਬ-ਡਵੀਜਨ ਦੇ ਪਿੰਡਾਂ ਤੇ ਸਕੂਲਾਂ ਦੇ ਵਿਕਾਸ ਲਈ 1 ਕਰੋੜ 90 ਲੱਖ ਰੁਪਏ ਦੇ ਚੈੱਕ ਵੰਡੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਇਆ ਜਾਵੇਗਾ ਵਿਸ਼ੇਸ਼ ਅਭਿਆਨ

ਗੁਰੂਹਰਸਹਾਏ (ਫਿਰੋਜ਼ਪੁਰ) 11 ਜੂਨ 2018 (Manish Bawa  ) ਪੰਜਾਬ ਸਰਕਾਰ ਵੱਲੋਂ ਰਾਜ ਵਿਚ ਲਿੰਕ ਸੜਕਾਂ ਦੀ ਮੁਰੰਮਤ ਤੇ 2 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ, ਜਿਸ ਤਹਿਤ ਸਾਰੀਆਂ ਲਿੰਕ ਸੜਕਾਂ ਨੂੰ ਨਵਿਆਇਆ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰੂਹਰਸਹਾਏ ਵਿਖੇ ਹਲਕੇ ਦੀਆਂ ਪੰਚਾਇਤਾਂ ਅਤੇ ਸਕੂਲਾਂ ਲਈ 1 ਕਰੋੜ 90 ਲੱਖ ਦੇ ਵਿਕਾਸ ਕਾਰਜਾਂ ਦੇ ਚੈੱਕ ਜਾਰੀ ਕਰਨ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤੀ।
ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਜੀ ਦੀ ਅਗਵਾਈ ਹੇਠ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਇਤਿਹਾਸਕ ਫ਼ੈਸਲਾ ਹੈ, ਜਿਸ ਨਾਲ ਰਾਜ ਦੇ ਲੱਖਾਂ ਛੋਟੇ ਤੇ ਗ਼ਰੀਬ  ਕਿਸਾਨਾਂ ਨੂੰ ਲਾਭ ਮਿਲਿਆ ਹੈ ਉੱਥੇ ਹੀ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਰਾਜ ਨੂੰ ਤੇ ਇੱਥੋਂ ਦੇ ਵਸਨੀਕਾਂ ਨੂੰ ਹਰ ਪੱਖੋਂ ਸਿਹਤਮੰਦ ਬਣਾਉਣ ਲਈ ਵੱਡੀ ਪੱਧਰ ਤੇ ਮੁਹਿੰਮ ਚਲਾਈ ਗਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਵਪੱਖੀ ਵਿਕਾਸ ਦਾ ਵੀ ਅਹਿਦ ਕੀਤਾ ਗਿਆ ਹੈ। 
ਸ਼੍ਰੀ ਰਾਣਾ ਸੋਢੀ ਨੇ ਕਿਹਾ ਕਿ ਗੁਰੂਹਰਸਹਾਏ ਸਬ-ਡਵੀਜਨਾਂ ਦੇ ਸਕੂਲਾਂ ਵਿਚ ਕਮਰਿਆਂ, ਪਖਾਨਿਆਂ, ਪੀਣ ਵਾਲੇ ਪਾਣੀ, ਬੁਨਿਆਦੀ ਢਾਂਚੇ ਦੇ ਵਿਕਾਸ ਆਦਿ ਤੇ 28 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਤਹਿਤ ਅੱਜ ਸਕੂਲਾਂ ਲਈ 90 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੀ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ ਪੰਚਾਇਤਾਂ ਨੂੰ 1 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ/ਪੰਚਾਇਤਾਂ ਨੂੰ ਕਿਹਾ ਕਿ ਇਸ ਰਾਸ਼ੀ ਦੀ ਸਹੀ ਤੇ ਸੁਚੱਜੀ ਵਰਤੋਂ ਹੋਣੀ ਚਾਹੀਦੀ ਹੈ। ਵਿਕਾਸ ਦੇ ਕੰਮਾਂ ਵਿਚ ਭ੍ਰਿਸ਼ਟਾਚਾਰ ਕਿਸੇ ਕੀਮਤ ਤੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 
ਸ਼੍ਰੀ ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਜੀ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਸ਼ੇਸ਼ ਮੁਹਿੰਮ  ਚਲਾਈ ਜਾਵੇਗੀ, ਜਿਸ ਤਹਿਤ ਵਿਦਿਆਰਥੀਆਂ/ਨੌਜਵਾਨਾਂ ਤੇ ਆਮ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਵਿਚ ਖੇਡ ਗਤੀਵਿਧੀਆਂ ਲਈ ਵਿਸ਼ੇਸ਼ ਪੀਰੀਅਡ ਲਗਾਏ ਜਾਣਗੇ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾਣਗੀਆਂ, ਪਿੰਡਾਂ ਵਿਚ ਖੇਡ ਕਲੱਬਾਂ, ਸਿੱਖਿਆ ਸੰਸਥਾਵਾਂ ਵਿਚ ਖੇਡ ਵਿੰਗਾਂ, ਖੇਡ ਸਟੇਡੀਅਮ, ਖੇਡ ਜ੍ਰਿਮਾਂ ਆਦਿ ਵਿਚ ਵਾਧਾ ਕਰਕੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣ ਕੇ ਪੰਜਾਬ ਨੂੰ ਤੰਦਰੁਸਤ ਤੇ ਹੋਰ ਸੋਹਣਾ ਪੰਜਾਬ ਬਣਾਉਣ ਲਈ ਕੰਮ ਕਰਨ। 
ਇਸ ਮੌਕੇ ਗੁਰੂ ਹਰਦੀਪ ਸਿੰਘ ਸੋਢੀ, ਸ੍ਰ: ਰਵਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰ: ਚਰਨਦੀਪ ਸਿੰਘ ਐਸ.ਡੀ.ਐਮ ਗੁਰੂਹਰਸਹਾਏ, ਸ੍ਰ: ਰਜਿੰਦਰ ਸਿੰਘ ਡੀ.ਡੀ.ਪੀ.ਓ, ਐਡਵੋਕੇਟ ਸ਼ਵਿੰਦਰ ਸਿੰਘ ਸਿੱਧੂ, ਸ਼੍ਰੀ ਰਵੀ ਸ਼ਰਮਾ, ਰਾਜੂ ਸਾਈਆਂ, ਸ਼੍ਰੀ ਹੰਸਰਾਜ ਬੱਟੀ, ਸ਼੍ਰੀ ਭੀਮ ਕੰਬੋਜ, ਸ੍ਰ: ਦਵਿੰਦਰ ਸਿੰਘ ਜੰਗ, ਸ੍ਰ: ਨੇਕ ਸਿੰਘ ਡੀ.ਈ.ਓ (ਸੈੰ.), ਸ਼੍ਰੀ ਪ੍ਰਦੀਪ ਸ਼ਰਮਾ ਡੀ.ਈ.ਓ (ਐਲੀ.), ਸ਼੍ਰੀਮਤੀ ਮਧੂਰਿਤਾ ਡਿਪਟੀ ਡਾਇਰੈਕਟਰ ਪੰਚਾਇਤੀ ਰਾਜ, ਸ੍ਰ: ਸੁਖਵਿੰਦਰ ਸਿੰਘ ਡਿਪਟੀ ਡੀ.ਈ.ਓ (ਸੈ.), ਸ਼੍ਰੀ ਪ੍ਰਗਟ ਸਿੰਘ ਬਰਾੜ ਡਿਪਟੀ ਡੀ.ਈ.ਓ (ਐਲੀ.), ਸ਼੍ਰੀ ਸੁਨੀਲ ਕੁਮਾਰ ਜ਼ਿਲ੍ਹਾ ਖੇਡ ਅਫ਼ਸਰ, ਸ੍ਰ: ਜਗਦੀਪ ਪਾਲ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
 
 

 

Related Articles

Back to top button