Ferozepur News

ਸ਼ਹੀਦਾਂ ਤੋਂ ਸੇਧ ਲੈ ਕੇ ਪੰਜਾਬ ਪੁਲਿਸ ਨੂੰ ਲੋਕ ਸੇਵਾ ਪ੍ਰਤੀ ਹੋਰ ਵੀ ਤਨਦੇਹੀ ਨਾਲ ਕਰਨਾ ਚਾਹੀਦਾ ਹੈ ਕੰਮ:-ਡੀ.ਆਈ.ਜੀ. ਐੱਮ. ਐੱਸ. ਛੀਨਾ

ਦੇਸ਼ ਦੀ ਅੰਦਰੂਨੀ ਸੁਰੱਖਿਆ ਵਿਚ ਪੁਲਿਸ ਦਾ ਹੈ ਵੱਡਾ ਯੋਗਦਾਨ- ਪਰਮਿੰਦਰ ਸਿੰਘ ਪਿੰਕੀ

ਫ਼ਿਰੋਜ਼ਪੁਰ ਪੁਲਿਸ ਹਰ ਦੁੱਖ ਦੀ ਘੜੀ ਵਿੱਚ ਸ਼ਹੀਦ ਪਰਿਵਾਰਾਂ ਦੇ ਨਾਲ- ਐਸ.ਐਸ.ਪੀ. ਪ੍ਰੀਤਮ ਸਿੰਘ 

ਪੁਲੀਸ ਲਾਈਨ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਦਾ ਆਯੋਜਨ

 

ਫ਼ਿਰੋਜ਼ਪੁਰ 21 ਅਕਤੂਬਰ 2018 (   Harish Monga   ) ਮਾਨਯੋਗ ਡਾਇਰੈਕਟਰ ਜਨ. ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਆਈ.ਜੀ ਸ੍ਰੀ. ਮੁਖਵਿੰਦਰ ਸਿੰਘ ਛੀਨਾ ਆਈ.ਪੀ.ਐੱਸ. ਫ਼ਿਰੋਜ਼ਪੁਰ ਰੇਂਜ ਦੀ ਪ੍ਰਧਾਨਗੀ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਪੁਲਿਸ ਕਰਮਚਾਰੀਆਂ ਦੀ ਯਾਦ ਵਿੱਚ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ (ਸਮ੍ਰਿਤੀ) ਦਿਵਸ ਦਾ ਆਯੋਜਨ ਪੁਲਿਸ  ਲਾਈਨ ਫ਼ਿਰੋਜ਼ਪੁਰ  ਵਿਖੇ ਕੀਤਾ ਗਿਆ। ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ, ਜੁਡੀਸ਼ਰੀ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਸ਼ਹੀਦੀ ਸਮਾਗਮ ਵਿਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ, ਐੱਸ.ਐੱਸ.ਪੀ. ਸ੍ਰ. ਪ੍ਰੀਤਮ ਸਿੰਘ, ਜ਼ਿਲ੍ਹਾ ਸੈਸ਼ਨ ਜੱਜ ਐੱਸ.ਕੇ.ਅਗਰਵਾਲ, ਐੱਸ.ਡੀ.ਐੱਮ. ਸ੍ਰੀ. ਅਮਿਤ ਗੁਪਤਾ ਅਤੇ ਐੱਸ.ਪੀ.ਡੀ.ਸ੍ਰ. ਬਲਜੀਤ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। 

