ਮਿਸ਼ਨ ਫ਼ਤਿਹ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਘਰ ਘਰ ਜਾ ਕੇ ਕੀਤਾ ਗਿਆ ਜਾਗਰੂਕ
ਖੇਤਾਂ ਵਿਚ ਕੰਮ ਰਹੇ ਕਿਸਾਨਾਂ ਅਤੇ ਲੇਬਰ ਨੂੰ ਵੀ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਸਾਵਧਾਨੀਆਂ ਸਬੰਧੀ ਕੀਤਾ ਜਾਗਰੂਕ
ਫ਼ਿਰੋਜ਼ਪੁਰ 2 ਜੁਲਾਈ 2020
ਮਿਸ਼ਨ ਫ਼ਤਿਹ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਪ੍ਰਤੀ ਘਰ ਘਰ ਜਾ ਕੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਦੀ ਅਗਵਾਈ ਹੇਠ ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਨੇ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਹੱਥ ਧੋਣਾ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਬਾਰੇ ਜਾਗਰੂਕ ਕੀਤਾ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕਤਾ ਲਿਆਉਣਾ ਹੈ, ਮਿਸ਼ਨ ਫ਼ਤਿਹ ਦੇ ਮਕਸਦ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਪੋਸਟਰ, ਪੇਂਟਿੰਗ ਆਦਿ ਬਣਾ ਕੇ ਵੀ ਲੋਕਾਂ ਨੂੰ ਘਰ ਘਰ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਦੇ ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਕਿਸਾਨਾਂ ਅਤੇ ਲੇਬਰ ਨੂੰ ਵੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਪ੍ਰਤੀ ਜਾਣੂ ਕਰਵਾਇਆ ਗਿਆ ਹੈ। ਇਸ ਦੇ ਨਾਲ-ਨਾਲ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਾਇਰਸ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਹੋ ਕੇ ਇਸ ਤੋਂ ਆਪਣਾ ਅਤੇ ਦੂਸਰਿਆਂ ਦਾ ਬਚਾਅ ਕਰ ਸਕਣ।