ਸਮਾਜ ਸੇਵਾ ਦੇ ਕੰਮਾਂ ‘ਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ, ਸਮਾਜ ਸੇਵਕਾਂ ਅਤੇ ਚੋਣਾਂ ਦੌਰਾਨ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਸਮਾਜ ਸੇਵਾ ਦੇ ਕੰਮਾਂ ‘ਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ, ਸਮਾਜ ਸੇਵਕਾਂ ਅਤੇ ਚੋਣਾਂ ਦੌਰਾਨ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਫ਼ਿਰੋਜ਼ਪੁਰ, 20 ਜੂਨ 2024:
ਜ਼ਿਲ੍ਹਾ ਪ੍ਰਸ਼ਾਸਨ/ਰੈੱਡ ਕਰਾਸ ਵੱਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਵਿਚ ਸਾਲਾਨਾ ਜਨਰਲ ਮੀਟਿੰਗ /ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਰੈੱਡ ਕਰਾਸ/ਜ਼ਿਲ੍ਹਾ ਪ੍ਰਸ਼ਾਸਨ ਨੂੰ ਸਮੇਂ-ਸਮੇਂ ‘ਤੇ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ, ਸਮਾਜ ਸੇਵਕਾਂ ਅਤੇ ਲੋਕ ਸਭਾ ਚੋਣਾਂ 2024 ਦੌਰਾਨ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਪੁਰਸਕਾਰ, ਸਰਟੀਫ਼ਿਕੇਟ/ ਪ੍ਰਸ਼ੰਸਾ ਪੱਤਰ ਦੇ ਕੇ ਧੰਨਵਾਦ/ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ. ਫਿਰੋਜ਼ਪੁਰ ਡਾ. ਚਾਰੂਮਿਤਾ, ਐੱਸ.ਡੀ. ਐਮ. ਗੁਰੂਹਰਸਹਾਏ ਗਗਨਦੀਪ ਸਿੰਘ, ਐੱਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸੂਰਜ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ, ਯੂਥ ਕਲੱਬਾਂ ਅਤੇ ਐਨ.ਜੀ.ਓਜ਼ ਦਾ ਜ਼ਿਲ੍ਹਾ ਪ੍ਰਸ਼ਾਸਨ ਤੇ ਰੈਡ ਕਰਾਸ ਸੰਸਥਾਂ ਦਾ ਸਮਾਜ ਸੇਵੀ ਕੰਮਾਂ ਵਿੱਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਣ ਲਈ ਇਲੈਕਸ਼ਨਾਂ ਦੌਰਾਨ ਜ਼ਿਲ੍ਹਾ ਚੋਣ ਦਫ਼ਤਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਨੇ ਚੋਣਾਂ ਦੌਰਾਨ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਦਾ ਵੀ ਧੰਨਵਾਦ ਕੀਤਾ ਅਤੇ ਅੱਗੇ ਤੋਂ ਵੀ ਅਜਿਹੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਤ ਕੀਤਾ।
ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਸੂਰਜ ਵੱਲੋਂ ਡਿਪਟੀ ਕਮਿਸ਼ਨਰ ਅਤੇ ਹਾਜ਼ਰੀਨ ਨੂੰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਕੀਤੀਆਂ ਗਈਆਂ ਲੋਕ ਭਲਾਈ ਗਤੀਵਿਧੀਆਂ ਤੇ ਖ਼ਰਚ ਕੀਤੀ ਰਾਸ਼ੀ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਜ਼ਿਲ੍ਹੇ ਅੰਦਰ ਰੈੱਡ ਕਰਾਸ ਦੀਆ ਦੁਕਾਨਾਂ ਦੇ ਕਿਰਾਏ ਸਬੰਧੀ ਅਤੇ ਅੱਗੇ ਦੁਕਾਨਾਂ ਦੀ ਕਿਰਾਏ ਵਜੋਂ ਮਿਆਦ ਵਧਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਕਿਹਾ ਕਿ ਜਿਹੜੇ ਦੁਕਾਨਦਾਰਾਂ ਦਾ ਕਿਰਾਇਆ ਬਕਾਇਆ ਹੈ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਸ ਰੈੱਡ ਕਰਾਸ ਵੱਲੋਂ ਦਿਵਿਆਂਗਜਨਾਂ ਨੂੰ ਟਰਾਈਸਾਈਕਲ, ਮੋਟਰਾਇਜਡ ਅਤੇ ਵੀਲਚੇਅਰਾਂ ਦੇਣ ਅਤੇ ਸੰਸਥਾਂ ਦੇ ਹੋਰ ਕੰਮਾਂ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ।
ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਡਾ. ਸਤਿੰਦਰ ਸਿੰਘ ਅਤੇ ਰਵੀ ਇੰਦਰ ਸਿੰਘ ਮੱਕੜ ਨੇ ਬਾਖੂਬੀ ਨਿਭਾਈ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀ ਚਾਂਦ ਪ੍ਰਕਾਸ਼, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸੀ.) ਨੀਲਮ ਰਾਣੀ, ਏ.ਸੀ.ਐਫ.ਏ. ਹਰਜਸਦੀਪ ਸਿੰਘ ਸਿੱਧੂ, ਡੀ.ਡੀ. ਐਫ. ਸੌਰਭ ਕੁਮਾਰ, ਇਲੈਕਸ਼ਨ ਕਾਨੂੰਗੋ ਗਗਨਦੀਪ ਕੌਰ, ਹਰੀਸ਼ ਮੋਂਗਾ, ਧਰਮਪਾਲ ਬਾਂਸਲ, ਸਰਬਜੀਤ ਸਿੰਘ ਭਾਵੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ /ਕਰਮਚਾਰੀ, ਪ੍ਰੈਸ ਦੇ ਨੁਮਾਇੰਦੇ ਅਤੇ ਐਨ.ਜੀ ਓਜ. ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।