ਵਿਧਾਇਕ ਰਣਬੀਰ ਭੁੱਲਰ ਨੇ ਹੜ੍ਹ ਪ੍ਰਭਾਵਿਤ ਪਿੰਡ ਬੰਡਾਲਾਂ ਤੇ ਕਾਲੇ ਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ
ਵਿਧਾਇਕ ਰਣਬੀਰ ਭੁੱਲਰ ਨੇ ਹੜ੍ਹ ਪ੍ਰਭਾਵਿਤ ਪਿੰਡ ਬੰਡਾਲਾਂ ਤੇ ਕਾਲੇ ਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ
– ਹੜ੍ਹ ਪ੍ਰਭਾਵਿਤਾਂ ਨੂੰ ਹਰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ – ਭੁੱਲਰ
– ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਸੁਚੇਤ ਰਹਿਣ ਦੀ ਅਪੀਲ
ਫ਼ਿਰੋਜ਼ਪੁਰ, 28 ਜੁਲਾਈ 2023: ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪਿੰਡ ਬੰਡਾਲਾ ਤੇ ਕਾਲੇ ਕੇ ਹਿਠਾੜ ਅਤੇ ਨਾਲ ਲਗਦੇ ਹੋਰ ਪਿੰਡਾਂ ਵਿੱਚ ਸਤਲੁਜ ਦੇ ਪਾਣੀ ਦਾ ਪੱਧਰ ਵਧਣ ਕਾਰਨ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਫ਼ਿਰੋਜ਼ਪੁਰ ਸ. ਗਗਨਦੀਪ ਸਿੰਘ ਵੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਸਮੁੱਚੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਮੌਜੂਦਾ ਹਾਲਾਤਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਸਾਹਮਣਾ ਕਰਨ ਲਈ ਪਹਿਲਾਂ ਹੀ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਭੋਜਨ, ਪਾਣੀ, ਬਿਸਤਰੇ, ਤਰਪਾਲਾਂ, ਮੱਛਰਦਾਨੀਆਂ ਅਤੇ ਹੋਰ ਸਹੂਲਤਾਂ ਪਹੁੰਚਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਤੇ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਬੰਨ੍ਹ ਨੂੰ ਕਿਸੇ ਤਰ੍ਹਾਂ ਦਾ ਵੀ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਇਸ ਮੌਕੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਹਰ ਸੰਭਵ ਮਦਦ ਦਾ ਯਕੀਨ ਦਵਾਇਆ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਪੀੜ੍ਹਤ ਨੂੰ ਲੋੜੀਂਦੇ ਸਮਾਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਧਾਇਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਰਾਹਤ ਸਮੱਗਰੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬਾਰਿਸ਼ਾਂ ਅਤੇ ਹੜ੍ਹ ਨਾਲ ਨੁਕਸਾਨੇ ਗਏ ਰਕਬੇ ਦੀ ਛੇਤੀ ਹੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਹੜ੍ਹਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਅਫ਼ਵਾਹ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਨਾਇਬ ਤਹਿਸੀਲਦਾਰ ਨਵਜੀਵਨ ਛਾਬੜਾ, ਚੇਅਰਮੈਨ ਮਾਰਕੀਟ ਕਮੇਟੀ ਬਲਰਾਜ ਸਿੰਘ ਕਟੋਰਾ, ਬਲਦੇਵ ਸਿੰਘ ਮਲ੍ਹੀ ਉਸਮਾਨਵਾਲਾ, ਪਿੱਪਲ ਸਿੰਘ ਬਲਾਕ ਪ੍ਰਧਾਨ, ਗੁਰਜੀਤ ਚੀਮਾ, ਪ੍ਰਗਟ ਸਿੰਘ ਟੱਲੀ ਗਰਾਮ, ਸਾਹਬ ਸਿੰਘ ਬੰਡਾਲਾ, ਜਗਤਾਰ ਸਿੰਘ, ਨਿਸ਼ਾਨ ਸਿੰਘ ਕੁਤਬਦੀਨ ਅਤੇ ਗੁਰਭੇਜ ਸਿੰਘ ਹਾਜ਼ਰ ਸਨ।