ਕਿਸਾਨ 31 ਮਈ ਤੱਕ ਮੰਡੀਆਂ ਵਿੱਚ ਕਣਕ ਦੀ ਫਸਲ ਲਿਆ ਸਕਦੇ ਹਨ: ਡਿਪਟੀ ਕਮਿਸ਼ਨਰ
ਕਿਸਾਨ 31 ਮਈ ਤੱਕ ਮੰਡੀਆਂ ਵਿੱਚ ਕਣਕ ਦੀ ਫਸਲ ਲਿਆ ਸਕਦੇ ਹਨ: ਡਿਪਟੀ ਕਮਿਸ਼ਨਰ
ਹੁਣ ਤੱਕ ਜ਼ਿਲ੍ਹੇ ਵਿੱਚ 7.80 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, 226 ਖਰੀਦ ਕੇਂਦਰਾਂ ਤੇ ਖਰੀਦ ਕੀਤੀ ਗਈ ਹੈ
ਫਿਰੋਜ਼ਪੁਰ, 24 ਮਈ, 2020:
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ 31 ਮਈ, 2020 ਤੱਕ ਆਪਣੀਆਂ ਫਸਲਾਂ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ ਹੈ ਕਿਉਂਕਿ ਮੌਜੂਦਾ ਸੀਜ਼ਨ 31 ਮਈ ਨੂੰ ਖ਼ਤਮ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਰ ਕੋਰੋਨਾ ਵਾਇਰਸ ਬਿਮਾਰੀ ਦੇ ਬਾਵਜੂਦ ਵਿਸਤ੍ਰਿਤ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਏ। ਜ਼ਿਲ੍ਹੇ ਵਿੱਚ ਪਹਿਲੀ ਵਾਰ 226 ਖਰੀਦ ਕੇਂਦਰ ਸਥਾਪਤ ਕੀਤੇ ਗਏ। ਸਾਰੀ ਪ੍ਰਕਿਰਿਆ ਬਹੁਤ ਵਧੀਆ ਰਹੀ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਈ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਵੀ ਪਾਲਣਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 7.80 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ 7.63 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚੋਂ ਚੁੱਕੀ ਜਾ ਚੁੱਕੀ ਹੈ। ਇਸੇ ਤਰ੍ਹਾਂ 1430.01 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਰੀਬ 96 ਪ੍ਰਤੀਸ਼ਤ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 98 ਪ੍ਰਤੀਸ਼ਤ ਲਿਫਟਿੰਗ ਮੁਕੰਮਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਾਰੀ ਖਰੀਦ ਪ੍ਰਕਿਰਿਆ ਆਸਾਨ, ਪਾਰਦਰਸ਼ੀ ਅਤੇ ਬਿਨਾਂ ਕਿਸੇ ਸਮੱਸਿਆ ਦੇ ਕੀਤੀ ਗਈ ਅਤੇ ਕਿਸਾਨਾਂ ਨੇ ਵੀ ਇਸ ਪ੍ਰਣਾਲੀ ਪ੍ਰਤੀ ਆਪਣੀ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮੌਜੂਦਾ ਹਾੜੀ ਦਾ ਸੀਜ਼ਨ 31 ਮਈ 2020 ਨੂੰ ਖ਼ਤਮ ਹੋਣ ਜਾ ਰਿਹਾ ਹੈ, ਇਸ ਲਈ ਜੇਕਰ ਕਿਸੇ ਕਿਸਾਨ ਕੋਲ ਫਸਲ ਬਚੀ ਹੈ ਤਾਂ ਉਹ 31 ਮਈ ਤੋਂ ਪਹਿਲਾਂ ਇਸ ਨੂੰ ਮੰਡੀ ਵਿਚ ਲੈ ਆਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਫਸਲ ਖਰੀਦਣ, ਲਿਫਟਿੰਗ ਕਰਵਾਉਣ ਅਤੇ ਨਿਰਧਾਰਤ ਸਮੇਂ ਵਿੱਚ ਅਦਾਇਗੀ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਕੋਰੋਨਾ ਵਾਇਰਸ ਮਹਾਂਮਾਰੀ ਦੇ ਬਾਵਜੂਦ ਕਿਸਾਨਾਂ ਨੂੰ ਵਧੀਆ ਸੀਜ਼ਨ ਪ੍ਰਦਾਨ ਕਰਨ ਲਈ ਬਹੁਤ ਸਾਰੇ ਯਤਨ ਕੀਤੇ ਗਏ ਹਨ।
ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਅਤੇ ਸਪਲਾਈਜ਼ ਕੰਟਰੋਲਰ ਸ੍ਰੀ ਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲੀ ਵਾਰ 226 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਨਾਲ ਹੀ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋਵੇ ਇਸ ਲਈ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਸਾਫ਼-ਸਫ਼ਾਈ ਵਰਗੀਆਂ ਸਾਵਧਾਨੀਆ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।