ਸਮਾਗਮ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ ਫ਼ਿਰੋਜ਼ਪੁਰ ਰੇਂਜ ਸ੍ਰੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ 21 ਅਕਤੂਬਰ 1959 ਨੂੰ ਚੀਨੀਆਂ ਵਿਰੁੱਧ ਲੜਾਈ ਦੌਰਾਨ ਲੇਹ ਲੱਦਾਖ ਦੇ ਹੋਂਟ ਸਪਰਿੰਗ ਇਲਾਕੇ ਵਿਚ ਤਾਇਨਾਤ ਕੀਤੇ ਗਏ ਜਵਾਨਾਂ ਦੀ ਇੱਕ ਟੁਕੜੀ ਤੇ ਚੀਨੀਆਂ ਵੱਲੋਂ ਅਚਾਨਕ ਘਾਤ ਲਗਾ ਕੇ ਹਮਲਾ ਕੀਤਾ ਗਿਆ। ਜਿਸ ਵਿਚ ਭਾਰਤੀ ਪੁਲੀਸ ਦੇ 10 ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਦੀ ਯਾਦ ਵਿਚ ਤੇ ਡਿਊਟੀ ਦੌਰਾਨ ਹੋਰ ਮਾਰੇ ਗਏ ਪੁਲੀਸ ਅਧਿਕਾਰੀਆਂ/ਕਰਮਚਾਰੀਆਂ ਦੀ ਯਾਦ ਤਾਜਾਂ ਰੱਖਣ ਲਈ ਸਾਲ 1960 ਵਿਚ ਸਮੂਹ ਸਟੇਟਾਂ ਦੇ ਆਈ.ਜੀ.ਪੀਜ਼ ਦੀ ਕਾਨਫ਼ਰੰਸ ਵਿਚ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਹਰ ਸਾਲ ਸਾਰੇ ਦੇਸ਼ ਵਿਚ ਜ਼ਿਲ੍ਹਾ ਹੈਡਕੁਆਰਟਰਾਂ ਅਤੇ ਹੋਰ ਪੁਲਿਸ ਯੂਨਿਟਾਂ ਵਿਚ 21 ਅਕਤੂਬਰ ਨੂੰ ਇਹ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਕੁੱਲ 1784 ਪੁਲੀਸ ਅਧਿਕਾਰੀ/ਕਰਮਚਾਰੀ ਸ਼ਹੀਦ ਹੋਏ ਸਨ ਜਿਨ੍ਹਾਂ ਵਿਚ ਡੀ.ਆਈ.ਜੀ-2, ਐਸ.ਐਸ.ਪੀ-3, ਐਸ.ਪੀ-4, ਡੀ.ਐਸ.ਪੀ-12, ਇੰਸਪੈਕਟਰ-32, ਸਬ ਇੰਸਪੈਕਟਰ-61, ਅਸਿਸਟੈਂਟ ਸਬ-ਇੰਸਪੈਕਟਰ-111, ਹੌਲਦਾਰ-268, ਸਿਪਾਹੀ-817, ਹੋਮ ਗਾਰਡਜ਼ ਵਲੰਟੀਅਰ-294 ਅਤੇ ਐਸ.ਪੀ.ਓਜ਼-180 ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਦੇ ਹੋਏ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ 44 ਕਰਮਚਾਰੀ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਹਨ ਜਿਨ੍ਹਾਂ ਵਿਚੋਂ ਸਬ ਇੰਸਪੈਕਟਰ-1, ਏ.ਐਸ.ਆਈਜ਼-4, ਐੱਚ.ਸੀਜ਼-10, ਸਿਪਾਹੀ-7, ਐੱਸ.ਪੀ.ਓਜ਼-5 ਅਤੇ ਪੀ.ਐੱਸ.ਜੀ-17 ਹਨ। ਉਨ੍ਹਾਂ ਕਿਹਾ ਕਿ  ਸਾਨੂੰ ਇਨ੍ਹਾਂ ਸ਼ਹੀਦਾਂ ਤੇ ਪੂਰਾ ਮਾਨ ਹੈ ਅਤੇ ਸਦਾ ਰਹੇਗਾ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਇਹ ਵੀ ਫਰਜ਼ ਬਣਦਾ ਹੈ ਕਿ ਅਸੀਂ ਨਸ਼ਿਆਂ ਵਰਗੀ ਭਿਆਨਕ ਬਿਮਾਰੀ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਪਾਈਏ। 

  ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਪੁਲਿਸ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਅਤੇ ਪੁਲਿਸ ਜਵਾਨਾਂ ਨੂੰ ਹਮੇਸ਼ਾ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਪੁਲਿਸ ਦੇ ਅਧਿਕਾਰੀਆਂ, ਜਵਾਨਾਂ ਨੂੰ ਕਿਹਾ ਕਿ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਜਾਬ ਪੁਲਿਸ ਨੂੰ ਲੋਕ ਸੇਵਾ ਪ੍ਰਤੀ  ਹੋਰ ਵੀ ਤਨਦੇਹੀ ਨਾਲ ਸਮਰਪਿਤ ਕਰਨ। 

