ਸ਼ਹੀਦ ਕੁਲਦੀਪ ਸਿੰਘ ਦੇ ਜੱਦੀ ਪਿੰਡ ਲੋਹੁਕੇ ਕਲਾਂ ਵਿਖੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਰੱਖੇ ਪਾਠ ਦੇ ਪਾਏ ਗਏ ਭੋਗ ਅਤੇ ਕੀਤੀ ਗਈ ਅੰਤਿਮ ਅਰਦਾਸ
ਸੈਨਿਕ ਭਲਾਈ ਵਿਭਾਗ ਵੱਲੋਂ ਦਿੱਤਾ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਦਿੱਤਾ 5 ਲੱਖ ਰੁਪਏ ਦਾ ਚੈੱਕ
ਸ਼ਹੀਦ ਕੁਲਦੀਪ ਸਿੰਘ ਦੇ ਜੱਦੀ ਪਿੰਡ ਲੋਹੁਕੇ ਕਲਾਂ ਵਿਖੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਰੱਖੇ ਪਾਠ ਦੇ ਪਾਏ ਗਏ ਭੋਗ ਅਤੇ ਕੀਤੀ ਗਈ ਅੰਤਿਮ ਅਰਦਾਸ
ਸੈਨਿਕ ਭਲਾਈ ਵਿਭਾਗ ਵੱਲੋਂ ਦਿੱਤਾ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਦਿੱਤਾ 5 ਲੱਖ ਰੁਪਏ ਦਾ ਚੈੱਕ
ਫਿਰੋਜ਼ਪੁਰ/ਜ਼ੀਰਾ, 19 ਜੁਲਾਈ, 2022:
ਦੇਸ਼ ਦੀ ਸੁਰੱਖਿਆ ਕਰਨ ਲਈ ਫੌਜ ਵਿੱਚ ਭਰਤੀ ਹੋਏ ਜ਼ੀਰਾ ਦੇ ਪਿੰਡ ਲੌਹੁਕੇ ਕਲਾਂ ਦੇ ਵਸਨੀਕ ਫੌਜੀ ਜਵਾਨ ਸ. ਕੁਲਦੀਪ ਸਿੰਘ ਜੋ ਕਿ ਚੀਨ ਦੇ ਬਾਰਡਰ ਤੇ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਆਜ਼ਾਦੀ ਘੁਲਾਟੀਏ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ।
ਸ਼ਹੀਦੀ ਪਾਉਣ ਵਾਲੇ ਭਾਰਤੀ ਫੌਜ਼ ਦੇ ਜਵਾਨ ਕੁਲਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਦੀ ਅੰਤਿਮ ਅਰਦਾਸ ਮੌਕੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਪੁੱਜੇ ਅਤੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਾਰਤੀ ਫੌਜ਼ ਦੀ 21 ਸਿੱਖ ਰੈਜੀਮੈਂਟ ਵੱਲੋਂ ਸ਼ਹੀਦ ਕੁਲਦੀਪ ਸਿੰਘ ਦੇ ਮਾਤਾ ਅਤੇ ਪਤਨੀ ਨੂੰ ਸਰੋਪਾਓ ਭੇਂਟ ਕੀਤਾ ਗਿਆ।
ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੇ ਸੈਨਿਕ ਭਲਾਈ ਵਿਭਾਗ ਵੱਲੋਂ 5 ਲੱਖ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ ਅਤੇ 25 ਹਜ਼ਾਰ ਰੁਪਏ ਦਾ ਇਕ ਚੈੱਕ ਅਲੱਗ ਤੋਂ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਪਿੰਡ ਵਾਲਿਆਂ ਦੀ ਮੰਗ ਪਿੰਡ ਵਿੱਚ ਹਸਪਤਾਲ, ਸੜਕਾਂ ਚੌੜੀਆਂ ਕਰਨ ਅਤੇ ਸਟੇਡੀਅਮ ਬਣਾਉਣ ਸਬੰਧੀ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਪਿੰਡ ਵਿੱਚ ਸਹੂਲਤਾਂ ਦੇਣ ਲਈ ਯੋਗ ਕਦਮ ਉਠਾਏ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਸਾਰੇ ਪਿੰਡ ਵਾਸੀਆਂ ਅਤੇ ਸ਼ਹੀਦ ਦੇ ਰਿਸ਼ਤੇਦਾਰਾਂ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਜੁਲ ਕੇ ਰਹਿਣ ਅਤੇ ਹਰ ਤਰ੍ਹਾਂ ਦੀ ਮੱਦਦ ਕਰਨ ਦੀ ਅਪੀਲ ਵੀ ਕੀਤੀ।
ਸ਼ਹੀਦ ਕੁਲਦੀਪ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆਂ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਮੱਦਦ ਦੇਣ ਬਾਰੇ ਕਿਹਾ।
ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ, ਐਸ.ਐਸ.ਪੀ. ਫਿਰੋਜ਼ਪੁਰ ਚਰਨਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਵਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ, ਐਸ.ਡੀ.ਐਮ. ਜ਼ੀਰਾ ਇੰਦਰਪਾਲ ਸਾਬਕਾ ਡੀ.ਜੀ.ਪੀ. ਸ. ਮਹਿਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਕਾ ਨਿਵਾਸੀ ਅਤੇ ਰਿਸ਼ਤੇਦਾਰ ਹਾਜ਼ਰ ਸਨ। ਇਸ ਮੌਕੇ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ.) ਕਰਨਲ ਕਸ਼ਮੀਰ ਸਿੰਘ ਦੀ ਅਗਵਾਈ ਵਿੱਚ ਹਾਜ਼ਰ ਹੋਏ।