ਮਿਸ਼ਨ ਫਤਿਹ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਹਨ ਜਾਗਰੂਕਤਾ ਸਰਗਰਮੀਆਂ-ਡਿਪਟੀ ਕਮਿਸ਼ਨਰ
ਪਿੰਡਾਂ ਦੇ ਧਾਰਮਿਕ ਸਥਾਨਾਂ ਤੇ ਅਨਾਊਂਸਮੈਂਟਾਂ ਰਾਹੀਂ ਲੋਕਾਂ ਨੂੰ ਸਾਵਧਾਨੀਆਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ
ਫਿਰੋਜ਼ਪੁਰ 22 ਜੁਲਾਈ 2020 ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਅਧੀਨ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਪੰਚਾਇਤ ਵਿਭਾਗ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰ ਕੇ ਇਸ ਵਾਇਰਸ ਨੂੰ ਫੈਲਣ ਤੋਂ ਰੋਕਣਾ ਹੈ। ਉਨਾਂ ਦੱਸਿਆ ਕਿ ਇਸ ਲਈ ਵੱਖ ਵੱਖ ਵਿਭਾਗਾਂ ਵੱਲੋਂ ਲਗਾਤਾਰ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿਚ ਸਰਪੰਚਾ ਅਤੇ ਪੰਚਾਇਤ ਮੈਂਬਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਮਾਸਕ ਪਹਿਨਣ, ਹੱਥ ਧੋਣ, ਸਮਾਜਿਕ ਦੂਰੀ ਬਣਾਈ ਰੱਖਣ, ਬੱਚਿਆ ਅਤੇ ਬਜੁਰਗਾਂ ਦਾ ਵਿਸ਼ੇਸ਼ ਖਿਆਲ ਰੱਖਣ ਸਮੇਤ ਸਿਹਤ ਵਿਭਾਗ ਵੱਲੋਂ ਜਾਰੀ ਸਮੂਹ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਅਸੀਂ ਕਰੋਨਾ ਤੇ ਜਿੱਤ ਪ੍ਰਾਪਤ ਨਹੀਂ ਕਰ ਲੈਂਦੇ।
ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ਤੇ ਪੰਚਾਇਤਾਂ ਵੱਲੋਂ ਗੁਰੂਦੁਆਰਿਆਂ ਰਾਹੀਂ ਸਮੇਂ ਸਮੇਂ ਤੇ ਅਨਾਊਂਸਮੈਂਟਾਂ ਵੀ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਦੇ ਨਾਲ ਨਾਲ ਵਾਲ ਪੇਟਿੰਗਾਂ ਅਤੇ ਫਲੈਕਸਾਂ ਰਾਹੀਂ ਵੀ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਇਸ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਲਈ ਆਪਣੇ ਆਂਢ-ਗੁਆਂਢ, ਰਿਸ਼ਤੇਦਾਰਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ।