ਸਿਹਤ ਵਿਭਾਗ ਵੱਲੋਂ 30 ਅਪ੍ਰੈਲ ਤੱਕ ਮਣਾਇਆ ਜਾ ਰਿਹਾ ਹੈ ਵਿਸ਼ਵ ਟੀਕਾਕਰਨ ਹਫ਼ਤਾ
ਸਿਹਤ ਵਿਭਾਗ ਵੱਲੋਂ 30 ਅਪ੍ਰੈਲ ਤੱਕ ਮਣਾਇਆ ਜਾ ਰਿਹਾ ਹੈ ਵਿਸ਼ਵ ਟੀਕਾਕਰਨ ਹਫ਼ਤਾ
ਫਿਰੋਜ਼ਪੁਰ, 25 ਅਪ੍ਰੈਲ, 2025: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ।
ਇਸ ਹਫ਼ਤੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਤੇ ਨੇਹਾ ਭੰਡਾਰੀ ਨੇ ਦਸਿਆ ਕਿ ਅਪ੍ਰੈਲ ਦਾ ਆਖ਼ਰੀ ਹਫ਼ਤਾ ਹਰ ਸਾਲ ਵਿਸ਼ਵ ਟੀਕਾਕਰਨ ਹਫ਼ਤੇ ਵਜੋਂ ਮਨਾਇਆ ਜਾਂਦਾ ਹੈ। ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਰੂਟੀਨ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਰੂਟੀਨ ਟੀਕਾਕਰਨ ਦੌਰਾਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾਂਦਾ ਹੈ। ਕਿਸੇ ਕਾਰਨ ਰੂਟੀਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਏਰੀਏ ਮੁਤਾਬਕ ਇਸ ਹਫ਼ਤੇ ਦੌਰਾਨ ਸਪੈਸ਼ਲ ਟੀਕਾਕਰਨ ਸ਼ੈਸ਼ਣ ਪਲਾਨ ਕੀਤੇ ਗਏ ਹਨ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਅਬਰੋਲ ਨੇ ਦਸਿਆ ਕਿ ਟੀਕਾਕਰਣ ਤੋਂ ਛੁੱਟ ਗਏ ਏਰੀਏ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਖਾਲੀ ਸਬ ਸੈਂਟਰਾਂ ਜਿਥੇ 2 ਜਾਂ 3 ਨਿਯਮਿਤ ਟੀਕਾਕਰਨ ਸ਼ੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਊਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਲ ਏਰੀਏ ਵੀ ਕਵਰ ਕੀਤੇ ਜਾਣਗੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਹਫ਼ਤੇ ਦੌਰਾਨ ਆਪਣੇ ਪਰਿਵਾਰ ਦੀਆਂ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸੰਪੂਰਨ ਕਰਵਾ ਕੇ ਇਸ ਮੁਹਿੰਮ ਦਾ ਪੂਰਾ ਲਾਭ ਜ਼ਰੂਰ ਉਠਾਉਣ।