ਵਿਕਾਸ ਕਾਰਜਾਂ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਭੁੱਲਰ
ਵਿਕਾਸ ਕਾਰਜਾਂ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਭੁੱਲਰ
ਅਸੀਂ ਬਦਲਾਖੋਰੀ ਨਹੀਂ ਵਿਕਾਸ ਵਿੱਚ ਵਿਸ਼ਵਾਸ ਰੱਖਦੇ ਹਾਂ
ਬਿਨਾਂ ਭੇਦਭਾਵ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੋ ਰਹੇ ਹਨ ਵਿਕਾਸ ਕਾਰਜ
ਫਿਰੋਜ਼ਪੁਰ, 29 ਮਈ 2023.
ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਚੌਹਪੱਖੀ ਵਿਕਾਸ ਲਈ ਵੱਚਨਬੱਧ ਹੈ ਅਤੇ ਉਨ੍ਹਾਂ ਦੇ ਆਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਜਾਂ ਭ੍ਰਿਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਬਿਨ੍ਹਾਂ ਕਿਸੇ ਭੇਦਭਾਵ, ਪਾਰਟੀਬਾਜ਼ੀ ਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਸਹੂਲਤ ਲਈ ਕੰਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਅਤੇ ਸ਼ੋਸਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਹਾਦਰ ਕੇ ਤੋਂ ਰੱਖੜੀ ਸੰਪਰਕ ਸੜਕ ਦਾ ਕੰਮ ਮਿਆਰੀ ਪੱਧਰ ਨਾਲ ਨਹੀਂ ਹੋਇਆ ਅਤੇ ਇਹ ਸੜਕ ਬਰਸਾਤ ਮਗਰੋਂ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਉਨ੍ਹਾਂ ਵੱਲੋਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਜਿਨ੍ਹਾਂ ਵੱਲੋਂ ਇਸ ਸੜਕ ਕੇ ਨਿਰਮਾਣ ਕਾਰਜਾਂ ਦੀ ਉੱਚ ਪੱਧਰੀ ਵਿਭਾਗੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਜਿਸ ਵੀ ਅਧਿਕਾਰੀ ਜਾਂ ਠੇਕੇਦਾਰ ਦੀ ਗਲਤੀ ਹੋਵੇਗੀ ਉਸ ਵਿਰੁੱਧ ਬਣਦੀ ਕਾਰਵਾਈ ਹੋਵੇਗੀ ਅਤੇ ਦੋਸ਼ੀ ਬਖਸ਼ੇ ਨਹੀਂ ਜਾਣਗੇ।
ਸ. ਭੁੱਲਰ ਨੇ ਕਿਹਾ ਕਿ ਉਨ੍ਹਾਂ ਨੂੰ ਸੜਕਾਂ ਦੀ ਰਿਪੇਅਰ ਦੇ ਕੰਮ ਵਿੱਚ ਵੀ ਉਣਤਾਈਆਂ ਸਬੰਧੀ ਸ਼ਕਾਇਤਾਂ ਮਿਲੀਆਂ ਹਨ ਜਿਨ੍ਹਾਂ ਦੀ ਸਬੰਧਤ ਵਿਭਾਗ ਤੋਂ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਨਾਮਦੇਵ ਚੌਂਕ ਤੋਂ ਅੱਛੇਵਾਲਾ ਰੋੜ ਦੀ ਰਿਪੇਅਰ ਵੀ ਜਲਦੀ ਕਰਵਾਈ ਜਾਵੇਗੀ।
ਇਸ ਮੌਕੇ ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਅਮਰਿੰਦਰ ਸਿੰਘ, ਸ੍ਰੀ ਗੁਰਭੇਜ ਸਿੰਘ ਆਦਿ ਵੀ ਹਾਜ਼ਰ ਸਨ।