            ਜ਼ਿਲ੍ਹਾ ਸੈਸ਼ਨ ਜੱਜ ਸ੍ਰੀ. ਐੱਸ.ਕੇ.ਅਗਰਵਾਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆ ਪੁਲਿਸ ਦੇ ਗੌਰਵਮਈ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਿਸ ਕਰਮਚਾਰੀਆਂ ਦੀਆਂ ਸ਼ਹੀਦੀਆਂ ਕਰਕੇ ਹੀ ਅੱਤਵਾਦ ਦੇ ਦੌਰ ਤੋਂ ਛੁਟਕਾਰਾ ਮਿਲਿਆ ਹੈ। ਉਨ੍ਹਾਂ ਸ਼ਹੀਦੀ ਪਰਿਵਾਰਾਂ ਨੂੰ ਕਿਹਾ ਕਿ ਜੁਡੀਸ਼ਰੀ ਸਬੰਧੀ ਕੰਮ ਕਰਨ ਲਈ ਉਹ ਹਮੇਸ਼ਾ ਤਤਪਰ ਰਹਿਣਗੇ। 

ਇਸ ਮੌਕੇ ਜ਼ਿਲ੍ਹਾ ਪੁਲੀਸ ਸ੍ਰ. ਪ੍ਰੀਤਮ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਇਸੇ ਵਿਰਾਸਤ ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜੀ ਹੈ।  ਉਨ੍ਹਾਂ ਪੁਲਿਸ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ ਆਪਣੇ ਫ਼ੰਡ ਵਿੱਚੋਂ 10 ਰੁਪਏ ਦੀ ਕਟੌਤੀ ਕਰਕੇ ਸੇਵਾ ਭਲਾਈ ਦੇ ਕੰਮ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਜੋ ਸ਼ਹੀਦਾਂ ਦੇ ਪਰਿਵਾਰਾਂ ਦੀ ਸਿਹਤ ਅਤੇ ਬੱਚਿਆਂ ਦੀ ਪੜ੍ਹਾਈ ਸਮੇਤ ਵੱਖ-ਵੱਖ ਸਹੂਲਤਾਂ ਤੇ ਇਹ ਫੰਡ ਲਗਾਏ ਜਾਣ।  

      ਇਸ ਤੋਂ ਪਹਿਲਾ ਐੱਸ.ਪੀ.ਡੀ ਬਲਜੀਤ ਸਿੰਘ ਸੰਧੂ ਵੱਲੋਂ ਦੇਸ਼ ਦੀਆਂ ਵੱਖ ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ ਅਫ਼ਸਰਾਂ ਅਤੇ ਜਵਾਨਾਂ ਦੇ ਨਾਮਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ ਅਤੇ ਪੁਲਿਸ, ਜੁਡੀਸ਼ਰੀ  ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦੀ ਸਮਾਰਕ 'ਤੇ ਫੁੱਲ ਮਾਲਾਵਾਂ ਵੀ ਭੇਂਟ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਡੀ.ਐੱਸ.ਪੀ.ਜ਼ੀਰਾ ਸ੍ਰ. ਨਰਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਜੁਆਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ ਅਤੇ ਮਹਿਮਾਨਾਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਬੜੇ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ  ਸਬੰਧਿਤ ਅਧਿਕਾਰੀਆਂ ਨੂੰ  ਮੌਕੇ ਤੇ ਆਦੇਸ਼ ਦਿੱਤੇ। ਇਸ ਮੌਕੇ ਪੁਲਿਸ ਵਿਭਾਗ ਵੱਲੋਂ ਵਰਦਾਨ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਫਰੀ ਸ਼ੂਗਰ ਚੈਕਅੱਪ ਕੈਂਪ ਪੀ ਲਗਾਇਆ ਗਿਆ।

  ਇਸ ਮੌਕੇ ਡੀ. ਐੱਸ.ਪੀ. ਸ੍ਰ. ਲਖਬੀਰ ਸਿੰਘ, ਡੀ.ਐੱਸ.ਪੀ. ਸ੍ਰ. ਜਸਵੀਰ ਸਿੰਘ, ਰਿਟਾਇਰ ਡੀ.ਐੱਸ.ਪੀ. ਸ੍ਰ. ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿਵਲ, ਹੋਮ ਗਾਰਡਜ਼, ਸ਼ਹੀਦਾਂ ਦੇ ਪਰਿਵਾਰ ਤੇ ਪੁਲੀਸ ਅਧਿਕਾਰੀ ਮੌਜੂਦ ਸਨ।                   

Related Articles

Back to top button