ਮਿਸ਼ਨ ਫਤਿਹ: 250 ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ, ਹੁਣ ਤੱਕ ਕੁੱਲ 25 ਹਜ਼ਾਰ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ: ਵਿਧਾਇਕ ਪਿੰਕੀ
ਕਿਹਾ, ਕਰਫਿਊ ਅਤੇ ਲਾਕਡਾਊਨ ਦੌਰਾਨਾਰ ਫਿਰੋਜ਼ਪੁਰ ਵਿਚ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਨਾਲ ਹਰ ਰੋਜ਼ 28 ਹਜ਼ਾਰ ਲੋਕਾਂ ਨੂੰ ਲੰਗਰ ਖੁਆਇਆ ਗਿਆ
ਫਿਰੋਜ਼ਪੁਰ, 7 ਜੂਨ
ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ 250 ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਵਿਧਾਇਕ ਪਿੰਕੀ ਨੇ ਕਿਹਾ ਕਿ ਮਿਸ਼ਨ ਫਤਿਹ ਤਾਂ ਹੀ ਸਾਰਥਕ ਸਿੱਧ ਹੋਵੇਗਾ ਜਦੋਂ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਹੁਣ ਤੱਕ 25 ਹਜ਼ਾਰ ਤੋਂ ਵੱਧ ਗਰੀਬ ਅਤੇ ਲੋੜਵੰਦ ਪਰੀਵਾਰਾਂ ਨੂੰ ਫਿਰੋਜ਼ਪੁਰ ਸ਼ਹਿਰ ਵਿੱਚ ਕਰਫਿਊ ਅਤੇ ਲੋਕਡਾਊਨ ਦੌਰਾਨ ਰਾਸ਼ਨ ਵੰਡਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਕਿ ਕੋਈ ਵੀ ਵਿਅਕਤੀ ਰਾਸ਼ਨ ਕਾਰਨ ਭੁੱਖਾ ਨਾ ਰਹੇ। ਹਾਲਾਂਕਿ ਹੁਣ ਕਰਫਿਊ ਅਤੇ ਲਾਕਡਾਊਨ ਖੁੱਲ ਚੁੱਕਿਆ ਹੈ ਪਰ ਫਿਰ ਵੀ ਜੇ ਕਿਸੇ ਨੂੰ ਰਾਸ਼ਨ ਦੀ ਕਮੀ ਹੈ, ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਕੇ ਰਾਸ਼ਨ ਲੈ ਸਕਦਾ ਹੈ।
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਸੰਕਟ ਦੇ ਇਸ ਸਮੇਂ ਵਿੱਚ ਫਿਰੋਜ਼ਪੁਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੀ ਤਰਫੋਂ ਫਿਰੋਜ਼ਪੁਰ ਸ਼ਹਿਰ ਵਿੱਚ 28 ਹਜ਼ਾਰ ਤੋਂ ਵੱਧ ਲੋਕਾਂ ਨੂੰ ਲੰਗਰ ਖੁਆਇਆ ਗਿਆ ਹੈ। ਵਿਧਾਇਕ ਨੇ ਕਿਹਾ ਕਿ ਮਿਸ਼ਨ ਫਤਿਹ ਦਾ ਮੰਤਵ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨਾ, ਇਸ ਬਿਮਾਰੀ ਤੇ ਨਿਯੰਤਰਣ ਪਾਉਣ ਅਤੇ ਲੋਕਾਂ ਦੀ ਸਹਾਇਤਾ ਕਰਨਾ ਹੈ, ਇਸ ਲਈ ਇਸ ਨੂੰ ਲੋਕ ਲਹਿਰ ਵਿੱਚ ਬਦਲਣ ਦੀ ਲੋੜ ਹੈ