ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਭੁੱਲਰ
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ
ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਭੁੱਲਰ
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ
ਇਲਾਜ ਲਈ ਆਏ ਲੋਕਾਂ ਦਾ ਹਾਲ-ਚਾਲ ਜਾਣਿਆ
ਫਿਰੋਜ਼ਪਰ, 2 ਮਾਰਚ 2023.
ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬਿਹਤਰ ਸਿਹਤ, ਸਿੱਖਿਆ ਸੇਵਾਵਾਂ ਦੇਣ ਦੇ ਨਾਲ-ਨਾਲ ਰਾਜ ਦੇ ਬਹੁਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਰਾਜ ਵਿੱਚ ਸਿਹਤ ਸੇਵਾਵਾਂ ਦੇ ਵਿਸਥਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਜ਼ਿਲ੍ਹਾ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਨੀਤਾ ਭੁੱਲਰ ਸਮੇਤ ਹਸਪਤਾਲ ਦਾ ਹੋਰ ਅਮਲਾ ਵੀ ਹਾਜ਼ਰ ਸੀ।
ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕਰਨ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਇਲਾਜ ਕਰਵਾਉਣ ਲਈ ਆਏ ਹੋਏ ਲੋਕਾਂ ਦਾ ਹਾਲ-ਚਾਲ ਜਾਣਿਆਂ ਅਤੇ ਉਨ੍ਹਾਂ ਤੋਂ ਹਸਪਤਾਲ ਦੇ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਹਸਪਤਾਲ ਦਾ ਦੌਰਾ ਕਰਨ ਮੌਕੇ ਉਨ੍ਹਾਂ ਨੇ ਖੁਦ ਲਾਈਨ ਵਿੱਚ ਲੱਗ ਕੇ ਪਰਚੀ ਕਟਵਾਈ ਅਤੇ ਆਮ ਲੋਕਾਂ ਵਾਂਗ ਆਪਣਾ ਚੈਕਅੱਪ ਕਰਵਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਲੋਕਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵਾਸ ਵਧਿਆ ਹੈ ਅਤੇ ਹੁਣ ਪਹਿਲਾਂ ਨਾਲੋਂ ਤਿੰਨ ਗੁਣਾਂ ਵੱਧ ਲੋਕ ਆਪਣੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿੱਚ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਮੁਰੰਮਤ ਦਾ ਕੰਮ ਚੱਲਦਾ ਹੋਣ ਕਰਕੇ ਪਰਚੀ ਕਟਵਾਉਣ ਵਾਲੀ ਖਿੜਕੀ ਆਈ ਬਲੋਕ ਵਿੱਚ ਬਣਾਈ ਗਈ ਅਤੇ ਮੁਰੰਮਤ ਦਾ ਕੰਮ ਮੁਕੰਮਲ ਹੋਣ ਉਪਰੰਤ ਪਰਚੀ ਲਈ ਲੱਗਣ ਵਾਲੀ ਲੰਮੀ ਲਾਈਨ ਨੂੰ ਘੱਟ ਕਰਨ ਲਈ ਜ਼ਿਆਦਾ ਪਰਚੀ ਕਾਊਂਟਰ ਬਣਾਏ ਜਾਣਗੇ।
ਵਿਧਾਇਕ ਸ. ਭੁੱਲਰ ਨੇ ਇਸ ਮੌਕੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਇਸ ਕੰਮ ਲਈ ਹਸਪਤਾਲ ਵਿੱਚ ਡਾਕਟਰਾਂ ਅਤੇ ਹੋਰ ਲੋੜੀਂਦੇ ਉਪਕਰਨਾਂ ਦੀ ਘਾਟ ਨੂੰ ਬਹੁਤ ਹੀ ਜਲਦੀ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਸੀਵਰੇਜ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੇ ਹਸਪਤਾਲ ਦੇ ਸਮੂਹ ਡਾਕਟਰਾਂ ਅਤੇ ਹੋਰ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਸੇਵਾ ਭਾਵਨਾ ਨਾਲ ਮਰੀਜਾਂ ਦਾ ਇਲਾਜ ਕਰਨ ਤਾਂ ਜੋ ਉਨ੍ਹਾਂ ਨੂੰ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਆਪ ਆਗੂ ਸ੍ਰੀ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।