Ferozepur News
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਬਜ਼ੀ ਮੰਡੀ ਫ਼ਿਰੋਜ਼ਪੁਰ ਵਿਖੇ ਫਲਾਂ/ਸਬਜ਼ੀਆਂ ਦੀਆਂ ਦੁਕਾਨਾਂ ਦੀ ਚੈਕਿੰਗ ਚੈਕਿੰਗ ਦੌਰਾਨ ਮਿਲਾਵਟੀ ਵਸਤੂਆਂ, ਕੈਮੀਕਲ ਨਾਲ ਪਕਾਏ ਫਲਾਂ ਆਦਿ ਦੇ ਲਏ ਸੈਂਪਲ ਮੌਕੇ ਤੇ ਕੀਤੇ ਗਏ ਚਲਾਨ
ਫ਼ਿਰੋਜ਼ਪੁਰ 20 ਜੁਲਾਈ (Manish Bawa ) ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਅਤੇ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਬਾਗ਼ਬਾਨੀ ਸ੍ਰ: ਨਰਿੰਦਰ ਸਿੰਘ ਮੱਲ੍ਹੀ ਅਤੇ ਫੂਡ ਸੇਫ਼ਟੀ ਅਫ਼ਸਰ ਸ੍ਰ: ਮਨਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਜਾਂਚ ਟੀਮ ਵੱਲੋਂ ਸ਼ਹਿਰ ਦੀ ਸਬਜ਼ੀ ਮੰਡੀ ਵਿਖੇ ਵੱਖ-ਵੱਖ ਫਲਾਂ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਮੰਡੀਕਰਨ ਅਫ਼ਸਰ ਸ੍ਰ: ਸਵਰਨ ਸਿੰਘ ਨੇ ਦਿੱਤੀ।
ਜ਼ਿਲ੍ਹਾ ਮੰਡੀਕਰਨ ਅਫ਼ਸਰ ਸ੍ਰ: ਸਵਰਨ ਸਿੰਘ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉਨ੍ਹਾਂ ਦੀ ਟੀਮ ਵੱਲੋਂ ਵੱਖ-ਵੱਖ ਦੁਕਾਨਾਂ/ਸਟੋਰਾਂ ਦੀ ਚੈਕਿੰਗ ਕਰਕੇ ਮਿਲਾਵਟੀ ਵਸਤੂਆਂ ਤੇ ਕੈਮੀਕਲ ਨਾਲ ਪਕਾਏ ਫਲਾਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਬਾਬਾ ਫਰੂਟ ਕੰਪਨੀ, ਨਿਊ ਭਾਰਤ ਫਰੂਟ ਕੰਪਨੀ ਅਤੇ ਜਨਤਾ ਫਰੂਟ ਕੰਪਨੀ ਵੱਲੋਂ ਅੰਬਾਂ ਨੂੰ ਲੋੜ ਤੋਂ ਕਈ ਗੁਣਾ ਜ਼ਿਆਦਾ ਕੈਮੀਕਲ/ਪਾਊਡਰ ਲਗਾ ਕੇ ਪਕਾਇਆ ਗਿਆ ਸੀ ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕ੍ਰਮਵਾਰ 3500 ਅਤੇ 1000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਭਵਿੱਖ ਵਿਚ ਜੇਕਰ ਕੋਈ ਕੁਤਾਹੀ ਵਰਤੀ ਗਈ ਤਾਂ ਉਨ੍ਹਾਂ ਦੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ।
ਇਸ ਤੋਂ ਇਲਾਵਾ ਉਨ੍ਹਾਂ ਸਮੂਹ ਆੜ੍ਹਤੀ ਐਸੋਸੀਏਸ਼ਨ ਨੂੰ ਫੂਡ ਸੇਫ਼ਟੀ ਐਕਟ ਤਹਿਤ ਰਜਿਸਟਰੇਸ਼ਨ ਕਰਵਾਉਣ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਵੀ ਅਪੀਲ ਕੀਤੀ।