Ferozepur News

ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ 2900 ਕਿਸਾਨਾਂ ਦੇ 20 ਕਰੋੜ ਰੁਪਏ ਦੇ ਕਰੀਬ ਹੋਏ ਕਰਜ਼ੇ ਮੁਆਫ਼

ਗੁਰੂਹਰਸਹਾਏ (ਫ਼ਿਰੋਜ਼ਪੁਰ) 29 ਮਈ 2018 (Manish Bawa  )  ਪੰਜਾਬ ਸਰਕਾਰ ਵੱਲੋਂ ਰਾਜ ਦੇ ਛੋਟੇ ਤੇ ਗ਼ਰੀਬ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਇੱਕ ਇਤਿਹਾਸਕ ਤੇ ਦਲੇਰੀ ਭਰਿਆ ਫ਼ੈਸਲਾ ਹੈ, ਜਿਸ ਅਧੀਨ 10 ਲੱਖ 22 ਹਜ਼ਾਰ ਕਰੋੜ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ (ਖੇਡਾਂ ਤੇ ਯੁਵਕ ਸੇਵਾਵਾਂ) ਰਾਣਾ ਗੁਰਮੀਤ ਸਿੰਘ ਸੋਢੀ ਨੇ ਰਿਜ਼ੀ ਰਿਜ਼ੋਰਟਸ ਗੁਰੂਹਰਸਹਾਏ ਵਿਖੇ ਹਲਕੇ ਦੇ 2900 ਦੇ ਕਰੀਬ ਕਿਸਾਨਾਂ ਨੂੰ ਕਰੀਬ 20 ਕਰੋੜ ਰੁਪਏ ਦਾ ਕਰਜ਼ਾ ਰਾਹਤ ਸਕੀਮ ਦਾ ਲਾਭ ਦੇਣ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। 

