ਰਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਬੇਰੁਜ਼ਗਾਰੀ ਨੂੰ ਦੂਰ ਕਰਕੇ ਉਦਯੋਗੀਕਰਨ ਨੂੰ ਹੁਲਾਰਾ ਦਿੱਤਾ ਜਾਵੇਗਾ: ਬਨਵਾਰੀ ਲਾਲ ਪੁਰੋਹਿਤ
ਰਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਬੇਰੁਜ਼ਗਾਰੀ ਨੂੰ ਦੂਰ ਕਰਕੇ ਉਦਯੋਗੀਕਰਨ ਨੂੰ ਹੁਲਾਰਾ ਦਿੱਤਾ ਜਾਵੇਗਾ: ਬਨਵਾਰੀ ਲਾਲ ਪੁਰੋਹਿਤ
ਦੇਸ਼ ਨੂੰ ਕਮਜ਼ੋਰ ਕਰਨ ਦੇ ਗੁਆਂਢੀ ਮੁਲਕ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿਆਂਗੇ
ਨਸ਼ਿਆਂ, ਹਥਿਆਰਾਂ ਦੀ ਤਸਕਰੀ ਰੋਕਣ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਰਪੰਚਾਂ/ਪੰਚਾਇਤਾਂ ਨੂੰ ਜਨਭਾਗੀਦਾਰੀ ਦਾ ਦਿੱਤਾ ਸੱਦਾ
ਜ਼ਿਲ੍ਹੇ ਦੀਆਂ ਪੰਚਾਇਤਾਂ ਵਲੋਂ ਨਸ਼ਿਆਂ ਖਿਲਾਫ ਡੱਟਣ ਦੇ ਫੈਸਲੇ ਦੀ ਕੀਤੀ ਸ਼ਲਾਘਾ
ਫਿਰੋਜ਼ਪੁਰ, 2 ਫਰਵਰੀ 2023.
ਰਾਜ ਵਿਚੋਂ ਨਸ਼ਿਆਂ ਦੇ ਖਾਤਮੇ, ਬੇਰੁਜ਼ਗਾਰੀ ਨੂੰ ਦੂਰ ਕਰਨ ਅਤੇ ਰਾਜ ਵਿਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਸੂਬੇ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਕੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਸਕਣ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇਥੇ ਜੈਨੇਸਿਸ ਡੈਂਟਲ ਕਾਲਜ ਵਿਖੇ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਪੰਚਾਂ, ਸਰਪੰਚਾਂ ਨੂੰ ਸੰਬੋਧਨ ਦੌਰਾਨ ਕੀਤਾ।
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਰਾਜ ਦੇ 6 ਸਰਹੱਦੀ ਜ਼ਿਲ੍ਹੇ ਸੰਵੇਦਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਇਹ ਜਾਣ ਲਿਆ ਹੈ ਕਿ ਉਹ ਭਾਰਤ ਨਾਲ ਸਿੱਧੀ ਜੰਗ ਕਰਨ ਦੀ ਹਿੰਮਤ ਨਹੀਂ ਕਰ ਸਕਦਾ, ਇਸ ਲਈ ਉਹ ਨਸਿ਼ਆਂ ਅਤੇ ਹੋਰ ਮਾਰੂ ਹਥਿਆਰਾਂ ਰਾਹੀਂ ਸਾਡੀ ਜਵਾਨੀ ਨੂੰ ਨਿਸ਼ਾਨਾ ਬਣਾ ਰਿਹਾ ਹੈ। ਪਰ ਅਸੀਂ ਦੁਸ਼ਮਣ ਦੀਆਂ ਇਹ ਚਾਲਾਂ ਅਸਫਲ ਕਰ ਸਕਦੇ ਹਾਂ ਜੇਕਰ ਸਾਰੇ ਲੋਕ ਚੌਕਸ ਰਹੀਏ ਅਤੇ ਇਨ੍ਹਾਂ ਮਾੜੇ ਕੰਮਾਂ ਵਿਚ ਲੱਗੇ ਲੋਕਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਰਿਆਂ ਨੂੰ ਆਪਸੀ ਮਤਭੇਦ ਭੁਲਾ ਕੇ ਇਸ ਰਾਸ਼ਟਰੀ ਸੁਰੱਖਿਆ ਦੇ ਮੁੱਦੇ ਤੇ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਪੰਚਾਇਤਾਂ ਸਭ ਤੋਂ ਮਹੱਤਵਪੂਰਨ ਰੋਲ ਅਦਾ ਕਰ ਸਕਦੀਆਂ ਹਨ।
ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਲਈ ਪਿੰਡ ਅਤੇ ਵਾਰਡ ਪੱਧਰ ਤੇ ਨਾਗਰਿਕ ਸੁਰੱਖਿਆ ਸਮਤੀਆਂ ਬਹੁਤ ਕਾਰਗਾਰ ਸਿੱਧ ਹੋ ਸਕਦੀਆਂ ਹਨ। ਜਦ ਅਸੀਂ ਆਪਣੇ ਪਿੰਡਾਂ ਅਤੇ ਵਾਰਡਾਂ ਵਿਚ ਨਜ਼ਰ ਰੱਖਾਂਗੇ ਤਾਂ ਅਜਿਹੇ ਸਮਾਜ ਵਿਰੋਧੀ ਅਨਸਰ ਹਾਰ ਜਾਣਗੇ। ਉਨ੍ਹਾਂ ਇਸ ਕੰਮ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ ਦੀ ਸ਼ਲਾਘਾ ਕੀਤੀ ਕਿ ਉਹ ਜ਼ਿਲ੍ਹੇ ਵਿਚ ਵੱਡੀ ਪੱਧਰ ਤੇ ਸੁਰੱਖਿਆ ਸਮਤੀਆਂ ਬਣਾ ਕੇ ਦੇਸ਼/ਰਾਜ ਦੀ ਰੱਖਿਆ ਕਰ ਰਹੇ ਹਨ ਤੇ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੀਆਂ 107 ਪੰਚਾਇਤਾਂ ਵੱਲੋਂ ਨਸ਼ਿਆਂ ਦੇ ਵਰਤਾਰੇ ਖਿਲਾਫ ਮਤੇ ਪਾਉਣ, ਅਜਿਹੇ ਲੋਕਾਂ ਦਾ ਸਮਾਜਿਕ ਬਾਈਕਾਟ ਕਰਨ ਦੇ ਫੈਸਲੇ ਦੀ ਵੀ ਭਰਪੂਰ ਸ਼ਲਾਂਘਾ ਕੀਤੀ ਤੇ ਕਿਹਾ ਕਿ ਇਹ ਪੰਚਾਇਤਾਂ ਰਾਜ ਦੀਆਂ ਬਾਕੀ ਪੰਚਾਇਤਾਂ ਲਈ ਵੀ ਮਿਸਾਲ ਬਣਨਗੀਆਂ।
ਉਨ੍ਹਾਂ ਨੇ ਕਿਹਾ ਕਿ ਉਹ ਜਦੋਂ ਤੋਂ ਪੰਜਾਬ ਵਿਚ ਬਤੌਰ ਰਾਜਪਾਲ ਆਏ ਹਨ ਉਹ ਲਗਾਤਾਰ ਇਸ ਵਿਸ਼ੇ ਤੇ ਕੰਮ ਕਰ ਰਹੇ ਹਨ ਅਤੇ ਸੁਰੱਖਿਆ ਏਂਜਸੀਆਂ ਦੇ ਬਿਤਹਰ ਤਾਲਮੇਲ ਰਾਹੀਂ ਸਫਲਤਾ ਵੀ ਮਿਲ ਰਹੀ ਹੈ, ਪਰ ਇਸ ਵਿਚ ਜਨ ਭਾਗੀਦਾਰੀ ਵੀ ਉਨ੍ਹੀ ਹੀ ਲਾਜ਼ਮੀ ਹੈ। ਉਨ੍ਹਾਂ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਸੁਰੱਖਿਆ ਦੇ ਇਸ ਕੰਮ ਵਿਚ ਵੱਧ ਚੜ ਕੇ ਸਹਿਯੋਗ ਕਰਨ ਕਿਉਂਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਾਂ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਇਸ ਮੁਹਾਜ ਤੇ ਵੀ ਅਸੀਂ ਜਿੱਤ ਦਰਜ ਕਰਕੇ ਰਹਾਂਗੇ।
ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇਸ ਮੌਕੇ ਸਰਹੱਦੀ ਇਲਾਕਿਆਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਇਲਾਕੇ ਦੇ ਵਿਕਾਸ ਲਈ ਇੰਨ੍ਹਾਂ ਲੋਕਾਂ ਦੀ ਆਵਾਜ਼ ਨੂੰ ਉਹ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ । ਰਾਜਪਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੇਂਦਰ ਸਰਕਾਰ ਨੂੰ ਲਿਖਿਆ ਗਿਆ ਹੈ ਕਿ ਅਗਨੀਪੱਥ ਯੋਜਨਾ ਵਿਚ ਪੰਜਾਬ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਈ ਜਾਵੇ।
ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਨ੍ਹਾਂ ਨੂੰ ਸਰਹੱਦੀ ਇਲਾਕੇ ਦੀਆਂ ਜਰੂਰਤਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਸਰਹੱਦੀ ਇਲਾਕਿਆਂ ਵਿਚ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਵੀ ਦਿੱਤੀ।
ਇਸ ਮੌਕੇ ਰਾਜ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ, ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਪ੍ਰਮੁੱਖ ਸਕੱਤਰ ਰਾਜਪਾਲ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਪ੍ਰਭਾਰੀ ਸਕੱਤਰ ਸ੍ਰੀ ਅਜੋਏ ਸ਼ਰਮਾ, ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਦਲਜੀਤ ਸਿਘ ਮਾਂਗਟ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ੍ਰੀ ਰਣਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਸਵੰਤ ਸਿੰਘ ਬੜੈਚ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ ।
—-