ਬਾਰਿਸ਼ ਤੋਂ ਬਾਅਦ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮੰਡੀਆ ਦਾ ਕੀਤਾ ਦੌਰਾ
ਕਣਕ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਸਬੰਧੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ- ਧੀਮਾਨ
ਕਣਕ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਸਬੰਧੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ- ਧੀਮਾਨ
ਬਾਰਿਸ਼ ਤੋਂ ਬਾਅਦ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮੰਡੀਆ ਦਾ ਕੀਤਾ ਦੌਰਾ
ਜ਼ੀਰਾ/ਤਲਵੰਡੀ ਭਾਈ 20 ਅਪ੍ਰੈਲ 2024.
ਜ਼ਿਲ੍ਹੇ ਅੰਦਰ ਬਾਰਿਸ਼ ਤੋਂ ਬਾਅਦ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਜ਼ੀਰਾ ਤੇ ਤਲਵੰਡੀ ਭਾਈ ਸਮੇਤ ਵੱਖ ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਕਿਸਾਨਾਂ ,ਆੜਤੀਆਂ ਤੇ ਲੇਬਰ ਨਾਲ ਗੱਲਬਾਤ ਕਰਦਿਆਂ ਕਿਹਾ ਕਣਕ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਲਈ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਜੇਸ਼ ਧੀਮਾਨ ਨੇ ਮੰਡੀਆਂ ਵਿਚ ਪਈ ਕਣਕ ਦੀ ਨਮੀ ਦੀ ਮਾਤਰਾ ਚੈੱਕ ਕਰਦਿਆਂ ਖਰੀਦ ਏਜੰਸੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ , ਲੇਬਰ, ਆੜ੍ਹਤੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਵਧੀਆ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ, ਆੜਤੀਆਂ, ਲੇਬਰ ਆਦਿ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਮੰਡੀ ਵਿੱਚ ਤੰਗੀ ਪਰੇਸ਼ਾਨੀ ਆਉਂਦੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤੁਰੰਤ ਉਸ ਦਾ ਹੱਲ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਧੀਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਲੜੀਦੇ ਨਿਰਦੇਸ਼ ਦਿੱਤੇ ਗਏ ਹਨ| ਕਿਸਾਨਾਂ ਨੂੰ ਫਸਲ ਦੀ ਖਰੀਦ ਮਗਰੋਂ ਅਦਾਇਗੀ ਵੀ ਤੈਅ ਸਮੇਂ ਅਨੁਸਾਰ ਕੀਤੀ ਜਾ ਰਹੀ ਹੈ। ਇਸ ਦੌਰਾਨ ਆੜਤੀਆਂ ਤੇ ਕਿਸਾਨਾਂ ਵੱਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫਸਰ ਸ੍ਰੀ ਰਾਜਰਿਸ਼ੀ ਮਹਿਰਾ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕੁੱਲ 58938 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ 49806 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 10161 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 14938 ਮੀਟ੍ਰਿਕ ਟਨ, ਪਨਸਪ ਵੱਲੋਂ 13472 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 10065 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 1170 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਦੀ ਤਹਿ ਸਮੇਂ ਅੰਦਰ ਕਿਸਾਨਾਂ ਨੂੰ ਆਨਲਾਈਨ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਫਸਲ ਦੀ ਕਟਾਈ ਉਪਰੰਤ ਅਤੇ ਤੂੜੀ ਬਣਾਉਣ ਤੋਂ ਬਾਅਦ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਸ੍ਰੀ ਗੁਰਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।