ਫਿਰੋਜ਼ਪੁਰ ਵਿਖੇ ਨੈਸ਼ਨਲ ਫੂਡ ਸਕਿਉਰਿਟੀ ਐਕਟ ਸਬੰਧੀ ਵਰਕਸ਼ਾਪ ਦਾ ਆਯੋਜਨ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਵਿਖੇ ਨੈਸ਼ਨਲ ਫੂਡ ਸਕਿਉਰਿਟੀ ਐਕਟ ਸਬੰਧੀ ਵਰਕਸ਼ਾਪ ਦਾ ਆਯੋਜਨ
ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਵੱਲੋਂ ਆਪਣੇ-ਆਪਣੇ ਵਿਭਾਗਾਂ ਦੀਆਂ ਸਕੀਮਾਂ ਬਾਰੇ ਸਮੂਹ ਹਾਜ਼ਰੀਨ ਨੂੰ ਕਰਵਾਇਆ ਜਾਣੂੰ
ਹੈਲਪਲਾਈਨ ਨੰ:98767-64545 ਤੇ ਜੀ.ਓ.ਜੀ ਤੇ ਲੋਕ ਦਰਜ ਕਰਵਾ ਸਕਦੇ ਹਨ ਆਪਣੀ ਸ਼ਿਕਾਇਤ- ਮੈਂਬਰ ਪੰਜਾਬ ਰਾਜ ਫੂਡ ਕਮਿਸ਼ਨ
ਆਂਗਣਵਾੜੀ ਸੈਂਟਰਾਂ ਰਾਹੀਂ ਪੂਰਕ ਪੋਸ਼ਕ ਆਹਾਰ ਪ੍ਰੋਗਰਾਮ ਅਧੀਨ ਗਰਭਵਤੀ ਅਤੇ ਦੁੱਧ ਪਿਲਾਊ ਮਾਵਾਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ ਖਾਣਾ-ਰਤਨਦੀਪ ਸੰਧੂ
ਜ਼ਿਲ੍ਹੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ 854 ਸਕੂਲਾਂ ਵਿੱਚ ਰੋਜ਼ਾਨਾ ਦਿੱਤਾ ਜਾਂਦਾ ਹੈ ਮਿੱਡ-ਡੇ-ਮੀਲ-ਡਿਪਟੀ ਡੀ.ਈ.ਓ
ਫਿਰੋਜ਼ਪੁਰ 22 ਅਕਤੂਬਰ 2019 ( ) ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਲਈ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਵਿਖੇ ਇੱਕ ਵਰਕਸ਼ਾਪ ਆਯੋਜਿਤ ਕੀਤੀ ਗਈ। ਜਿਸ ਵਿੱਚ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀ) ਦੀਆਂ ਟੀਮਾਂ ਨੂੰ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਵੱਲੋਂ ਇਸ ਐਕਟ ਤਹਿਤ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣੂੰ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ। ਵਰਕਸ਼ਾਪ ਵਿੱਚ ਵਿਸ਼ੇਸ਼ ਤੌਰ ਤੇ ਮੈਂਬਰ ਪੰਜਾਬ ਰਾਜ ਫੂਡ ਕਮਿਸ਼ਨ ਸ੍ਰੀਮਤੀ ਕਿਰਨਪ੍ਰੀਤ ਕੌਰ ਪਹੁੰਚੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਰਵਿੰਦਰਪਾਲ ਸਿੰਘ ਸੰਧੂ, ਮੇਜਰ ਜਨ. ਐੱਸ.ਐੱਸ. ਚੌਹਾਨ (ਜੀ.ਓ.ਜੀ), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰ. ਹਰਜਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਤਨਦੀਪ ਸੰਧੂ, ਡਿਪਟੀ ਡੀ.ਈ.ਓ. ਐਲੀਮੈਂਟਰੀ ਸ੍ਰ. ਸੁਖਵਿੰਦਰ ਸਿੰਘ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਇਹ ਵਰਕਸ਼ਾਪ ਸ੍ਰੀਮਤੀ ਕਿਰਨਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਨੈਸ਼ਨਲ ਫੂਡ ਸਕਿਉਰਿਟੀ ਐਕਟ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ, ਸਿੱਖਿਆ ਅਤੇ ਫੂਡ ਸਪਲਾਈ ਵਿਭਾਗ ਵੱਲੋਂ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ ਜਿਸ ਦੀ ਜਾਣਕਾਰੀ ਸਬੰਧੀ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਨੇ ਦੱਸਿਆ ਕਿ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਗਰਭਵਤੀ ਅਤੇ ਦੁੱਧ ਪਿਲਾਊ ਮਾਵਾਂ ਨੂੰ ਆਂਗਣਵਾੜੀ ਸੈਂਟਰਾਂ ਰਾਹੀਂ ਪੂਰਕ ਪੋਸ਼ਕ ਆਹਾਰ ਪ੍ਰੋਗਰਾਮ ਅਧੀਨ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਔਰਤ ਨੂੰ ਪਹਿਲੇ ਬੱਚੇ ਦੇ ਜਣੇਪੇ ਸਮੇਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਕੀਮ ਅਧੀਨ ਤਿੰਨ ਕਿਸ਼ਤਾਂ ਵਿੱਚ 5 ਹਜ਼ਾਰ ਰੁਪਏ ਦਾ ਲਾਭ ਦਿੱਤਾ ਜਾਂਦਾ ਹੈ। ਆਂਗਣਵਾੜੀ ਸੈਂਟਰਾਂ ਰਾਹੀਂ ਬੱਚੇ ਦੇ ਪਹਿਲੇ 6 ਮਹੀਨਿਆਂ ਦੀ ਉਮਰ ਦੌਰਾਨ ਮਾਂ ਦਾ ਦੁੱਧ ਪਿਲਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ 6 ਮਹੀਨੇ ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਪੂਰਕ ਪੋਸ਼ਕ ਆਹਾਰ ਪ੍ਰੋਗਰਾਮ ਅਧੀਨ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। 6 ਤੋਂ 14 ਸਾਲ ਦੇ ਬੱਚਿਆਂ ਨੂੰ ਸਕੂਲਾਂ ਰਾਹੀਂ ਦੁਪਹਿਰ ਦਾ ਭੋਜਨ (ਮਿੱਡ ਡੇਅ ਮੀਲ) ਮੁਹੱਈਆ ਕਰਵਾਇਆ ਜਾਂਦਾ ਹੈ। ਹਰ ਹਿੱਕ ਯੋਗ ਲਾਭਪਾਤਰੀ ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟਰਡ ਹੋ ਕੇ ਇਹ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕੁਪੋਸ਼ਣ ਨੂੰ ਖ਼ਤਮ ਕਰਨ ਲਈ ਸਰਕਾਰ ਵੱਲੋਂ ਪੜ੍ਹਾਅਵਾਰ ਪੋਸ਼ਣ ਅਭਿਆਨ (ਨੈਸ਼ਨਲ ਨਿਊਟ੍ਰੀਸ਼ਨ ਮਿਸ਼ਨ) ਲਾਗੂ ਕੀਤਾ ਗਿਆ ਹੈ, ਜਿਸ ਦਾ ਮੰਤਵ 0 ਤੋਂ 6 ਸਾਲ ਦੇ ਬੱਚਿਆਂ ਅਤੇ ਗਰਭਵਤੀ ਅਤੇ ਦੁੱਧ ਪਿਲਾਊ ਮਾਵਾਂ ਦਾ ਨਿਊਟ੍ਰੀਸ਼ਨ ਸਟੇਟਸ ਉੱਚਾ ਚੁੱਕਣਾ ਹੈ।
ਡਿਪਟੀ ਡੀ.ਈ.ਓ. ਸ੍ਰ. ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ 854 ਸਕੂਲਾਂ ਵਿੱਚ ਰੋਜ਼ਾਨਾ ਮਿੱਡ-ਡੇ-ਮੀਲ ਦਿੱਤਾ ਜਾਂਦਾ ਹੈ। ਜਿਸ ਵਿੱਚ ਪ੍ਰਾਇਮਰੀ ਪੱਧਰ ਤੇ (ਪਹਿਲੀ ਤੋਂ ਪੰਜਵੀਂ) ਜਮਾਤ ਦੇ 44,634, ਅੱਪਰ ਪ੍ਰਾਇਮਰੀ (ਛੇਵੀਂ ਤੋਂ ਅੱਠਵੀਂ) ਜਮਾਤ ਦੇ 26,573 ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਸਕੂਲਾਂ ਵਿੱਚ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅਨਾਜ (ਕਣਕ ਅਤੇ ਚਾਵਲ) 100 ਗ੍ਰਾਮ ਪ੍ਰਤੀ ਬੱਚਾ ਪ੍ਰਤੀ ਦਿਨ ਪ੍ਰਾਇਮਰੀ ਅਤੇ 150 ਗ੍ਰਾਮ ਪ੍ਰਤੀ ਬੱਚਾ ਪ੍ਰਤੀ ਦਿਨ ਅਪਰ ਪ੍ਰਾਇਮਰੀ ਲਈ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ। ਪੇਟ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਸਕੂਲਾਂ ਵਿੱਚ ਬੱਚਿਆਂ ਨੂੰ ਹਫ਼ਤਾਵਾਰੀ ਮੁਫ਼ਤ ਆਇਰਨ ਫੋਲਿਕ ਐਸਿਡ ਅਤੇ ਸਾਲ ਵਿੱਚ ਦੋ ਵਾਰ ਮੁਫ਼ਤ ਐਲਬੈਂਡਾਜ਼ੋਲ ਦੀਆਂ ਗੋਲੀਆਂ ਦਿੱਤੀਆਂ ਜਾਂਦੀਆਂ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਪੱਧਰ ਤੇ ਇਹ ਸਕੀਮ ਮੁੱਖ ਸਕੱਤਰ ਦੀ ਦੇਖ-ਰੇਖ ਹੇਠ ਅਤੇ ਜ਼ਿਲ੍ਹਾ ਪੱਧਰ ਤੇ ਇਹ ਸਕੀਮ ਡਿਪਟੀ ਕਮਿਸ਼ਨਰ ਦੀ ਦੇਖ-ਰੇਖ ਵਿੱਚ ਚੱਲ ਰਹੀ ਹੈ। ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਸੋਨਾ ਸਿੰਘ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਦੋ ਤਰ੍ਹਾਂ ਦੇ ਕਾਰਡ ਇੱਕ ਪੀ.ਐੱਸ ਅਤੇ ਦੂਸਰਾ ਅਣਤੋਦਿਆ ਕਾਰਡ ਚੱਲ ਰਿਹਾ ਹੈ। ਪੀ.ਐੱਚ ਕਾਰਡ ਹੋਲਡਰ ਨੂੰ 5 ਕਿੱਲੋ ਪ੍ਰਤੀ ਜੀਅ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਕਣਕ ਅਤੇ ਅਣਤੋਲਿਆ ਕਾਰਡ 35 ਕਿੱਲੋ ਪ੍ਰਤੀ ਮਹੀਨਾ ਪ੍ਰਤੀ ਕਾਰਡ ਦੇ ਹਿਸਾਬ ਨਾਲ ਕਣਕ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ ਤੋਂ ਸਤੰਬਰ 2019 ਦੀ ਕਣਕ ਦੀ ਵੰਡ ਚੱਲ ਰਹੀ ਹੈ।
ਇਸ ਉਪਰੰਤ ਮੈਂਬਰ ਪੰਜਾਬ ਰਾਜ ਫੂਡ ਕਮਿਸ਼ਨ ਸ੍ਰੀਮਤੀ ਕਿਰਨਪ੍ਰੀਤ ਕੌਰ ਨੂੰ ਇਨ੍ਹਾਂ ਸਾਰੀਆਂ ਸਕੀਮਾਂ ਸਬੰਧੀ ਲੋਕਾਂ ਵੱਲੋਂ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂੰ ਕਰਵਾਇਆ। ਜਿਸ ਤੇ ਬੋਲਦਿਆਂ ਸ੍ਰੀਮਤੀ ਕਿਰਨਪ੍ਰੀਤ ਕੌਰ ਨੇ ਕਿਹਾ ਕਿ ਉਹ ਆਪਣੀਆਂ ਸ਼ਿਕਾਇਤਾਂ ਹੈਲਪਲਾਈਨ ਨੰ:98767-64545 ਤੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ 10 ਤੋਂ 4 ਵਜੇਂ ਤੱਕ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ ਸਿਹਤ ਵਿਭਾਗ ਦੀ ਮਦਦ ਨਾਲ ਬੱਚਿਆਂ ਦੀ ਮੈਡੀਕਲ ਚੈਕਿੰਗ ਕੀਤੀ ਜਾਵੇ। ਇਸ ਤੋਂ ਬਾਅਦ ਮੇਜਰ ਜਨ. ਐੱਸ.ਐੱਸ. ਚੌਹਾਨ ਨੇ ਦੱਸਿਆ ਕਿ ਜੀ.ਓ. ਜੀ. ਵੱਲੋਂ ਇਨ੍ਹਾਂ ਕੰਮਾਂ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ, ਰੋਜ਼ਾਨਾ 400, 500 ਫੀਡ ਬੈਕ ਫਿਰੋਜ਼ਪੁਰ ਜ਼ਿਲ੍ਹੇ ਦੇ ਜੀ.ਓ.ਜੀ. ਵੱਲੋਂ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ, ਤੰਦਰੁਸਤ ਪੰਜਾਬ ਅਤੇ ਪਾਣੀ ਦੀ ਸੰਭਾਲ ਵਿੱਚ ਜੀ.ਓ.ਜੀ. ਵੱਲੋਂ ਵਿਸ਼ੇਸ਼ ਯੋਗਦਾਨ ਪਾਏ ਜਾ ਰਹੇ ਹਨ। ਸ੍ਰੀਮਤੀ ਕਿਰਨਪ੍ਰੀਤ ਕੌਰ ਨੇ ਜੀ.ਓ.ਜੀ. ਵੱਲੋਂ ਇਹੋ ਜਿਹੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਪ੍ਰਿੰਸੀਪਲ ਗੱਟੀ ਰਾਜੋ ਕੇ ਡਾ. ਸਤਿੰਦਰ ਸਿੰਘ, ਫੂਡ ਸਪਲਾਈ ਇੰਸਪੈਕਟਰ ਗਗਨਪ੍ਰੀਤ ਸਿੰਘ, ਗੁਰਜਿੰਦਰ ਸਿੰਘ ਅਤੇ ਤਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜੀ.ਓ.ਜੀ. ਦੇ ਮੈਂਬਰ ਵੀ ਹਾਜ਼ਰ ਸਨ।