Ferozepur News

ਫਿਰੋਜ਼ਪੁਰ ਵਿੱਚ ਪਹਿਲੀ ਵਾਰ ਹੁਸੈਨੀਵਾਲਾ ਵਿਖੇ ਹੋਵੇਗਾ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ-ਡਿਪਟੀ ਕਮਿਸ਼ਨਰ

ਫਿਰੋਜ਼ਪੁਰ ਵਿੱਚ ਪਹਿਲੀ ਵਾਰ ਹੁਸੈਨੀਵਾਲਾ ਵਿਖੇ ਹੋਵੇਗਾ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ-ਡਿਪਟੀ ਕਮਿਸ਼ਨਰ
30 ਨਵੰਬਰ ਅਤੇ ਪਹਿਲੀ ਦਸੰਬਰ ਨੂੰ ਅਤਿ ਆਧੁਨਿਕ ਤਕਨੀਕਾਂ ਰਾਹੀਂ ਲੱਗੇਗੀ ਅਧਿਆਤਮਿਕਤਾ ਦੀ ਛਹਿਬਰ
ਰੰਗਦਾਰ ਦ੍ਰਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਪੇਸ਼ ਕਰਨਗੇ ਅਦਭੁੱਤ ਨਜ਼ਾਰਾ
ਸ੍ਰੀ. ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ

ਫਿਰੋਜ਼ਪੁਰ 26 ਨਵੰਬਰ 2019 (     ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸੈਨੀਵਾਲਾ (ਫਿਰੋਜ਼ਪੁਰ) ਵਿਖੇ 30 ਨਵੰਬਰ ਤੋਂ 1 ਦਸੰਬਰ ਤੱਕ ਅਤਿ ਆਧੁਨਿਕ ਤਕਨੀਕ ਨਾਲ ਫਲੋਟਿੰਗ ਲਾਈਟ ਐਂਡ ਸਾਊਂਡ (ਆਵਾਜ਼ ਤੇ ਰੌਸ਼ਨੀ) ਪ੍ਰੋਗਰਾਮ ਕਰਾਇਆ ਜਾ ਰਿਹਾ ਹੈ। ਜਿਸ ਵਿੱਚ ਗੁਰੂ ਸਾਹਿਬ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਰੋਜ਼ਾਨਾ 2/2 ਸ਼ੋਅ ਕਰਵਾਏ ਜਾਣਗੇ ਅਤੇ ਪਹਿਲਾ ਸ਼ੋਅ ਸ਼ਾਮ 6 ਤੋਂ 6.45 ਵਜੇ ਅਤੇ ਦੂਸਰਾ ਸ਼ੋਅ ਰਾਤ 7.15 ਤੋਂ 8 ਵਜੇ ਤੱਕ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ ਹੁਸੈਨੀਵਾਲਾ ਵਿਖੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਐੱਸ.ਐੱਸ.ਪੀ. ਸ੍ਰੀ. ਵਿਵੇਕ ਐੱਸ.ਸੋਨੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਸ਼ੋ ਵਿਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਅਤਿ ਆਧੁਨਿਕ ਤਕਨੀਕਾਂ ਜ਼ਰੀਏ ਰੂਪਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਨਵੰਬਰ ਤੋਂ 1 ਦਸੰਬਰ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਚੱਲਣਗੇ। ਉਨ੍ਹਾਂ ਦੱਸਿਆ ਕਿ ਰੰਗਦਾਰ ਦ੍ਰਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਅਦਭੁੱਤ ਨਜ਼ਾਰਾ ਪੇਸ਼ ਕਰਨਗੇ। ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਵਿਲੱਖਣ ਨਜ਼ਾਰੇ ਦਾ ਗਵਾਹ ਬਣਨ ਲਈ ਹੁੰਮ-ਹੁੰਮਾ ਕੇ ਪਹੁੰਚਣ। ਉਨ੍ਹਾਂ ਕਿਹਾ ਕਿ ਸੰਗਤਾਂ ਲਈ ਦਾਖਲਾ ਬਿਲਕੁਲ ਮੁਫ਼ਤ ਹੈ ਅਤੇ ਸੰਗਤਾਂ ਆਪਣੇ ਪਰਿਵਾਰ ਸਮੇਤ ਸ਼ੋਅ ਦਾ ਅਨੰਦ ਮਾਨਣ। ਸੰਗਤਾਂ ਵਾਸਤੇ ਲੰਗਰ ਦਾ ਪ੍ਰਬੰਧ ਵੀ ਕਿਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਅਤੇ ਐੱਸ.ਐੱਸ. ਸ੍ਰੀ. ਵਿਵੇਕ ਐੱਸ. ਸੋਨੀ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਦੀਆਂ ਤਿਆਰੀਆਂ ਵਿੱਚ ਕੋਈ ਕੁਤਾਹੀ ਨਾ ਕੀਤੀ ਜਾਵੇ ਤੇ ਹਰੇਕ ਅਧਿਕਾਰੀ ਵੱਲੋਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੇ ਆਲੇ-ਦੁਆਲੇ ਬੈਰੀਕੇਟਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਲਾਈਟਾਂ, ਪਾਰਕਿੰਗ, ਗੋਤਾਖੋਰ, ਬੋਟਾਂ, ਬਿਜਲੀ ਸਪਲਾਈ ਨਿਰਵਿਘਨ, ਜਨਰੇਟਰ ਤੇ ਟੁਆਇਲਟਸ ਆਦਿ ਦੇ ਪ੍ਰਬੰਧ ਕਰ ਲਏ ਜਾਣ ਤਾਂ ਜੋ ਇਸ ਪ੍ਰੋਗਰਾਮ ਦੌਰਾਨ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।  ਇਸ ਮੌਕੇ  ਸਕੱਤਰ ਰੈੱਡ ਕਰਾਸ ਸ੍ਰੀ. ਅਸ਼ੋਕ ਬਹਿਲ, ਬੀ.ਡੀ.ਓ. ਸੁਰਜੀਤ ਸਿੰਘ ਅਤੇ ਸੈਨੇਟਰੀ ਇੰਸਪੈਕਟਰ  ਸੁਖਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Related Articles

Back to top button