ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦਾ ਜਾਗਰੂਕ ਹੋਣਾ ਜ਼ਰੂਰੀ – ਕਮਿਸ਼ਨਰ ਸੁਮੇਰ ਗੁਰਜ਼ਰ
ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦਾ ਜਾਗਰੂਕ ਹੋਣਾ ਜ਼ਰੂਰੀ – ਕਮਿਸ਼ਨਰ ਸੁਮੇਰ ਗੁਰਜ਼ਰ
ਭ੍ਰਿਸ਼ਟਾਚਾਰੀ ਨੂੰ ਰੋਕਣ ਲਈ ਲੋਕ ਵਿਜੀਲੈਂਸ ਵਿਭਾਗ ਨੂੰ ਸੂਚਨਾ ਦੇਣ – ਡਿਪਟੀ ਕਮਿਸ਼ਨਰ
ਭ੍ਰਿਸ਼ਟਾਚਾਰੀ ਖ਼ਿਲਾਫ਼ ਲਈ ਟੋਲ ਫ਼ਰੀ ਨੰਬਰ 1800-1800-1000 ਤੇ ਦਿੱਤੀ ਜਾ ਸਕਦੀ ਹੈ ਸੂਚਨਾ- ਐਸਐਸਪੀ ਵਿਜੀਲੈਂਸ ਹਰਗੋਬਿੰਦ ਸਿੰਘ
ਚੌਕਸੀ ਜਾਗਰੂਕਤਾ ਸਪਤਾਹ ਦੌਰਾਨ ਐਸਬੀਐਸ ਕਾਲਜ ਫ਼ਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰੀ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਫ਼ਿਰੋਜ਼ਪੁਰ 30 ਅਕਤੂਬਰ ( ) ਵਿਜੀਲੈਂਸ ਬਿਊਰੋ ਵੱਲੋਂ ਆਮ ਲੋਕਾਂ ਅਤੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਜਾਗਰੂਕ ਕਰਨ ਲਈ 28 ਸਤੰਬਰ ਤੋਂ 2 ਨਵੰਬਰ ਤੱਕ ਚੌਕਸੀ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਸ਼ਹੀਦ ਭਗਤ ਸਿੰਘ ਕਾਲਜ ਫ਼ਿਰੋਜ਼ਪੁਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਸੁਮੇਰ ਗੁਰਜ਼ਰ, ਡਿਪਟੀ ਕਮਿਸ਼ਨਰ ਚੰਦਰ ਗੈਂਦ ਅਤੇ ਐਸ.ਐਸ.ਪੀ ਫ਼ਿਰੋਜ਼ਪੁਰ ਵਿਵੇਕਸ਼ੀਲ ਸੋਨੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਸੈਮੀਨਾਰ ਦੌਰਾਨ ਫ਼ਿਰੋਜ਼ਪੁਰ ਡਵੀਜ਼ਨ ਦੇ ਕਮਿਸ਼ਨਰ ਸੁਮੇਰ ਗੁਰਜ਼ਰ ਨੇ ਕਿਹਾ ਕਿ ਹੋਰ ਸਮਾਜਿਕ ਬੁਰਾਈਆਂ ਦੇ ਨਾਲ ਰਿਸ਼ਵਤਖ਼ੋਰੀ ਇੱਕ ਅਜਿਹੀ ਲਾਹਨਤ ਹੈ, ਜੋ ਦੇਸ਼ ਦੀ ਤਰੱਕੀ ਵਿੱਚ ਰੁਕਾਵਟ ਬਣਦੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਰੂਪੀ ਬਿਮਾਰੀ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦਾ ਜਾਗਰੂਕ ਹੋਣਾ ਜ਼ਰੂਰੀ ਹੈ ਅਤੇ ਹਰ ਵਰਗ ਨੂੰ ਇਸ ਦੇ ਖ਼ਾਤਮੇ ਲਈ ਅੱਗੇ ਵੱਧ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਦਫ਼ਤਰਾਂ ਵਿਚ ਹੋ ਰਹੀ ਖੱਜਲ ਖ਼ੁਆਰੀ ਅਤੇ ਭ੍ਰਿਸ਼ਟਾਚਾਰੀ ਦੇ ਸਬੰਧ ਵਿਚ ਸੀਨੀਅਰ ਅਫ਼ਸਰਾਂ ਦੇ ਧਿਆਨ ਵਿਚ ਵੀ ਲਿਆਉਣਾ ਚਾਹੀਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਰਿਸ਼ਵਤ ਦੇਣ ਵਾਲਾ ਹੀ ਉਨ੍ਹਾਂ ਹੀ ਗੁਨੇਗਾਰ ਹੈ ਜਿਨ੍ਹਾਂ ਰਿਸ਼ਵਤ ਲੈਣ ਵਾਲਾ। ਭ੍ਰਿਸ਼ਟਾਚਾਰੀ ਨੂੰ ਉਦੋਂ ਹੀ ਖ਼ਤਮ ਕੀਤਾ ਜਾ ਸਕਦਾ ਹੈ ਜਦੋਂ ਸਾਰੇ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਤੇ ਹੋ ਰਹੀ ਭ੍ਰਿਸ਼ਟਾਚਾਰੀ ਨੂੰ ਰੋਕਣ ਲਈ ਵਿਜੀਲੈਂਸ ਵਿਭਾਗ ਨੂੰ ਸੂਚਨਾ ਦੇਣਗੇ।
