ਸਿੱਖਿਆ ਵਿਭਾਗ ਫਿਰੋਜ਼ਪੁਰ ਨੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਉਣ ਸਬੰਧੀ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ
ਸਿੱਖਿਆ ਵਿਭਾਗ ਫਿਰੋਜ਼ਪੁਰ ਨੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਉਣ ਸਬੰਧੀ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ
ਡਾ. ਅਮਨਦੀਪ ਕੌਰ ਅਤੇ ਸਹਾਇਕ ਕਮਿਸ਼ਨਰ ਵੱਲੋਂ ਲੋਕਾਂ ਨੂੰ ਆਪਣੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲ ਕਰਵਾਉਣ ਦੀ ਅਪੀਲ
ਫਿਰੋਜ਼ਪੁਰ 22 ਫਰਵਰੀ, 2023 ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾ ਹੇਠ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਪੜਾਉਣ ਲਈ ਪ੍ਰੇਰਿਤ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਵੈਨ ਨੂੰ ਵਿਧਾਇਕ ਵਿਧਾਇਕ ਫਿਰੋਜ਼ਪੁਰ ਸਹਿਰੀ ਸ੍ਰ. ਰਣਬੀਰ ਸਿੰਘ ਭੁੱਲਰ ਦੀ ਧਰਮਪਤਨੀ ਡਾ. ਅਮਨਦੀਪ ਕੌਰ ਅਤੇ ਸਹਾਇਕ ਕਮਿਸ਼ਨਰ ਸ੍ਰੀ. ਸੂਰਜ ਕੁਮਾਰ ਵੱਲੋਂ ਸਾਂਝੇ ਰੂਪ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਰਾਜੀਵ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਕੋਮਲ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੁਖਵਿੰਦਰ ਸਿੰਘ ਵੀ ਮੌਜੂਦ ਸਨ।
ਇਸ ਦੌਰਾਨ ਆਪਣੇ ਸੰਬੋਧਨ ਵਿੱਚ ਡਾ. ਅਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕਾਂ ਨੂੰ ਆਪਣੇ ਬੱਚਿਆ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਹੀ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਕੋਈ ਵੀ ਬੱਚਾ ਕਿਸੇ ਵੀ ਸਹੂਲਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਵੀ ਸਮੇਂ ਸਮੇਂ ਸਿਰ ਟ੍ਰੇਨਿੰਗ ਮੁਹੱਈਆ ਕਰਵਾ ਕੇ ਪੜਾਉਣ ਸਬਧੀ ਨਵੀਆਂ ਤਕਨੀਕਾਂ ਰਾਹੀਂ ਮਾਹਿਰ ਬਣਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਮੁਕਾਮ ਨੂੰ ਹੋਰ ਉਚਾ ਚੁੱਕਣ ਲਈ ਜ਼ਿਲ੍ਹੇ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਿਆ ਗਿਆ ਸੀ ਤਾਂ ਜੋ ਕਿ ਉਹ ਵਿਸ਼ਵ ਪੱਧਰੀ ਸਿਖਲਾਈ ਲੈਣ ਉਪਰੰਤ ਬਚਿਆਂ ਨੂੰ ਹੋਰ ਆਧੁਨਿਕ ਤਰੀਕੇ ਨਾਲ ਸਿਖਿਆ ਮੁਹੱਈਆ ਕਰਵਾ ਸਕਣ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ. ਰਾਜੀਵ ਛਾਬੜਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਵੱਧ ਤੋਂ ਵੱਧ ਬੱਚਿਆ ਨੂੰ ਦਾਖਲ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਵੈਨ ਨੂੰ ਰਵਾਨਾ ਕੀਤਾ ਗਿਆ ਹੈ। ਇਹ ਵੈਨ 2 ਦਿਨ ਜਿਲ੍ਹੇ ਦੇ ਸਾਰੇ ਪਿੰਡਾਂ ਸ਼ਹਿਰਾਂ ਵਿੱਚ ਜਾ ਕੇ ਬੱਚਿਆ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਅਤਿ ਆਧੁਨਿਕ ਸਹੂਲਤਾਂ ਬਾਰੇ ਜਾਣਕਾਰੀ ਦੇਵੇਗੀ ਤਾਂ ਜੋ ਉਹ ਵੱਧ ਤੋਂ ਵੱਧ ਆਪਣੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ । ਉਨ੍ਹਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਦਾਖਲੇ ਸਬੰਧੀ ਜਾਣਕਾਰੀ ਦਿੰਦਾ ਪੈਂਫਲੇਟ ਵੀ ਰਿਲੀਜ਼ ਕੀਤਾ ਗਿਆ।