ਸਿੱਖਿਆ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਪੰਫਲੈਟ ਵੰਡ ਕੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਦੇ ਬਚਾਅ ਪ੍ਰਤੀ ਕੀਤਾ ਗਿਆ ਜਾਗਰੂਕ
ਫਿਰੋਜ਼ਪੁਰ 09 ਸਤੰਬਰ 2020
ਮਿਸ਼ਨ ਫਤਿਹ ਤਹਿਤ ਸਿੱਖਿਆ ਵਿਭਾਗ ਫਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ. ਗੁਰਪਾਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰੁਪਿੰਦਰ ਕੌਰ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ।
ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ ਵੱਲੋਂ ਪਿੰਡ ਪਿੰਡ ਪਹੁੰਚ ਕਰਕੇ ਲੋਕਾਂ ਨੂੰ ਜਾਗਰੂਕਤਾ ਪੰਫਲੈਟ ਵੰਡ ਕੇ ਕੋਰੋਨਾ ਵਾਇਰਸ ਮਹਾਮਾਰੀ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਕਿ ਵਾਰ ਵਾਰ ਹੱਥ ਧੋਣਾ, ਮਾਸਕ ਪਾ ਕੇ ਰੱਖਣ, ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਤੇ ਹੱਥ ਨਹੀਂ ਮਿਲਾਉਣ ਆਦਿ ਬਾਰੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਚਾਰਟ ਅਤੇ ਬੈਨਰਾਂ ਰਾਹੀਂ ਵੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਅਸੀਂ ਇਹ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਾਂਗੇ ਤਾਂ ਅਸੀਂ ਕੋਵਿਡ-19 ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਮੂਹ ਸਕੂਲੀ ਅਧਿਆਪਕਾਂ ਨੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨ।