ਵਿਧਾਇਕ ਪਿੰਕੀ ਨੇ ਗਰੀਬਾਂ ਲਈ 3800 ਰਾਸ਼ਨ ਕਾਰਡ ਬਹਾਲ ਕਰਵਾਏ, 4200 ਲੋਕਾਂ ਲਈ ਨਵੇਂ ਰਾਸ਼ਨ ਕਾਰਡ ਵੀ ਬਣਵਾਏ
ਕਿਹਾ, ਜਿਨ੍ਹਾਂ ਦੇ ਰਾਸ਼ਨ ਕਾਰਡ ਬਹਾਲ ਹੋਏ ਹਨ ਉਹ ਰਾਸ਼ਨ ਡਿਪੂਆਂ ਤੋਂ ਤਿੰਨ ਮਹੀਨਿਆਂ ਦੀ ਕਣਕ ਅਤੇ ਦਾਲਾਂ ਪ੍ਰਾਪਤ ਕਰ ਸਕਦੇ ਹਨ
ਫਿਰੋਜ਼ਪੁਰ, 25 ਜੂਨ ਲਾਕਡਾਊਨ ਕਾਰਨ ਗਰੀਬ ਵਰਗ ਦੀ ਸਮੱਸਿਆ ਦੇ ਮੱਦੇਨਜ਼ਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਨੇ ਲਗਭਗ 3800 ਲੋਕਾਂ ਦੇ ਰਾਸ਼ਨ ਕਾਰਡ ਬਹਾਲ ਕਰਵਾਏ ਹਨ ਇਸ ਦੇ ਨਾਲ ਨਾਲ 4200 ਲੋਕਾਂ ਦੇ ਨਵੇਂ ਰਾਸ਼ਨ ਕਾਰਡ ਵੀ ਬਣਵਾਏ ਹਨ। ਇਨ੍ਹਾਂ ਲੋਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਤਿੰਨ ਮਹੀਨੇ ਦੀ ਮੁਫਤ ਕਣਕ ਅਤੇ ਦਾਲਾਂ ਦੀ ਵੰਡ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ।
ਵਿਸਥਾਰਤ ਜਾਣਕਾਰੀ ਦਿੰਦੇ ਹੋਏ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਰਾਸ਼ਨ ਕਾਰਡ ਰੱਦ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫਤ ਕਣਕ ਅਤੇ ਦਾਲਾਂ ਲੈਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਮੱਸਿਆ ਦੇ ਮੱਦੇਨਜ਼ਰ ਸਾਰੇ ਪ੍ਰਭਾਵਿਤ ਲੋਕਾਂ ਦੇ ਰਾਸ਼ਨ ਕਾਰਡਾਂ ਨੂੰ ਬਹਾਲ ਕਰਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਤਕਰੀਬਨ 3800 ਲੋਕਾਂ ਦੇ ਰਾਸ਼ਨ ਕਾਰਡ ਬਹਾਲ ਕੀਤੇ ਗਏ ਹਨ। ਇਸੇ ਤਰ੍ਹਾਂ 4200 ਲੋਕਾਂ ਦੇ ਨਵੇਂ ਰਾਸ਼ਨ ਕਾਰਡ ਵੀ ਬਣਾਏ ਗਏ ਹਨ। ਵਿਧਾਇਕ ਪਿੰਕੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਗਰੀਬ ਅਤੇ ਕਮਜ਼ੋਰ ਵਰਗਾਂ ਨਾਲ ਮੌਢੇ ਨਾਲ ਮੌਢਾ ਜੋੜ ਕੇ ਖੜ੍ਹੀ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਜੇ ਕਿਸੇ ਨੂੰ ਅਜੇ ਵੀ ਮੁਸ਼ਕਲ ਆਉਂਦੀ ਹੈ, ਤਾਂ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਵਿਧਾਇਕ ਪਿੰਕੀ ਨੇ ਕਿਹਾ ਕਿ ਸਬੰਧਤ ਲਾਭਪਾਤਰੀ ਆਪਣੇ ਰਾਸ਼ਨ ਡਿਪੂ ਵਿੱਚ ਜਾ ਕੇ ਤਿੰਨ ਮਹੀਨੇ ਦੀ ਕਣਕ ਅਤੇ ਦਾਲਾਂ ਪ੍ਰਾਪਤ ਕਰ ਸਕਦੇ ਹਨ।