Ferozepur News
ਸਫਾਈ ਮੁਹਿੰਮ ਵਿੱਚ ਸਾਰੇ ਵਿਭਾਗ ਆਪਣਾ ਸਹਿਯੌਗ ਦੇਣ: ਡਿਪਟੀ ਕਮਿਸ਼ਨਰ ਸਵੱਛਤਾ ਅਭਿਆਨ ਵਿੱਚ ਯੋਗਦਾਨ ਪਾ ਕੇ ਆਪਣੇ ਜ਼ਿਲ੍ਹੇ ਨੂੰ ਦਿਵਾਓ ਸਨਮਾਨ
ਫਿਰੋਜ਼ਪੁਰ 27 ਜੁਲਾਈ 2018 Manish Bawa
ਮਿਸ਼ਨ ਸਵੱਛ ਅਤੇ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਨੂੰ ਮੁੱਢਲੀ ਕਤਾਰ ਵਿੱਚ ਲਿਆਉਣ ਲਈ ਸਮੂਹ ਵਿਭਾਗ ਆਪਣਾ ਯੋਗਦਾਨ ਦੇਣ ਅਤੇ ਜ਼ਿਲ੍ਹੇ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਨੂੰ ਸਫਾਈ ਪੱਖੋਂ ਬਿਹਤਰ ਬਣਾਇਆ ਜਾਵੇ ਅਤੇ ਇਸ ਕੰਮ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਇਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਰੇਗਾ ਮਜ਼ਦੂਰਾਂ ਦੀ ਮੱਦਦ ਨਾਲ ਪਿੰਡਾਂ ਵਿੱਚ ਛੱਪੜਾਂ, ਗਲੀਆਂ ਅਤੇ ਨਾਲੀਆਂ ਦੀ ਸਫਾਈ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ 31 ਅਗਸਤ ਤੱਕ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਪਿੰਡਾਂ ਵਿੱਚ ਖਾਲੀ ਪਈਆਂ ਢੁੱਕਵੀਆਂ ਥਾਵਾਂ 'ਤੇ ਪਾਰਕ ਬਣਾਏ ਜਾਣ। ਉਨ੍ਹਾਂ ਨੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰਾਂ ਵਿੱਚ ਬਣੇ ਹੋਏ ਅਹਾਤਿਅਆਂ ਨੂੰ ਪਸ਼ੂਆਂ ਦੇ ਗੋਬਰ ਨੂੰ ਨਾਲੀਆਂ ਵਿੱਚ ਪਾਉਣ ਤੋਂ ਰੋਕਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸੜਕਾਂ ਕਿਨਾਰੇ ਲੱਗੇ ਹੋਏ ਖੰਭਿਆਂ ਅਤੇ ਹੋਰਨਾਂ ਥਾਵਾਂ ਤੋਂ ਵੱਖ-ਵੱਖ ਤਰ੍ਹਾਂ ਦੇ ਜੋ ਬੋਰਡ ਲੱਗੇ ਹੋਏ ਹਨ ਉਨ੍ਹਾਂ ਨੂੰ ਉਤਾਰਿਆ ਜਾਵੇ।
ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸੀ.ਡੀ.ਪੀ.ਓ. ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕਈ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਜੋ ਕਮਰੇ ਖਸਤਾ ਹਾਲਤ ਵਿੱਚ ਹਨ, ਜਿੰਨ੍ਹਾਂ ਕਰਕੇ ਹਮੇਸ਼ਾ ਦੁਰਘਟਨਾਵਾਂ ਵਾਪਰਨ ਦਾ ਡਰ ਬਣਿਆਂ ਰਹਿੰਦਾ ਹੈ, ਨੂੰ ਢਾਹ ਦਿੱਤਾ ਜਾਵੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਦਫਤਰਾਂ ਵਿੱਚ ਵੀ ਸਫਾਈ ਦਾ ਪੂਰਾ ਧਿਆਨ ਰੱਖਿਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਵਿੰਦਰਪਾਲ ਸਿੰਘ ਸੰਧੂ, ਐਸ.ਡੀ.ਐਮ. ਫਿਰੋਜ਼ਪੁਰ ਸ. ਨਰਿੰਦਰ ਸਿੰਘ, ਐਸ.ਡੀ.ਐਮ. ਗੁਰਹਰਸਹਾਏ ਸ. ਚਰਨਦੀਪ ਸਿੰਘ, ਐਸ.ਡੀ.ਐਮ. ਜ਼ੀਰਾ ਸ੍ਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ(ਜ) ਸ੍ਰ. ਰਣਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰ. ਹਰਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।