ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਵਿੱਚ ਲੋਕਾਂ ਦਾ ਸਹਿਯੋਗ ਜਰੂਰੀ, ਕੋਵਿਡ-19 ਦੇ ਖਾਤਮੇ ਲਈ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਓ – ਡਿਪਟੀ ਕਮਿਸ਼ਨਰ
ਫਿਰੋਜ਼ਪੁਰ 13 ਜੁਲਾਈ :
ਕੋਵਿਡ-19 ਦੇ ਖਾਤਮੇ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਲੋਕਾਂ ਵੱਲੋਂ ਮਿਸ਼ਨ ਫਤਿਹ ਵਿਚ ਆਪਣਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਸ੍ਰ; ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਸਰਕਾਰ ਵੱਲੋਂ ਕੋਵਿਡ19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ’ਤੇ ਕਦਮ ਚੁੱਕੇ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਰੂਪ ਵਿੱਚ ਸਾਨੂੰ ਇੱਕ ਵੱਡੀ ਚੁਣੋਤੀ ਦਾ ਸਾਹਮਣਾ ਕਰਨਾ ਪਿਆ ਹੈ ਪ੍ਰੰਤੂ ਸਰਕਾਰ ਵੱਲੋਂ ਸਮੇਂ ਸਿਰ ਚੁੱਕੇ ਕਦਮਾਂ ਸਦਕਾ ਇਸ ਮਹਾਂਮਾਰੀ ਦਾ ਹਿੰਮਤ ਨਾਲ ਸਾਹਮਣਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਆਪਣਾ ਨੱਕ ਤੇ ਮੂੰਹ ਰੁਮਾਲ ਜਾਂ ਮਾਸਕ ਨਾਲ ਢਕਿਆ ਜਾਵੇ, ਇੱਕ ਦੂਜੇ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਜਾਂ ਸੈਨੀਟਾਈਜ਼ਰ ਨਾਲ ਸਾਫ ਕੀਤਾ ਜਾਵੇ ਅਤੇ ਬਿਨ੍ਹਾਂ ਲੋੜ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ।
ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੇ ਹਰੇਕ ਚੁਣੋਤੀ ਦਾ ਡੱਟ ਕੇ ਸਾਹਮਣਾ ਕਰਕੇ ਜਿੱਤ ਪ੍ਰਾਪਤ ਕੀਤੀ ਹੈ ਅਤੇ ਹੁਣ ਕੋਰੋਨਾ ਵਾਇਰਸ ਨਾਂ ਦੀ ਚੁਣੋਤੀ ਦਾ ਸਾਹਮਣਾ ਵੀ ਡੱਟ ਕੇ ਕੀਤਾ ਜਾਵੇਗਾ ਅਤੇ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਸਰਕਾਰ ਤਾਂ ਆਪਣੇ ਪੱਧਰ ’ਤੇ ਉਪਰਾਲੇ ਕਰ ਹੀ ਰਹੀ ਹੈ ਪ੍ਰੰਤੂ ਆਮ ਲੋਕਾਂ ਨੂੰ ਵੀ ਇਸ ਮਹਾਂਮਾਰੀ ਦੇ ਖਾਤਮੇ ਲਈ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ ਤਾਂ ਹੀ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇਗਾ।