Ferozepur News
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜਪੁਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀਆਂ/ਵਾਹਨਾਂ ਦੇ ਰਿਫ਼ਲੈਕਟਰ ਤੋਂ ਬਿਨਾਂ ਚੱਲਣ 'ਤੇ ਪਾਬੰਦੀ ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ ਤੇ ਪਾਬੰਦੀ
ਫ਼ਿਰੋਜਪੁਰ 4 ਜੂਨ 2018 ( Pankaj Madan) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਆਈ.ਏ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਸਾਰੇ ਹੁਕਮ 31 ਜੁਲਾਈ 2018 ਤੱਕ ਲਾਗੂ ਰਹਿਣਗੇ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਆਈ.ਏ.ਐਸ ਨੇ ਸ਼ਹਿਰ ਵਿੱਚ ਚੱਲਦੇ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਰਿਫ਼ਲੈਕਟਰ ਤੋਂ ਬਿਨਾਂ ਚੱਲਣ 'ਤੇ ਰੋਕ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਨ੍ਹਾਂ ਵਾਹਨਾਂ ਤੇ ਰਿਫ਼ਲੈਕਟਰ ਨਾ ਲੱਗੇ ਹੋਣ ਕਰ ਕੇ ਅੱਗੇ ਤੋਂ ਤੇਜ਼ ਲਾਈਟਾਂ ਵਾਲਾ ਵਹੀਕਲ ਆਉਣ ਤੇ ਰਾਤ ਸਮੇਂ ਇਹ ਵਾਹਨ ਨਜ਼ਰ ਨਹੀਂ ਆਉਂਦੇ, ਜਿਸ ਕਾਰਨ ਇਹ ਵਾਹਨ ਐਕਸੀਡੈਂਟਾਂ ਦਾ ਕਾਰਨ ਬਣਦੇ ਹਨ ਤੇ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਕੋਈ ਵੀ ਵਾਹਨ ਚਾਲਕ ਜਿਸ ਦੇ ਵਾਹਨ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਉਨ੍ਹਾਂ ਤੇ ਲਾਲ ਰੰਗ ਦੇ ਰਿਫ਼ਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ। ਇਨ੍ਹਾਂ ਹੋਣ ਵਾਲੇ ਸੰਭਾਵੀ ਹਾਦਸਿਆਂ ਨੂੰ ਰੋਕਣ ਲਈ ਪਾਬੰਦੀ ਦੇ ਇਹ ਹੁਕਮ ਜਾਰੀ ਕੀਤੇ ਗਏ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਆਮ ਨਾਗਰਿਕਾਂ ਵੱਲੋਂ ਦੋ ਪਹੀਆਂ ਵਾਹਨਾਂ ਨੂੰ ਚਲਾਉਣ ਲਈ ਮੂੰਹ ਤੇ ਕੱਪੜਾ ਬੰਨ੍ਹ/ਮੂੰਹ ਢੱਕ ਕੇ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪਿਛਲੇ ਕੁੱਝ ਸਮੇਂ ਦੌਰਾਨ ਮੋਟਰ ਸਾਈਕਲ ਸਵਾਰਾਂ ਵੱਲੋਂ ਆਪਣੇ ਮੂੰਹ ਢੱਕ ਕੇ ਕਈ ਤਰ੍ਹਾਂ ਦੀਆਂ ਵਾਰਦਾਤਾਂ ਕੀਤੀਆਂ ਗਈਆਂ ਹਨ ਅਤੇ ਮੂੰਹ ਢਕੇ ਹੋਣ ਕਾਰਨ ਉਨ੍ਹਾਂ ਦੀ ਪਹਿਚਾਣ ਕਰਨੀ ਮੁਸ਼ਕਿਲ ਹੁੰਦੀ ਹੈ। ਇਸੇ ਤਰ੍ਹਾਂ ਦੋ ਪਹੀਆ ਵਾਹਨ ਸਵਾਰਾਂ ਵੱਲੋਂ ਆਮ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਲਈ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਕਦਮ ਚੁੱਕਣੇ ਜ਼ਰੂਰੀ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਮਨਾਹੀ ਦੇ ਇੱਕ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਵਿੱਚ ਕੱਢੇ ਜਾਂਦੇ ਲੱਕੀ ਡਰਾਅ ਸਕੀਮਾਂ/ਪ੍ਰਾਈਵੇਟ ਲਾਟਰੀਆਂ/ਕਮੇਟੀਆਂ ਜਿਸ ਵਿੱਚ ਹਫ਼ਤਾਵਾਰੀ ਜਾਂ ਮਹੀਨੇਵਾਰ ਪੈਸੇ ਇਕੱਠੇ ਕਰ ਕੇ ਡਰਾਅ ਕੱਢੇ ਜਾਂਦੇ ਹਨ ਜਾਂ ਡਰਾਅ ਰਾਹੀਂ ਪੈਸੇ/ਇਨਾਮੀ ਵਸਤੂ ਦਿੱਤੀ ਜਾਂਦੀ ਹੈ ਜਾਂ ਬੋਲੀ ਕੀਤੀ ਜਾਂਦੀ ਹੈ, ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਈ ਲੋਕਾਂ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਗੁਮਰਾਹ ਕਰ ਕੇ ਲੱਕੀ ਡਰਾਅ ਸਕੀਮਾਂ/ਪ੍ਰਾਈਵੇਟ ਲਾਟਰੀਆਂ/ਕਮੇਟੀਆਂ ਰਾਹੀਂ ਧਨ ਲੁੱਟਿਆ ਜਾ ਰਿਹਾ ਹੈ ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿੱਚ ਅੜਚਣ ਪੈਦਾ ਹੋ ਸਕਦੀ ਹੈ।
ਇਹ ਸਾਰੇ ਹੁਕਮ 31 ਜੁਲਾਈ 2018 ਤੱਕ ਲਾਗੂ ਰਹਿਣਗੇ।