ਸਿਹਤ ਵਿਭਾਗ ਵੱਲੋਂ ਗੱਟੀ ਰਾਜੋ ਕੇ ਦੇ ਲੋਕਾਂ ਨੂੰ ਕਰੋਨਾ ਵਾਇਰਸ ਦੇ ਨਾਲ-ਨਾਲ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆ ਬਿਮਾਰੀਆਂ ਬਾਰੇ ਕੀਤਾ ਗਿਆ ਜਾਗਰੂਕ
ਫਿਰੋਜ਼ਪੁਰ 29 ਮਈ 2020
ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾ. ਰਜਿੰਦਰ ਮਨਚੰਦਾ ਦੀ ਅਗਵਾਈ ਵਿੱਚ ਸਬ ਸੈਂਟਰ ਗੱਟੀ ਰਾਜੋ ਕੇ ਵਿਖੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਨਾਲ-ਨਾਲ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਮੱਛਰ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਹੈਲਥ ਵਿਭਾਗ ਦੇ ਅਧਿਕਾਰੀ ਏ. ਐੱਨ. ਐੱਮ ਪੂਨਮ ਤੇ ਮਨਜੀਤ ਕੁਮਾਰ ਤੇ ਸੀ.ਐੱਚ.ਓ ਨਰਿੰਦਰ ਸਿੰਘ ਨੇ ਹਾਜ਼ਰ ਲੋਕਾਂ ਨੂੰ ਡੇਂਗੂ, ਮਲੇਰੀਆਂ ਦੀਆਂ ਬਿਮਾਰੀਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਦੱਸਿਆ। ਉਨ੍ਹਾਂ ਲੋਕਾਂ ਨੂੰ ਦੱਸਿਆ ਗਿਆ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਵੱਲ ਵਿਸ਼ੇਸ਼ ਧਿਆਨ ਦੇਣ ਤੇ ਪਾਣੀ ਇੱਕ ਜਗ੍ਹਾ ਤੇ ਖੜ੍ਹਾ ਨਾ ਹੋਣ ਦੇਣ ਕਿਉਂਕਿ ਪਾਣੀ ਦੇ ਇੱਕ ਥਾਂ ਤੇ ਖੜ੍ਹੇ ਹੋਣ ਨਾਲ ਮੱਛਰ ਪੈਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਮੱਛਰਦਾਨੀ ਦਾ ਇਸਤੇਮਾਲ ਕਰਨਾ ਚਾਹੀਦਾ ਤੇ ਸਰੀਰ ਨੂੰ ਪੂਰਾ ਢੱਕ ਕੇ ਰੱਖਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਬਾਰੇ ਜਾਗਰੂਕ ਵੀ ਕੀਤਾ ਤੇ ਕਿਹਾ ਕਿ ਉਹ ਆਪਣੇ ਨੱਕ, ਮੂੰਹ ਨੂੰ ਕੱਪੜੇ ਨਾਲ ਢੱਕ ਕੇ ਰੱਖਣ। ਉਨ੍ਹਾਂ ਕਿਹਾ ਕਿ ਖਾਂਸੀ, ਜ਼ੁਕਾਮ ਤੇ ਬੁਖ਼ਾਰ ਆਦਿ ਲੱਛਣਾਂ ਦੇ ਆਉਣ ਤੇ ਮੁੱਢਲੇ ਸਿਹਤ ਕੇਂਦਰ ਜਾਂ ਸਿਵਲ ਹਸਪਤਾਲ ਵਿੱਚ ਆਪਣਾ ਚੈੱਕਅਪ ਜ਼ਰੂਰ ਕਰਵਾਉਣ। ਇਸ ਮੌਕੇ ਸਰਪੰਚ ਲਾਲ ਸਿੰਘ ਤੇ ਕੁਲਵੰਤ ਸਿੰਘ ਸੰਧੂ ਆਦਿ ਵੀ ਹਾਜ਼ਰ ਸਨ।