Ferozepur News

ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਅਤੇ ਕੁਲਬੀਰ ਸਿੰਘ ਜ਼ੀਰਾ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਕੀਤਾ ਉਦਘਾਟਨ

ਫਿਰੋਜ਼ਪੁਰ 21 ਨਵੰਬਰ, 2018:ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਸਕੀਮ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਸੰਯੁਕਤ ਤੌਰ ਤੇ ਉਦਘਾਟਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਅਤੇ ਵਿਧਾਇਕ ਜ਼ੀਰਾ ਸ੍ਰ. ਕੁਲਬੀਰ ਸਿੰਘ ਜ਼ੀਰਾ ਵੱਲੋਂ ਕੀਤਾ ਗਿਆ। ਇਸ ਦੌਰਾਨ ਦੋਵੇਂ ਵਿਧਾਇਕਾਂ ਵੱਲੋਂ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਦੇ ਉਦੇਸ਼ ਹਿੱਤ ਪੰਜਾਬ ਦੇ ਨੌਜਵਾਨ ਲੜਕੇ/ਲੜਕੀਆਂ ਲਈ ਸਵੈ ਰੁਜ਼ਗਾਰ ਸਕੀਮਾਂ ਸਬੰਧੀ ਕਿਤਾਬਚਾ ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਅਤੇ ਐੱਸ.ਐੱਸ.ਪੀ. ਸ੍ਰ. ਪ੍ਰੀਤਮ ਸਿੰਘ ਵੀ ਮੌਜੂਦ ਸਨ। 

ਇਸ ਮੌਕੇ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪੰਜਾਬ ਸਰਕਾਰ ਦੀ ਸਕੀਮ ਘਰ-ਘਰ ਨੌਕਰੀ ਅਧੀਨ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਬਿਊਰੋ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕਰਕੇ ਸਰਕਾਰ ਦੀਆਂ ਟ੍ਰੇਨਿੰਗ ਸਹੂਲਤਾਂ, ਸਵੈ-ਰੁਜ਼ਗਾਰ ਸਕੀਮਾਂ, ਕਰਜ਼ਾ ਸਹੂਲਤਾਂ, ਭਲਾਈ ਸਕੀਮਾਂ ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਜ਼ਿਲ੍ਹੇ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦਾ ਨੌਜਵਾਨਾਂ ਨੂੰ ਬੇਹੱਦ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਵਿੱਚ ਹੁਣ ਤੱਕ ਇੱਕ 1035 ਨੌਜ਼ਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆ ਗਈਆਂ ਹਨ। 

ਇਸ ਦੌਰਾਨ ਮੌਜੂਦ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਵਿਧਾਇਕ ਜ਼ੀਰਾ ਸ੍ਰ. ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਸਖਤ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੀਤੀ ਗਈ  ਮਿਹਨਤ ਕਦੀ ਵੀ ਅਜਾਈ ਨਹੀ ਜਾਂਦੀ। ਉਨ੍ਹਾਂ ਵਿਦਿਆਰਥੀਆਂ ਨੂੰ ਹੁਣੇ ਤੋਂ ਹੀ ਜ਼ਿੰਦਗੀ ਦਾ ਟੀਚਾ ਮਿੱਥਣ ਲਈ ਵੀ ਜਾਗਰੂਕ ਕੀਤਾ। 

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਨੇ  ਦੱਸਿਆ ਕਿ ਬਿਊਰੋ ਵਿੱਚ ਆਉਣ ਵਾਲੇ ਬੇਰੁਜ਼ਗਾਰਾਂ ਦੀ ਰਜਿਸਟਰੇਸ਼ਨ ਰੁਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਦੇ ਪੋਰਟਲ ਘਰ-ਘਰ ਰੁਜ਼ਗਾਰ 'ਤੇ ਕਰਵਾਉਣੀ ਯਕੀਨੀ ਬਣਾਉਣ ਲਈ ਵਿਸ਼ੇਸ਼ ਰਜਿਸਟਰੇਸ਼ਨ ਕਾਊਂਟਰ ਬਣਾਇਆ ਗਿਆ ਹੈ ਅਤੇ ਬਿਊਰੋ ਵੱਲੋਂ ਹਰ ਮਹੀਨੇ ਪਲੇਸਮੈਂਟ ਕੈਂਪ ਲਾਏ ਜਾਇਆ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਰੁਜ਼ਗਾਰ ਬਿਊਰੋ ਰਾਹੀਂ ਵਿਦੇਸ਼ਾਂ ਵਿੱਚ ਨੌਕਰੀਆਂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਕਾਊਂਸਲਿੰਗ ਸਮੇਤ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਬਿਊਰੋ ਵਿਖੇ ਆਉਣ ਵਾਲੇ ਬੇਰੁਜ਼ਗਾਰ ਨੌਜਵਾਨਾਂ ਲਈ ਉੱਚ ਪੱਧਰੀ ਇੰਟਰਨੈੱਟ ਸਹੂਲਤ ਦੇਣ ਦੇ ਨਾਲ-ਨਾਲ ਐਲ.ਈ.ਡੀ. ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ, ਕਾਊਂਸਲਿੰਗ ਆਦਿ ਲਈ ਵੱਖ-ਵੱਖ ਕਾਊਂਟਰ ਸਥਾਪਿਤ ਕੀਤੇ ਗਏ ਹਨ।

ਇਸ ਮੌਕੇ ਐੱਸ.ਡੀ.ਐੱਮ. ਫਿਰੋਜ਼ਪੁਰ ਅਮਿਤ ਗੁਪਤਾ, ਐੱਸ.ਡੀ. ਐੱਮ. ਗੁਰੂਹਰਸਹਾਏ ਸ੍ਰੀ. ਕੁਲਦੀਪ ਬਾਵਾ, ਸਹਾਇਕ ਕਮਿਸ਼ਨਰ (ਜ.) ਸ੍ਰ. ਰਣਜੀਤ ਸਿੰਘ, ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ. ਅਸ਼ੋਕ ਜਿੰਦਲ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

Related Articles

Back to top button