ਸਿਹਤ ਵਿਭਾਗ ਨੇ ਭਾਰਤ-ਪਾਕਿ ਸਰਹੱਦ ‘ਤੇ ਬੀਐਸਐਫ ਜਵਾਨਾਂ ਲਈ ਜਾਗਰੂਕਤਾ ਕੈਂਪ ਲਗਾਇਆ
ਸਿਹਤ ਵਿਭਾਗ ਨੇ ਭਾਰਤ-ਪਾਕਿ ਸਰਹੱਦ ‘ਤੇ ਬੀਐਸਐਫ ਜਵਾਨਾਂ ਲਈ ਜਾਗਰੂਕਤਾ ਕੈਂਪ ਲਗਾਇਆ
ਫ਼ਿਰੋਜ਼ਪੁਰ, 7 ਫਰਵਰੀ 2025: ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਰਤ-ਪਾਕ ਕੌਮਾਂਤਰੀ ਸਰਹੱਦ ਹੁਸੈਨੀਵਾਲਾ ਵਿਖੇ ਸਰਹੱਦ ਸੁਰੱਖਿਆ ਬਲ ਦੇ ਅਫ਼ਸਰਾਂ ਅਤੇ ਜਵਾਨਾਂ ਨੂੰ ਸੰਚਾਰੀ ਅਤੇ ਗੈਰਸੰਚਾਰੀ ਰੋਗਾਂ ਦੇ ਕਾਰਨਾਂ, ਲੱਛਣਾਂ, ਬਚਾਓ ਅਤੇ ਸਰਕਾਰੀ ਸੰਸਥਾਵਾਂ ਵਿਖੇ ਇਨ੍ਹਾਂ ਬਿਮਾਰੀਆਂ ਦੇ ਇਲਾਜ ਸੰਬਧੀ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪੁਜੀ ਸਿਹਤ ਵਿਭਾਗ ਦੀ ਟੀਮ ਵੱਲੋਂ ਜਿੱਥੇ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ ਦਿੱਤਾ ਉੱਥੇ ਹੀ ਸ਼ਰੀਰ ਦੇ ਨਾਲ-ਨਾਲ ਮਾਨਸਿਕ ਬੀਮਾਰੀਆਂ ਤੋਂ ਬਚਾਅ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਬੀ.ਐਸ.ਐਫ. ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਤੰਦਰੁਸਤ ਰਹਿਣ ਦੇ ਨੁਕਤੇ ਸਾਂਝੇ ਕਰਦਿਆਂ ਸੰਜੀਵ ਸ਼ਰਮਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਗੰਭੀਰ ਬੀਮਾਰੀਆਂ ਜਿਵੇਂ ਕਿ ਹੈਪਾਟਾਈਟਸ, ਐਚ.ਆਈ.ਵੀ. ਅਤੇ ਏਡਸ ਦੇ ਕਾਰਨਾਂ, ਲੱਛਣਾਂ ਅਤੇ ਇਲਾਜ ਬਾਰੇ ਦੱਸਿਆ ਅਤੇ ਨਾਲ ਹੀ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਖੇ ਹੈਪਾਟਾਈਟਸ ਅਤੇ ਐਚ.ਆਈ.ਵੀ. ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਹੱਥ ਧੋਣ ਦੇ ਤਰੀਕੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਬਿਨਾਂ ਹੱਥ ਧੋਤਿਆਂ ਕੋਈ ਵੀ ਵਸਤੂ ਖਾਣ ਨਾਲ ਕਈ ਗੰਭੀਰ ਵਾਇਰਸ ਜਾਂ ਬੈਕਟੀਰੀਆ ਪੇਟ ਵਿੱਚ ਦਾਖਿਲ ਹੋ ਕੇ ਖ਼ਤਰਨਾਕ ਬਿਮਾਰੀਆਂ ਨੂੰ ਜਨਮ ਦੇ ਸਕਦਾ ਹੈ, ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੈ।
ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ਨੇ ਗੈਰ-ਸੰਚਾਰੀ ਬਿਮਾਰੀਆਂ ਜਿਵੇਂ ਕੈਂਸਰ, ਬਲੱਡ ਪ੍ਰੈਸ਼ਰ, ਸ਼ੂਗਰ, ਸਟ੍ਰੋਕ ਅਤੇ ਹੋਰ ਕਈ ਭਿਆਨਕ ਗੈਰ-ਸੰਚਾਰੀ ਬਿਮਾਰੀਆਂ ਨਾਲ ਹੋ ਰਹੀਆਂ ਮੌਤਾਂ ਨੂੰ ਘਟਾਉਣ ਅਤੇ ਬਿਮਾਰੀਆਂ ਦੀ ਰੋਕਥਾਮ, ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਇਨਸਾਨ ਨੂੰ ਰੋਜ਼ਾਨਾ ਲੋੜੀਦੀਂ ਮਾਤਰਾ ਵਿੱਚ ਕਾਰਬੋਹਾਈਡ੍ਰੇਟਸ, ਪ੍ਰੋਟੀਨ, ਪਾਣੀ, ਫੈਟ, ਵਿਟਾਮਿਨ, ਖਣਿਜ ਪਦਾਰਥਾਂ ਵਾਲਾ ਭੋਜਨ ਖਾਣਾ ਚਾਹੀਦਾ ਹੈ। ਜਿਵੇਂ ਕਿ ਹਰੀਆਂ ਸਬਜ਼ੀਆਂ, ਸਲਾਦ, ਦੁੱਧ, ਮੌਸਮੀ ਫਲ, ਉਬਲੀਆਂ ਅਤੇ ਪੁੰਗਰੀਆਂ ਦਾਲਾਂ ਆਦਿ ਲੈਣੀਆਂ ਚਾਹੀਦੀਆਂ ਹਨ। ਅਸੰਤੁਲਿਤ ਭੋਜਨ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਮੋਟਾਪਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਜਿਆਦਾ ਤਲੀਆਂ, ਮਸਾਲੇਦਾਰ, ਫਾਸਟ ਫੂਡ ਅਤੇ ਬਜਾਰ ਵਿੱਚ ਵਿਕਣ ਵਾਲੇ ਗੈਰ ਮਿਆਰੀ ਭੋਜਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।
ਇਸ ਮੌਕੇ ਸੀਮਾਂ ਸੁਰੱਖਿਆ ਬਲ ਦੇ ਅਸਿਸਟੈਂਟ ਕਮਾਂਡਰ ਮਹੇਸ਼ ਵਰਮਾ ਨੇ ਸਿਹਤ ਵਿਭਾਗ ਵਲੋਂ ਲਗਾਏ ਗਏ ਜਾਗਰੂਕਤਾ ਕੈਂਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪਾਂ ਨਾਲ ਜਵਾਨਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਕੀਮਤੀ ਨੁਸਖ਼ੇ ਮਿਲੇ ਹਨ। ਕੈਂਪ ਦੌਰਾਨ ਸਿਹਤ ਵਿਭਾਗ ਤੋਂ ਅਮਰਜੀਤ ਸਿੰਘ ਸਮੇਤ ਬੀ.ਐਸ.ਐਫ. ਦੇ ਕਈ ਅਧਿਕਾਰੀ ਵੀ ਹਾਜ਼ਰ ਸਨ।