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਵਿਚ ਕਿਸਾਨਾਂ ਦੀ ਆਮਦਨ ਵਧਾਉਣ ਲਈ ਆਧੁਨਿਕ ਢੰਗ ਨਾਲ ਖੇਤੀ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਕਿਸਾਨਾਂ ਨੂੰ ਆਰਥਿਕ ਮੰਦਹਾਲੀ 'ਚੋਂ ਬਾਹਰ ਕੱਢਣ ਲਈ ਕਰਜ਼ਾ ਮੁਆਫ਼ੀ ਸਕੀਮ ਚਲਾਈ ਗਈ ਹੈ।  ਉਨ੍ਹਾਂ ਦੱਸਿਆ ਕਿ ਅੱਜ  ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਢਾਈ ਏਕੜ ਤੋਂ ਘੱਟ ਜ਼ਮੀਨ ਦੀ ਮਾਲਕੀ ਵਾਲੇ ਕਰੀਬ 2900 ਸੀਮਾਂਤ ਕਿਸਾਨ, ਜਿਨ੍ਹਾਂ ਨੇ ਸਹਿਕਾਰੀ ਬੈਂਕਾਂ ਤੋਂ 2 ਲੱਖ ਰੁਪਏ ਤੱਕ ਦੇ ਕਰਜ਼ੇ ਲਏ ਸਨ, ਉਨ੍ਹਾਂ ਦੇ ਕਰੀਬ  20 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਨੇ ਇਹ ਸਕੀਮ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਦੇ 10 ਸਾਲ ਦੇ ਕਾਰਜ ਦੌਰਾਨ ਪੰਜਾਬ ਦੀ ਕਿਸਾਨੀ ਕਰਜ਼ੇ ਹੇਠਾਂ ਦੱਬ ਗਈ, ਜਦਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੀ ਸਰਕਾਰ ਦੁਆਰਾ ਸਰਕਾਰੀ ਖ਼ਜ਼ਾਨਾ ਖ਼ਾਲੀ ਛੱਡਣ ਦੇ ਬਾਵਜੂਦ ਵੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਸਰਕਾਰ ਵੱਲੋਂ ਕੋਈ ਵੀ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ। 
ਸ੍ਰ: ਸੋਢੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਖੇਡ ਨੀਤੀ ਵਿਚ ਵੱਡੀ ਪੱਧਰ ਤੇ ਸੁਧਾਰ ਕੀਤੇ ਗਏ ਹਨ,  ਜੋ ਕਿ ਪੂਰੀ ਤਰ੍ਹਾਂ ਖਿਡਾਰੀ ਅਤੇ ਖੇਡ ਪੱਖੀ ਹੋਵੇਗੀ, ਜਿਸ ਦੇ ਲਾਗੂ ਹੋਣ ਨਾਲ ਪੰਜਾਬ ਵਿਚ ਨਵੀਂ ਖੇਡ ਕ੍ਰਾਂਤੀ ਆਵੇਗੀ।  ਉਨ੍ਹਾਂ ਕਿਹਾ ਕਿ ਸੂਬੇ ਵਿਚ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੇ ਖਿਡਾਰੀ ਪੈਦਾ ਕਰਨ  ਅਤੇ ਖਿਡਾਰੀਆਂ ਨੂੰ ਆਧੁਨਿਕ ਖੇਡ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਦੇ ਖੇਡ ਮੈਦਾਨਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਵਿਚ ਜਿੱਥੇ ਜੇਤੂ ਖਿਡਾਰੀਆਂ ਦੀ ਨਗਦ ਰਾਸ਼ੀ ਵਿਚ ਵੀ ਵਾਧਾ ਕੀਤਾ ਜਾਵੇਗਾ ਉੱਥੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਘਰ-ਘਰ ਨੌਕਰੀ ਦੇਣ ਵਾਸਤੇ ਵੀ ਜੰਗੀ ਪੱਧਰ ਤੇ ਕੰਮ ਚੱਲ ਰਿਹਾ ਹੈ, ਜਿਸ ਤਹਿਤ ਪਿਛਲੇ ਸਾਲ ਵਿਚ 1 ਲੱਖ 62 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਉਪਰਾਲੇ ਨਾਲ ਬੇਰੁਜ਼ਗਾਰੀ ਨੂੰ ਵੱਡੇ ਪੱਧਰ ਤੇ ਠੱਲ੍ਹ ਪਵੇਗੀ। 
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਈ.ਏ.ਐਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਵਿਖੇ ਹੋਏ ਸਮਾਗਮ ਦੌਰਾਨ ਜ਼ਿਲ੍ਹੇ ਦੇ 8991 ਕਿਸਾਨਾਂ ਦੇ 58.73 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ।  ਇਸ ਤਰ੍ਹਾਂ ਹੁਣ ਤੱਕ ਜ਼ਿਲ੍ਹੇ ਦੇ ਕਰੀਬ 12000 ਕਿਸਾਨਾਂ ਦੇ 70 ਕਰੋੜ ਦੇ ਕਰੀਬ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਇਹ ਕਰਜ਼ ਮੁਆਫ਼ੀ ਦੇ ਪੈਸੇ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਭੇਜੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਕਿਸਾਨ ਕਰਜ਼ਾ ਰਾਹਤ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਨ੍ਹਾਂ ਕਿਸਾਨਾਂ ਦਾ ਵੀ ਸਰਵੇ ਕਰਦੇ ਕਰਜ਼ਾ ਮੁਆਫ਼ ਕੀਤਾ ਜਾਵੇਗਾ ਤਾਂ ਜੋ ਹਰ ਯੋਗ ਕਿਸਾਨ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਸਕੇ।
ਇਸ ਮੌਕੇ ਐਸ.ਐਸ.ਪੀ ਫਿਰੋਜ਼ਪੁਰ ਸ੍ਰ: ਪ੍ਰੀਤਮ ਸਿੰਘ, ਸ੍ਰ: ਗੁਰੂ ਹਰਦੀਪ ਸਿੰਘ ਸੋਢੀ, ਸ੍ਰ: ਚਰਨਦੀਪ ਸਿੰਘ ਐਸ.ਡੀ.ਐਮ ਗੁਰੂਹਰਸਹਾਏ, ਸ਼੍ਰੀ ਰਤਨ ਲਾਲ ਕੁੱਕੜ ਜੁਆਇੰਟ ਰਜਿਸਟਰਾਰ ਸਹਿਕਾਰੀ ਸਭਾਵਾ, ਸ੍ਰ: ਸੁਖਵਿੰਦਰ ਸਿੰਘ ਗਿੱਲ ਜ਼ਿਲ੍ਹਾ ਮੈਨੇਜਰ ਸਹਿਕਾਰੀ ਬੈਂਕ, ਸ੍ਰ: ਸਤਨਾਮ ਸਿੰਘ ਏ.ਆਰ ਜਲਾਲਾਬਾਦ, ਸ੍ਰ: ਤੇਜਬੀਰ ਸਿੰਘ ਸੰਧੂ ਮੈਨੇਜਰ,  ਸ਼੍ਰੀ ਰਵੀ ਸ਼ਰਮਾ, ਸ੍ਰ: ਗੁਰਦੀਪ ਸਿੰਘ ਢਿੱਲੋਂ, ਐਡਵੋਕੇਟ ਸ਼ਵਿੰਦਰ ਸਿੰਘ ਸਿੱਧੂ,  ਅਮ੍ਰਿਤਪਾਲ ਸਿੰਘ, ਸ਼੍ਰੀ ਰਾਜੂ ਸਾਈਆਂ ਵਾਲਾ, ਸ਼੍ਰੀ ਵਿੱਕੀ ਸੰਧੂ (ਓ.ਐਸ.ਡੀ), ਸ੍ਰ: ਦਵਿੰਦਰ ਸਿੰਘ ਜੰਗ, ਸ਼੍ਰੀ ਰਵੀ ਦੱਤ ਚਾਵਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਹਿਕਾਰੀ ਸਭਾਵਾਂ ਦੇ ਮੈਂਬਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Related Articles

Back to top button