Ferozepur News

ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ-ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ

ਫ਼ਿਰੋਜ਼ਪੁਰ 24 ਜੁਲਾਈ 2018 ( ) ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵੱਲੋਂ ਜਿੱਥੇ ਹਰ ਵਰਗ ਦੀ ਭਲਾਈ ਲਈ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ ਉੱਥੇ ਦਲਿਤ ਅਤੇ ਪੱਛੜੇ ਵਰਗਾਂ ਦੇ ਲੋਕਾਂ ਦੇ 50 ਹਜ਼ਾਰ ਰੁਪਏ ਤੱਕ ਦੇ ਵੀ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਉਹ ਅੱਜ ਆਪਣੀ ਰਿਹਾਇਸ਼ ਫ਼ਿਰੋਜ਼ਪੁਰ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ 44 ਲਾਭਪਾਤਰੀਆਂ ਨੂੰ 19 ਲੱਖ 73 ਹਜ਼ਾਰ 908 ਰੁਪਏ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਦੇ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ਹਲਕੇ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਕਰਨ ਸਬੰਧੀ ਮੌਕੇ ਤੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। 

ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਦੇ ਤਹਿਤ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਦੀ ਪਛਾਣ ਕਰਕੇ ਹੇਠਲੇ ਪੱਧਰ ਤੱਕ ਸਾਰੀਆਂ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਖੋਲ੍ਹੇ ਗਏ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਕਿੱਤਾ ਮੁਖੀ ਕੋਰਸ ਕਰਵਾ ਕੇ ਨੌਜਵਾਨਾਂ ਨੂੰ ਆਪਣੇ ਪੈਰਾ ਤੇ ਖੜ੍ਹਾ ਕੀਤਾ ਜਾ ਰਿਹਾ ਹੈ ਅਤੇ ਰੋਜ਼ਗਾਰ ਮੇਲਿਆਂ ਰਾਹੀਂ ਨਾਮੀ ਕੰਪਨੀਆਂ ਵਿੱਚ ਯੁਵਾਵਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਪ੍ਰਤੀ ਜਾਗਰੂਕ ਕਰਨ ਦੇ ਲਈ ਖੇਡ ਵਿਭਾਗ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਵੀ ਸਰਕਾਰ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਆਧੁਨਿਕ ਤਕਨੀਕਾਂ ਰਾਹੀਂ ਖੇਤੀ ਕਰਕੇ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਕੀਤਾ ਜਾ ਰਿਹਾ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਵੀ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਪੱਧਰ ਤੇ ਜਿੱਥੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਉੱਥੇ ਮਿਲਾਵਟ ਖੋਰੀ ਨੂੰ ਰੋਕਣ ਦੇ ਲਈ ਵੀ ਵੱਡੇ ਪੱਧਰ ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਡਾਂ ਵੱਲ ਧਿਆਨ ਦੇਣ ਅਤੇ ਦੇਸ਼ ਦੀ ਤਰੱਕੀ ਦੇ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਨੇ ਕਿਹਾ ਕਿ ਅੱਜ ਦਲਿਤ ਤੇ ਪਛੜੇ ਵਰਗ ਦੇ ਲੋਕਾਂ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਕੇ ਕਰਜ਼ਾ ਰਾਹਤ ਸਰਟੀਫਿਕੇਟ ਦਿੱਤੇ ਗਏ ਹਨ ਅਤੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਹਲਕਾ ਗੁਰੂਹਰਸਹਾਏ ਦੇ 44 ਲਾਭਪਾਤਰੀਆਂ ਨੂੰ 19 ਲੱਖ 73 ਹਜ਼ਾਰ 908 ਰੁਪਏ ਦੇ ਕਰਜ਼ੇ ਮੁਆਫ਼ ਕਰਕੇ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਦਾ ਲਾਭ ਦਿਵਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਡਿਪਟੀ ਡਾਇਰੈਕਟਰ ਸੁਸ਼ੀਲ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ, ਡੀ.ਐੱਸ.ਪੀ. ਜਸਵੀਰ ਸਿੰਘ, ਜ਼ਿਲ੍ਹਾ ਮੈਨੇਜਰ ਤਲਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

Related Articles

Back to top button