ਇਸ ਮੌਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਨੈਸ਼ਨਲ ਐਵਾਰਡੀ ਡਾ: ਸਤਿੰਦਰ ਸਿੰਘ, ਰਿਟਾਇਰਡ ਇੰਸਪੈਕਟਰ ਜਸਪਾਲ ਸਿੰਘ, ਏ.ਐਸ.ਆਈ ਕ੍ਰਿਸ਼ਨ ਚੰਦ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਰਿਸ਼ਵਤਖ਼ੋਰੀ ਦੀ ਬੁਰਾਈ ਨੂੰ ਜੜ੍ਹ ਤੋ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਸਮਾਜ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਅਹਿਮ ਯੋਗਦਾਨ ਪਾ ਸਕਦੀ ਹੈ। ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਦ੍ਰਿੜ੍ਹ ਵਿਸ਼ਵਾਸ ਹੋਣਾ ਚਾਹੀਦਾ ਹੈ ਅਤੇ ਮਨ ਵਿੱਚ ਇਹ ਪੱਕਾ ਵਿਸ਼ਵਾਸ ਬਣਾ ਲੈਣਾ ਚਾਹੀਦਾ ਹੈ ਕਿ ਕਿਸੇ ਵੀ ਸਰਕਾਰੀ ਜਾਂ ਗੈਰ ਸਰਕਾਰੀ ਕੰਮ ਲਈ ਰਿਸ਼ਵਤ ਨਹੀਂ ਦੇਣੀ। ਇਸ ਤੋਂ ਪਹਿਲਾ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਗੁਰ ਜੀਵਨ ਸਿੰਘ ਨੇ ਵੀ ਭ੍ਰਿਸ਼ਟਾਚਾਰ ਨਾਲ ਜੁੜੇ ਇਤਿਹਾਸ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਬਾਰੇ ਜਾਗਰੂਕ ਕੀਤਾ।
ਐਸਐਸਪੀ ਵਿਜੀਲੈਂਸ ਬਿਊਰੋ ਸ੍ਰ: ਹਰਗੋਬਿੰਦ ਸਿੰਘ ਨੇ ਦੱਸਿਆ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਲੋਕਾਂ ਨੂੰ ਇਹ ਦੱਸਣਾ ਹੈ ਕਿ ਕਿਸ ਤਰ੍ਹਾਂ ਉਹ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਦਫ਼ਤਰ ਦੀਆਂ ਸੇਵਾਵਾਂ ਲੈ ਸਕਦੇ ਹਨ। ਉਨ੍ਹਾਂ ਇੱਕ ਟੋਲ ਫ਼ਰੀ ਨੰਬਰ 1800-1800-1000 ਸ਼ੇਅਰ ਕਰਦਿਆਂ ਦੱਸਿਆ ਕਿ ਇਸ ਨੰਬਰ ਤੇ ਭ੍ਰਿਸ਼ਟਾਚਾਰੀ ਖ਼ਿਲਾਫ਼ ਸੂਚਨਾ ਦਿੱਤੀ ਜਾ ਸਕਦੀ ਹੈ ਅਤੇ ਦਿੱਤੀ ਗਈ ਸੂਚਨਾ ਦੇ ਆਧਾਰ ਤੇ 24 ਘੰਟਿਆਂ ਦੇ ਅੰਦਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦਫ਼ਤਰ ਨੂੰ ਜਾਣੂ ਕਰਵਾਉਣ ਤਾਂ ਹੀ ਇਸ ਤੇ ਨਕੇਲ ਪਾਈ ਜਾ ਸਕਦੀ ਹੈ। ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀ ਹਰੀਸ਼, ਪ੍ਰਗਤੀ, ਔਂਕਾਰ ਅਤੇ ਸਿਧਾਰਥ ਵੱਲੋਂ ਵੀ ਭ੍ਰਿਸ਼ਟਾਚਾਰੀ ਖ਼ਿਲਾਫ਼ ਸਪੀਚ ਦਿੱਤੀ ਗਈ ਅਤੇ ਅੰਤ ਵਿਚ ਇਨ੍ਹਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡੀਐਸਪੀ ਵਿਜੀਲੈਂਸ ਫ਼ਿਰੋਜ਼ਪੁਰ ਹਰਿੰਦਰ ਸਿੰਘ, ਡੀਐਸਪੀ ਵਿਜੀਲੈਂਸ ਮੋਗਾ ਅਸ਼ਵਨੀ ਕੁਮਾਰ, ਕਾਲਜ ਦੇ ਡਾਇਰੈਕਟਰ ਟੀਐਸ ਸਿੱਧੂ ਆਦਿ ਹਾਜ਼ਰ ਸਨ।