ਮਿਸ਼ਨ ਫਤਿਹ ਤਹਿਤ ਡੋਰ ਟੂ ਡੋਰ ਸਰਵੇ ਤਹਿਤ ਜ਼ਿਲੇ ਦੇ 31,663 ਲੋਕਾਂ ਦੀ ਹੋਈ ਸਕਰੀਨਿੰਗ ਮੁਕੰਮਲ
745 ਆਸ਼ਾ ਵਰਕਰਾਂ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਸ਼ੁਰੂ ਕੀਤੀ ਮੁਹਿੰਮ
ਫਿਰੋਜ਼ਪੁਰ, 22 ਜੂਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਦੇ ਤਹਿਤ ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਲੋਕਾਂ ਦੀ ਸਕਰੀਨਿੰਗ ਕਰਨ ਲਈ ਘਰ^ਘਰ ਜਾ ਕੇ ਸਰਵੇ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਹੁਣ ਤੱਕ 31,663 ਲੋਕਾਂ ਦੀ ਸਕ੍ਰੀਨਿੰਗ ਪੂਰੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਲੋਕਾਂ ਲਈ ਸਿਹਤ ਸਰਵੇਖਣ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਦੀ ਤਰਫੋਂ ਸਾਰੇ ਘਰਾਂ ਵਿੱਚ ਪਹੁੰਚ ਕੇ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਪੂਰੇ ਜ਼ਿਲ੍ਹੇ ਨੂੰ ਕਵਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 779 ਆਸ਼ਾ ਵਰਕਰ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਇਸ ਮੁਹਿੰਮ ਨੂੰ ਸਫਲਤਾਪੂਰਵਕ ਸਿਰੇ ਚਾੜਨ ਵਿੱਚ ਲੱਗੇ ਹੋਏ ਹਨ। ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਪਛਾਣ ਕਰਨ ਲਈ 8105 ਲੋਕਾਂ ਦੀ ਟੈਸਟਿੰਗ ਕੀਤੀ ਗਈ ਹੈ.ਜਿਨ੍ਹਾਂ ਵਿਚੋਂ 83 ਫੀਸਦੀ ਤੋਂ ਵੱਧ ਲੋਕਾਂ ਦੇ ਸੈਂਪਲ ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੀ ਜਾਂਚ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ।