Ferozepur News
ਸਵੇਰੇ 8 ਵਜੇ ਤੋ ਰਾਤ 8 ਵਜੇ ਤੱਕ ਐਫ.ਸੀ.ਆਈ. ਵਾਹਨਾਂ ਤੋਂ ਇਲਾਵਾ ਫ਼ਿਰੋਜਪੁਰ ਸ਼ਹਿਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਜ਼ਿਲ੍ਹੇ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ 'ਤੇ ਭੰਡਾਰਨ/ ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ
ਫ਼ਿਰੋਜਪੁਰ 11 ਜੂਨ 2018 ( Pankaj Madaan ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਆਈ.ਏ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜੁਲਾਈ 2018 ਤੱਕ ਲਾਗੂ ਰਹਿਣਗੇ।
ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਭਾਰੀ ਵਾਹਨਾਂ ਦੇ ਆਉਣ ਕਰਕੇ ਆਮ ਲੋਕਾਂ ਨੂੰ ਟ੍ਰੈਫ਼ਿਕ ਸਬੰਧੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਡਾ: ਰਿਚਾ ਆਈ.ਏ.ਐਸ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਇਆ ਫ਼ਿਰੋਜਪੁਰ ਸ਼ਹਿਰ ਅੰਦਰ ਸਵੇਰੇ 8 ਵਜੇ ਤੋ ਰਾਤ 8 ਵਜੇ ਤੱਕ (ਐਫ.ਸੀ.ਆਈ. ਦੇ ਵਾਹਨਾਂ ਤੋਂ ਇਲਾਵਾ) ਬਾਕੀ ਭਾਰੀ ਵਾਹਨਾਂ ਦੀ ਆਵਾਜਾਈ ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਏਰੀਆ ਮੈਨੇਜਰ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵੱਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਫ਼ਿਰੋਜ਼ਪੁਰ ਸ਼ਹਿਰ ਤੋਂ ਬਾਹਰ ਭੇਜੇ ਜਾਣ ਵਾਲੇ ਮਾਲ (ਕਣਕ/ਚਾਵਲ) ਦੀ ਢੁਆਈ ਦਾ ਰੂਟ ਲੰਬਾ ਹੋਣ ਕਰਕੇ ਇਸ ਤੇ ਖਰਚਾ ਕਰੋੜਾ ਰੁਪਇਆ ਦਾ ਵੱਧ ਜਾਂਦਾ ਹੈ ਜਿਸ ਕਾਰਨ ਸਰਕਾਰ ਦਾ ਕਾਫ਼ੀ ਮਾਲੀ ਨੁਕਸਾਨ ਹੁੰਦਾ ਹੈ। ਇਸ ਲਈ ਐਫ.ਸੀ.ਆਈ ਨੂੰ ਇਨ੍ਹਾਂ ਆਦੇਸ਼ਾਂ ਤੋਂ ਛੋਟ ਦਿੱਤੀ ਜਾਵੇ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਮੋਰੀ ਗੇਟ, ਬਗ਼ਦਾਦੀ ਗੇਟ, ਜ਼ੀਰਾ ਗੇਟ, ਮੈਗਜੀਨੀ ਗੇਟ, ਮੁਲਤਾਨੀ ਗੇਟ ਆਦਿ ਇਲਾਕਿਆਂ ਵਿਚ ਸ਼ਨੀਵਾਰ ਅਤੇ ਐਤਵਾਰ 2 ਦਿਨਾਂ ਤੋਂ ਇਲਾਵਾ ਬਾਕੀ ਦਿਨਾਂ ਵਿਚ ਸਵੇਰੇ 8 ਵਜੇ ਤੋ ਲੈ ਕੇ ਰਾਤ ਦੇ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ ਤੇ ਪਾਬੰਦੀ ਦੇ ਆਦੇਸ਼ ਜਾਰੀ ਰਹਿਣਗੇ ਜਦਕਿ ਐਫ.ਸੀ.ਆਈ. ਦੇ ਢੋਆ-ਢੁਆਈ ਵਾਲੇ ਵਾਹਨਾਂ ਤੇ ਇਹ ਆਦੇਸ਼ ਲਾਗੂ ਨਹੀਂ ਹੋਣਗੇ। ਅਜਿਹਾ ਬਾਜ਼ਾਰਾਂ ਵਿਚ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਕੀਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਡਾ: ਰਿਚਾ ਆਈ.ਏ.ਐਸ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੌਰ 'ਤੇ ਵੇਚੇ ਜਾਂ ਖ਼ਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਨਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ ਕਿਉਂਕਿ ਅਜਿਹੇ ਸਮਾਨ ਦੀ ਪੈਡਿਗਰੀ ਬਾਰੇ ਕੁੱਝ ਪਤਾ ਨਹੀਂ ਹੁੰਦਾ। ਇਸ ਨਾਲ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ ਤੇ ਵੀ ਮਾੜਾ ਅਸਰ ਪੈ ਸਕਦਾ ਹੈ ਇਸ ਲਈ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਸ਼ੂ ਪਾਲਣ ਵਿਭਾਗ ਦੀਆਂ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਤੇ ਪੋਲੀ-ਕਲੀਨਿਕ, ਰੂਰਲ ਵੈਟਰਨਰੀ ਹਸਪਤਾਲਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈੱਡ ਅਤੇ ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫ਼ੀਸ਼ਲ ਇਨਸੈਮੀਨੇਸ਼ਨ ਸੈਂਟਰਾਂ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹੋਣ, ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ਆਦਿ 'ਤੇ ਲਾਗੂ ਨਹੀਂ ਹੋਵੇਗਾ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਵੱਲੋਂ ਇੱਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਬਾਰਡਰ ਏਰੀਏ ਵਿੱਚ ਪੈਂਦੇ ਦਰਿਆ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 07:00 ਵਜੇ ਤੋਂ ਸਵੇਰੇ 7:00 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪੂਰਨ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਦਰਿਆਵਾਂ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਪਾਕਿਸਤਾਨ ਪਾਸੋਂ ਡਰੱਗ ਸਮਗਲਿੰਗ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਡਰੱਗ ਸਮਗਲਿੰਗ ਨੂੰ ਰੋਕਣ ਲਈ ਅਤੇ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਇਹ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਹ ਸਾਰੇ ਹੁਕਮ 31 ਜੁਲਾਈ 2018 ਤੱਕ ਲਾਗੂ ਰਹਿਣਗੇ।