ਮੁੱਖ ਮੰਤਰੀ ਨੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੂੰ ਪੀਜੀਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਸ਼ੁਰੂ ਕਰਨ ਲਈ ਪੱਤਰ ਲਿਖਿਆ
ਫਿਰੋਜ਼ਪੁਰ, 27 ਅਗਸਤ– ਵਿਧਾਇਕ ਫਿਰੋਜ਼ਪੁਰ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਦੇ ਨਿਰਮਾਣ ਕਾਰਜ ਨੂੰ ਜਲਦੀ ਤੋਂ ਜਲਦੀ ਚਲਾਉਣ ਲਈ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਹਰਸ਼ਵਰਧਨ ਨੂੰ ਪੱਤਰ ਲਿਖਿਆ ਹੈ।
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਜੋ ਕਿ ਸਰਹੱਦੀ ਜ਼ਿਲ੍ਹੇ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਸ਼ੁਰੂ ਕਰਨ ਦੇ ਮੁੱਦੇ ’ਤੇ ਲਗਾਤਾਰ ਕੰਮ ਕਰ ਰਹੇ ਹਨ, ਨੇ ਕਿਹਾ ਕਿ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਣਾ ਲਾਜ਼ਮੀ ਹੈ ਕਿਉਂਕਿ ਫਿਰੋਜ਼ਪੁਰ ਪ੍ਰਸ਼ਾਸਨ ਨੇ ਪਹਿਲਾਂ ਹੀ ਪਿੰਡ ਮਲਵਾਲ ਕਾਦੀਮ ਵਿੱਚ 27 ਏਕੜ ਜ਼ਮੀਨ ਵੀ ਪੀਜੀਆਈ ਅਧਿਕਾਰੀਆਂ ਨੂੰ ਸੌਂਪ ਦਿੱਤੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਵੀ 100 ਬਿਸਤਰਿਆਂ ਵਾਲੇ ਸੈਂਟਰ ਦੀ ਉਸਾਰੀ ਲਈ 490 ਕਰੋੜ ਰੁਪਏ ਵੀ ਮਨਜ਼ੂਰ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸੈਟੇਲਾਇਟ ਸੈਂਟਰ ਜ਼ਿਲੇ ਵਿਚ ਕੋਵਿਡ19 ਦੇ ਮਾਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਵਿਚ ਮਦਦ ਕਰੇਗਾ ਅਤੇ ਇਸ ਤੋਂ ਇਲਾਵਾ ਇਸ ਸੈਂਟਰ ਤੋਂ ਉਨ੍ਹਾਂ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣਗੀਆਂ ਜਿਨ੍ਹਾਂ ਨੂੰ ਇਲਾਜ ਲਈ ਹੋਰ ਜ਼ਿਲ੍ਹਿਆਂ ਵਿਚ ਜਾਣਾ ਪੈਂਦਾ ਹੈ।