ਪੱਤਰਕਾਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਲਈ ਹੁੰਦੀ ਹੈ ਅਹਿਮ – ਡੀ.ਸੀ.
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਕੀਤੀ ਵਿਸ਼ੇਸ਼ ਬੈਠਕ
ਪੱਤਰਕਾਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਲਈ ਹੁੰਦੀ ਹੈ ਅਹਿਮ – ਡੀ.ਸੀ.
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਕੀਤੀ ਵਿਸ਼ੇਸ਼ ਬੈਠਕ
ਫਿਰੋਜ਼ਪੁਰ, 1 ਅਕਤੂਬਰ 2024: ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਵਿੱਚ ਪ੍ਰੈਸ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਪੱਤਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰਦੇ ਹਨ ਅਤੇ ਇਨ੍ਹਾਂ ਵੱਲੋਂ ਦਿੱਤੀਆਂ ਗਈਆਂ ਸੂਚਨਾਵਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਲਈ ਅਹਿਮ ਹੁੰਦੀਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਮਾਜਿਕ ਅਲਾਮਤਾਂ ਦੇ ਖਾਤਮੇ ਅਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਵਿੱਚ ਪ੍ਰੈਸ ਵੱਲੋਂ ਦਿੱਤੀ ਜਾਂਦੀ ਫੀਡਬੈਕ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰੈਸ ਤੇ ਪ੍ਰਸ਼ਾਸਨ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹੇ ਵਿੱਚ ਸੁਚੱਜੇ ਪ੍ਰਸ਼ਾਸਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਸਮਾਂਬੱਧ ਤਰੀਕੇ ਨਾਲ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਪੱਤਰਕਾਰ ਭਾਈਚਾਰੇ ਵਲੋਂ ਡਿਪਟੀ ਕਮਿਸ਼ਨਰ ਨੂੰ ਜੀ ਆਇਆਂ ਕਿਹਾ ਗਿਆ ਅਤੇ ਵਿਸ਼ਵਾਸ ਦਵਾਇਆ ਕਿ ਜ਼ਿਲ੍ਹੇ ਦੇ ਵਿਕਾਸ, ਭਲਾਈ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।