Ferozepur News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਸਬੰਧੀ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਫ਼ਿਰੋਜ਼ਪੁਰ 21 ਮਈ 2018 ( Manish Bawa ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਦੀ ਅਗਵਾਈ ਹੇਠ ਸਵੀਪ ਪ੍ਰੋਗਰਾਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਚਾਂਦ ਪ੍ਰਕਾਸ਼ ਵੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਖ਼ਾਸ ਕਰਕੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਅਤੇ ਵੋਟ ਪਾਉਣ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਪ੍ਰੋਗਰਾਮ ਅਧੀਨ ਹਲਕੇ ਵਿਚ ਪੈਂਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਿਚ ਪੇਂਟਿੰਗ, ਸਲੋਗਨ ਰਾਈਟਿੰਗ, ਹਸਤਾਖ਼ਰ ਅਭਿਆਨ, ਰੰਗੋਲੀ, ਰੈਲੀ, ਭਾਸ਼ਣ ਆਦਿ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸਵੀਪ ਪ੍ਰੋਜੈਕਟ ਤਹਿਤ ਤਾਇਨਾਤ ਕੀਤੇ ਗਏ ਨੋਡਲ ਅਧਿਕਾਰੀ ਅਤੇ ਕੈਂਪਸ ਅੰਬੈਸਡਰ ਯੋਗ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਵੋਟ ਪਾਉਣ ਲਈ ਪ੍ਰੇਰਿਤ ਕਰਨ।
ਉਨ੍ਹਾਂ ਅਧਿਕਾਰੀਆਂ ਨੂੰ ਆਗਾਮੀ ਚੋਣਾਂ ਵਿਚ ਸਰਵਿਸ ਵੋਟਰਾਂ, ਮਾਈਗਰੇਟ ਵੋਟਰ ਸਬੰਧੀ, ਸੀ.ਈ.ਓ ਵੈੱਬਸਾਈਟ ਤੇ ਅਪਡੇਸ਼ਨ, ਨੁੱਕੜ ਨਾਟਕ ਆਦਿ ਨਾਲ ਵੋਟਰਾਂ ਵਿਚ ਪ੍ਰਚਾਰ ਦੇ ਪ੍ਰਬੰਧ ਕਰਨ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਮਰ ਚੁੱਕੇ ਵੋਟਰਾਂ ਦੀ ਵੋਟ ਕੱਟਣ ਲਈ ਨਿਯਮਾਂ ਅਨੁਸਾਰ ਕਰਵਾਈ ਕਰਨ ਲਈ ਵੀ ਆਖਿਆ।
ਇਸ ਮੌਕੇ ਸ੍ਰ: ਨੇਕ ਸਿੰਘ ਡੀ.ਈ.ਓ (ਸ.), ਸ਼੍ਰੀ ਪ੍ਰਗਟ ਸਿੰਘ ਬਰਾੜ ਡਿਪਟੀ ਡੀ.ਈ.ਓ(ਸ.), ਪ੍ਰਿੰਸੀਪਲ ਡਾ: ਸਤਿੰਦਰ ਸਿੰਘ, ਸ੍ਰ; ਸੁਖਪਾਲ ਸਿੰਘ ਸੈਨੇਟਰੀ ਇੰਸਪੈਕਟਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।