ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਲਈ 01632-244024 ਤੇ ਸੰਪਰਕ ਕੀਤਾ ਜਾ ਸਕਦਾ ਹੈ
ਫ਼ਿਰੋਜ਼ਪੁਰ 24 ਸਤੰਬਰ 2018 ( Harish Monga ) ਵਧੀਕ ਡਿਪਟੀ ਕਮਿਸ਼ਨਰ ਸ੍ਰ: ਗੁਰਮੀਤ ਸਿੰਘ ਮੁਲਤਾਨੀ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿੰਚਾਈ, ਡਰੇਨਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲੈਣ ਦੀ ਹਦਾਇਤ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਸ੍ਰ: ਗੁਰਮੀਤ ਸਿੰਘ ਮੁਲਤਾਨੀ ਨੇ ਅਧਿਕਾਰੀਆਂ ਤੋਂ ਦਰਿਆ ਸਤਲੁਜ ਦੇ ਨਾਲ ਧੁੱਸੀ ਬੰਨ੍ਹ ,ਨੋਚਾਂ, ਸਪਰਾ ਆਦਿ ਦੀ ਮਜ਼ਬੂਤੀ ਸਬੰਧੀ ਜਾਣਕਾਰੀ ਲਈ। ਉਨ੍ਹਾਂ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਭਾਵਿਤ ਹੜ੍ਹਾਂ ਦੀ ਸਥਿਤੀ ਲਈ ਮੈਡੀਕਲ ਸਹੂਲਤਾਂ, ਖਾਣ ਪੀਣ ਦੀਆਂ ਵਸਤਾਂ ਦੇ ਭੰਡਾਰ, ਪਸ਼ੂਆਂ ਦੇ ਚਾਰੇ ਅਤੇ ਡਾਕਟਰੀ ਸਹੂਲਤਾਂ, ਬਿਜਲੀ ਸਪਲਾਈ, ਸੜਕਾਂ ਦੀ ਆਵਾਜਾਈ ਚਾਲੂ ਰੱਖਣ, ਟਰਾਂਸਪੋਰਟ ਸਬੰਧੀ, ਪੁਲਿਸ ਗਸ਼ਤ, ਟੈਲੀਫ਼ੋਨ ਸੇਵਾਵਾਂ ਚਾਲੂ ਰੱਖਣ ਜ਼ਰੂਰੀ ਵਸਤੂਆਂ ਦੇ ਪ੍ਰਬੰਧ ਪਹਿਲ ਦੇ ਆਧਾਰ ਤੇ ਕਰਨ ਆਦਿ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਵਿਚ ਬੀ.ਐਸ.ਐਫ, ਹੋਮਗਾਰਡ, ਆਰਮੀ, ਸਿਵਲ ਡਿਫੈਂਸ ਅਤੇ ਸਵੈ ਸੇਵੀ ਜਥੇਬੰਦੀਆਂ ਆਦਿ ਦਾ ਵੀ ਸਹਿਯੋਗ ਲਿਆ ਜਾਵੇ।
ਉਨ੍ਹਾਂ ਨੇ ਸਬ ਡਵੀਜ਼ਨਲ ਮੈਜਿਸਟਰੇਟਾਂ ਨੂੰ ਵੀ ਇਸ ਸਥਿਤੀ ਨਾਲ ਨਿਪਟਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਆਖਿਆ ਅਤੇ ਦਰਿਆ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਆਪਣੇ ਪੱਧਰ ਤੇ ਫੋਰਸ ਟੀਮਾਂ ਤਿਆਰ ਕਰਨ ਅਤੇ ਦਰਿਆ ਦੀ ਮਾਰ ਹੇਠਲੇ ਪਿੰਡਾਂ ਦੇ ਲੋਕਾਂ ਨੂੰ ਇਸ ਰੈੱਡ ਅਲਰਟ ਸਬੰਧੀ ਤਿਆਰ ਰਹਿਣ ਲਈ ਸੁਚੇਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਸਮੂਹ ਮਾਲ ਅਫ਼ਸਰਾਂ, ਅਮਲਾ ਕਾਨੂੰਨਾਂ, ਪਟਵਾਰੀਆਂ ਨੂੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਲਈ ਜ਼ਿਲ੍ਹਾ ਹੈੱਡਕੁਆਟਰ ਤੇ ਸਥਾਪਿਤ ਕੰਟਰੋਲ ਰੂਮ ਦੇ ਨੰਬਰ 01632-244024 ਤੇ ਸੰਪਰਕ ਕਰਨ।
ਇਸ ਮੌਕੇ ਸਹਾਇਕ ਕਮਿਸ਼ਨਰ(ਜਨ.) ਸ੍ਰ: ਰਣਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਕੁਲਦੀਪ ਬਾਵਾ, ਐਸ.ਡੀ.ਐਮ ਸ਼੍ਰੀ ਅਮਿੱਤ ਗੁਪਤਾ, ਐਕਸੀਅਨ ਡਰੇਨਜ਼ ਵਿਭਾਗ ਸ਼੍ਰੀ ਸੀ.ਐਨ ਜੈਨ ਤੋ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।