ਸ਼ਹੀਦ ਸ਼ੁਭਕਰਨ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ 21 ਫਰਵਰੀ ਨੂੰ ਸ਼ੰਭੂ ਬਾਰਡਰ ‘ਤੇ ਇਕੱਠੇ ਹੋਣਗੇ ਕਿਸਾਨ
ਸ਼ਹੀਦ ਸ਼ੁਭਕਰਨ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ 21 ਫਰਵਰੀ ਨੂੰ ਸ਼ੰਭੂ ਬਾਰਡਰ ‘ਤੇ ਇਕੱਠੇ ਹੋਣਗੇ ਕਿਸਾਨ
ਫਿਰੋਜ਼ਪੁਰ, ਫਰਵਰੀ 19, 2025: ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਸ਼ੰਭੂ ਬਾਰਡਰ ਮੋਰਚੇ ਤੇ 21 ਫਰਵਰੀ 2025 ਨੂੰ ਸ਼ਹੀਦ ਸ਼ੁੱਭਕਰਨ ਸਿੰਘ ਦੀ ਪਹਿਲੀ ਬਰਸੀ ਮੌਕੇ ਰੱਖੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਵੱਡੀ ਗਿਣਤੀ ਵਿੱਚ ਕਿਸਾਨਾਂ ਮਜਦੂਰਾਂ ਦੀ ਪੰਜਾਬ ਅਤੇ ਹਰਿਆਣਾ ਤੋਂ ਆਮਦ ਜਾਰੀ ਹੈ.
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਇਹ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਕਿਹਾ ਕਿ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸ਼ੁਰੂ ਹੋਏ ਸੰਘਰਸ਼ ਦੌਰਾਨ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਹਰਿਆਣਾ ਸਰਕਾਰ ਦੇ ਹੁਕਮ ਨਾਲ ਹਰਿਆਣਾ ਪੁਲਿਸ ਵੱਲੋਂ ਚਲਾਈ ਗੋਲੀ ਨਾਲ 21 ਫਰਵਰੀ 2024 ਨੂੰ ਦਿੱਲੀ ਪਹੁੰਚਣ ਦੀ ਕੋਸ਼ਿਸ਼ ਕਰਦੇ ਸਮੇਂ 22 ਸਾਲਾ ਨੌਜਵਾਨ ਕਿਸਾਨ ਸ਼ੁਭਕਰਨ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ, ਜਿਸ ਨਾਲ ਮੋਦੀ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਅਤੇ ਕਰੂਰ ਚੇਹਰਾ ਨੰਗਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਸ਼ੁਭਕਰਨ ਅਤੇ 40 ਤੋਂ ਵੱਧ ਸ਼ਹੀਦਾਂ ਦੀਆਂ ਕੁਰਬਾਨੀਆਂ ਕਦੀ ਅਜ਼ਾਈਂ ਨਹੀਂ ਜਾਣਗੀਆਂ ਅਤੇ ਕਿਸਾਨਾਂ ਮਜਦੂਰਾਂ ਦੀ ਤਕਦੀਰ ਬਦਲਣ ਦਾ ਕੰਮ ਕਰਨਗੀਆਂ।
ਉਨ੍ਹਾਂ ਪੰਜਾਬ ਹਰਿਆਣਾ ਦੇ ਕਿਸਾਨਾਂ ਮਜਦੂਰਾਂ ਨੂੰ 21 ਤਰੀਕ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤਮਾਮ ਔਕੜਾਂ ਦੇ ਬਾਵਜੂਦ ਅੱਜ ਦਿੱਲੀ ਅੰਦੋਲਨ ਭਾਰਤ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਤੇ ਸੂਰਜ ਵਾਂਗ ਚਮਕ ਰਿਹਾ ਹੈ.
ਆਉਂਦੇ ਦਿਨਾਂ ਵਿੱਚ ਹੋਰ ਵਿਆਪਕ ਅਸਰ ਪਾਉਂਦਾ ਹੋਇਆ ਐਮ ਐਸ ਪੀ ਗਰੰਟੀ ਕਨੂੰਨ ਅਤੇ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੈਣ, ਕਿਸਾਨ ਮਜ਼ਦੂਰ ਦੀ ਕਰਜ਼ ਮੁਕਤੀ, ਮਨਰੇਗਾ ਤਹਿਤ ਸਾਲ ਵਿੱਚ 200 ਦਿਨ ਰੁਜਗਾਰ ਅਤੇ ਦਿਹਾੜੀ 700 ਕਰਨ, ਕਿਸਾਨ ਮਜਦੂਰ ਲਈ ਪੈਨਸ਼ਨ ਸਕੀਮ, ਆਦਿਵਾਸੀਆਂ ਲਈ ਸਵਿਧਾਨ ਦੀ ਪੰਜਵੀਂ ਸੂਚੀ ਲਾਗੂ ਕਰਨ ਸਮੇਤ ਸਾਰੀਆਂ ਮੰਗਾਂ ਦੇ ਹੱਲ ਕਰਨ ਤੱਕ ਲਗਾਤਾਰ ਜਾਰੀ ਰਹੇਗਾ।