-ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਤੋ ਬਚਾਓ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ
ਘਰ-ਘਰ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਹੱਥ ਧੋਣ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਸਾਵਧਾਨੀਆਂ ਬਾਰੇ ਕੀਤਾ ਜਾ ਰਿਹਾ ਜਾਗਰੂਕ
ਫ਼ਿਰੋਜ਼ਪੁਰ 4 ਅਗਸਤ 2020 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਲਈ ਵਰਤੀਆਂ ਜਾਣ ਵਾਲ਼ੀਆਂ ਸਾਵਧਾਨੀਆਂ ਪ੍ਰਤੀ ਜਾਣੂ ਕਰਵਾਉਣ ਲਈ ਆਰੰਭੇ ਮਿਸ਼ਨ ਤਹਿਤ ਜਾਗਰੂਕਤਾ ਸਰਗਰਮੀਆਂ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਵਿਡ-19 ਦੀ ਰੋਕਥਾਮ ਲਈ ਵਰਤੀਆਂ ਜਾਂਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਸ਼੍ਰ. ਗੁਰਪਾਲ ਸਿੰਘ ਚਾਹਲ ਦੀ ਅਗਵਾਈ ਵਿਚ ਸਰਕਾਰੀ ਸਕੂਲੀ ਅਧਿਆਪਕਾਂ ਸਮੇਤ ਸਟਾਫ਼ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਲਗਾਤਾਰ ਕਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਮੌਕੇ ਤੇ ਵੱਖ ਵੱਖ ਗਤੀਵਿਧੀਆਂ ਕਰ ਕੇ ਵੀ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਅਸੀਂ ਆਪਣੇ ਆਪ ਤੇ ਦੂਸਰਿਆਂ ਨੂੰ ਇਸ ਬਿਮਾਰੀ ਤੋਂ ਬਚਾ ਸਕਦੇ ਹਾਂ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸਕੂਲੀ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਸਮੇਂ ਸਮੇਂ ਤੇ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਬਿਨਾਂ ਲੋੜ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ।