ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਰਾਜਨੀਤਿਕ ਪਾਰਟੀਆਂ ਨੁਮਾਇੰਦਿਆਂ ਨਾਲ ਮੀਟਿੰਗ
ਰਾਜਨੀਤਿਕ ਪਾਰਟੀਆਂ ਵੱਲੋਂ ਬੂਥ ਵਾਈਜ ਬੀ.ਐਲ.ਏ. ਕੀਤੇ ਜਾਣ ਨਿਯੁਕਤ : ਡਾ. ਨਿਧੀ ਕੁਮੁਦ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਰਾਜਨੀਤਿਕ ਪਾਰਟੀਆਂ ਨੁਮਾਇੰਦਿਆਂ ਨਾਲ ਮੀਟਿੰਗ
ਰਾਜਨੀਤਿਕ ਪਾਰਟੀਆਂ ਵੱਲੋਂ ਬੂਥ ਵਾਈਜ ਬੀ.ਐਲ.ਏ. ਕੀਤੇ ਜਾਣ ਨਿਯੁਕਤ : ਡਾ. ਨਿਧੀ ਕੁਮੁਦ
18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਦੀਆਂ ਵੋਟਾਂ ਬਣਾਈਆਂ ਜਾਣ
ਫ਼ਿਰੋਜ਼ਪੁਰ, 20 ਮਾਰਚ 2025: ਵਧੀਕ ਡਿਪਟੀ ਕਮਿਸ਼ਨਰ – ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਨਿਧੀ ਕੁਮੁਦ ਬੰਬਾਹ ਵੱਲੋਂ ਜ਼ਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਚੋਣ ਪ੍ਰਕਿਰਿਆਵਾਂ ਬਾਰੇ ਸੁਝਾਅ ਲਏ ਅਤੇ ਵੋਟਾਂ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵੱਧ ਤੋਂ ਵੱਧ ਲੋਕਾਂ ਦੀਆਂ ਵੋਟਾਂ ਬਣਾਉਣ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਪਾਰਦਰਸ਼ੀ ਬਣਾਉਣ ਲਈ ਬੀ.ਐਲ.ਏ. ਨਿਯੁਕਤ ਕੀਤੇ ਜਾਣ ਲਈ ਕਿਹਾ।
ਡਾ. ਨਿਧੀ ਕੁਮੁਦ ਬੰਬਾਹ ਵੱਲੋਂ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਵੀ ਰਜਿਸਟ੍ਰੇਸ਼ਨ ਦੇ ਲਿੰਗ ਅਨੁਪਾਤ, ਈ.ਪੀ. ਰੇਸ਼ਿਓ, 18-19 ਸਾਲਾਂ ਦੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਆਦਿ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਅਧਿਕਾਰੀਆਂ ਅਤੇ ਹੋਰ ਸਬੰਧਤ ਅਧਿਕਾਰੀਆ ਨੂੰ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਸਵੀਪ ਗਤੀਵਿਧੀਆਂ ਚਲਾ ਕੇ ਲੋਕਾਂ ਨੂੰ ਆਪਣੀ ਵੋਟ ਬਣਾਉਣ ਬਾਰੇ ਜਾਗਰੂਕ ਕੀਤਾ ਜਾਵੇ ਅਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਵੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਬੀ ਐਲ ਓ ਅਤੇ ਬੀ ਐਲ ਏ ਆਪਸੀ ਸਹਿਯੋਗ ਨਾਲ ਵੱਧ ਤੋਂ ਵੱਧ ਲੋਕਾਂ ਦੀਆਂ ਵੋਟਾਂ ਬਣਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਕੂਲਾਂ /ਕਾਲਜਾਂ ਵਿੱਚ ਸਵੀਪ ਗਤੀਵਿਧੀਆਂ ਤਹਿਤ ਜਾਗਰੂਕਤਾ ਕੈਂਪ ਲਗਾ ਕੇ ਨੌਜਵਾਨਾਂ ਦੀ ਵੋਟ ਰਜਿਸਟਰੇਸ਼ਨ ਕੀਤੀ ਜਾਵੇ।
ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਈ.ਪੀ. ਰੇਸ਼ਿਓ, ਲਿੰਗ ਅਨੁਪਾਤ, ਵੋਟ ਬਨਾਉਣ, ਕਟਵਾਉਣ, ਸੋਧ ਸਬੰਧੀ ਫਾਰਮਾਂ ਦੇ ਨਿਪਟਾਰੇ ਆਦਿ ਸਮੇਤ ਚੋਣਾਂ ਨਾਲ ਸੰਬੰਧੀ ਹੋਰ ਮੁੱਦਿਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਤਹਿਸੀਲਦਾਰ ਚੋਣਾਂ ਅਮਨਦੀਪ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 1950 ਟੋਲ ਫ੍ਰੀ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਆਮ ਲੋਕਾਂ ਵੱਲੋਂ ਵੋਟਰ ਸੂਚੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ, ਆਪਣੇ ਸੁਝਾਓ ਦੇਣ ਜਾਂ ਵੋਟਾਂ ਸਮੇਤ ਆ ਰਹੀ ਮੁਸ਼ਕਿਲ ਸਬੰਧੀ ਕਿਸੇ ਵੀ ਤਰ੍ਹਾਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਦੇ ਨਾਲ ਹੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਆਨਲਾਈਨ ngsp.eci.gov.in ਪੋਰਟਲ ਉਪਰ ਵੀ ਵੋਟਰ ਕਾਰਡ/ਵੋਟਾਂ ਸਬੰਧੀ ਕੋਈ ਵੀ ਜਾਣਕਾਰੀ ਜਾਂ ਸ਼ਿਕਾਇਤ ਆਨਲਾਈਨ ਦਰਜ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਕੋਈ ਸੁਝਾਅ ਹੈ ਤਾਂ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੂੰ ਦੇ ਸਕਦਾ ਹੈ। ਇਸ ਦੇ ਨਾਲ ਹੀ ਜੇਕਰ ਕਿਸੇ ਵੀ ਪਾਰਟੀ ਨੂੰ ਚੋਣਾਂ ਦੇ ਕੰਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਇਸ ਸਬੰਧੀ ਜ਼ਿਲ੍ਹਾ ਚੋਣ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਮੁੱਖ ਦਫਤਰ ਵੱਲੋਂ ਪ੍ਰਾਪਤ ਐਸ.ਓ.ਪੀ. ਅਨੁਸਾਰ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨੂੰ ਆਰਟੀਕਲ (324 to 329), ਆਰ.ਪੀ. ਐਕਟ 1950 ਤੇ 1951 ਅਤੇ ਕੰਡਕਟਰ ਆਫ ਇਲੈਕਸ਼ਨ ਰੂਲਜ (1961) ਸਬੰਧੀ ਜਾਣੂ ਕਰਵਾਉਂਦੇ ਹੋਏ ਸੀ.ਡੀ. ਵਿੱਚ ਜਾਣਕਾਰੀ ਭਰ ਕੇ ਦਿੱਤੀ ਗਈ।
ਮੀਟਿੰਗ ਵਿੱਚ ਚੋਣ ਕਾਨੂੰਗੋ ਗਗਨਦੀਪ ਕੌਰ, ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ / ਕਰਮਚਾਰੀ ਅਤੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।