ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ – ਭਾਂਗਰ, ਕਸ਼ਅੱਪ
ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ : ਭਾਂਗਰ, ਕਸ਼ਅੱਪ
ਫਿਰੋਜ਼ਪੁਰ, 1 ਅਪ੍ਰੈਲ, 2021: ਪੰਜਾਬ ਸਰਕਾਰ ਵੱਲੋ ਸਰਕਾਰੀ ਮੁਲਾਜ਼ਮਾਂ ਤੋ ਖੋਹੀ ਗਈ ਪੁਰਾਣੀ ਪੈਨਸ਼ਨ ਸਕੀਮ ਦੀ ਪ੍ਰਾਪਤੀ ਤੱਕ ਸੂਬਾ ਸਰਕਾਰ ਖਿਲਾਫ ਸੰਘਰਸ਼ ਇਸ ਤਰ੍ਹਾਂ ਜਾਰੀ ਰੱਖਿਆ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀ.ਪੀ.ਐਫ. ਕਰਮਚਾਰੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ ਨੇ ਜਥੇਬੰਦੀ ਵੱਲੋ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਵਿੱਢੇ ਗਏ ਸੰਘਰਸ਼ ਦੇ ਅਗਲੇ ਐਕਸ਼ਨਾਂ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ ।
ਇਸ ਮੌਕੇ ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਨਵੀ ਪੈਨਸ਼ਨ ਸਕੀਮ ਨੂੰ ਲਾਗੂ ਕਰਨਾ ਸੂਬਾ ਸਰਕਾਰ ਦਾ ਮਾਮਲਾ ਸੀ, ਪਰ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਡੂੰਘੀ ਸੋਚ ਵਿਚਾਰ ਦੇ ਇਹ ਮੁਲਾਜ਼ਮ ਮਾਰੂ ਫੈਸਲਾ 01-01-2004 ਤੋ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਤੇ ਥੋਪ ਦਿੱਤਾ ਗਿਆ । ਜਿਸ ਨਾਲ ਮੁਲਾਜ਼ਮਾਂ ਦਾ ਭਵਿੱਖ ਹਨੇਰੇ ਵਿਚ ਚਲਾ ਗਿਆ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਖਤਮ ਕਰ ਦਿੱਤੀ ਗਈ । ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵੱਲੋ ਸੂਬਾਈ ਪ੍ਰਧਾਨ ਸ: ਸੁਖਜੀਤ ਸਿੰਘ ਦੀ ਅਗਵਾਈ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ 2016 ਤੋ ਸੰਘਰਸ਼ ਵਿੱਢਿਆ ਹੋਇਆ ਹੈ ਜੋ ਬਾਦਸਤੂਰ ਜਾਰੀ ਹੈ ।
ਇਸ ਸੰਘਰਸ਼ ਤਹਿਤ ਜਥੇਬੰਦੀ ਵੱਲੋ ਆਉਣ ਵਾਲੇ ਦਿਨਾਂ ਵਿਚ 8 ਅਪਰੈਲ ਨੂੰ ਵਹੀਕਲ ਰੈਲੀ ਕਰਕੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਅਤੇ ਮੰਤਰੀ ਸਾਹਿਬਾਨ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੰਗ ਪੱਤਰ ਦਿੱਤੇ ਜਾਣਗੇ । 18 ਅਪ੍ਰੈਲ ਨੂੰ ਦੁਪਹਿਰ 12 ਤੋ 3 ਵਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ ਲਈ ਟਵਿੱਟਰ ਮੁਹਿੰਮ ਚਲਾਈ ਜਾਵੇਗੀ ਅਤੇ 12 ਮਈ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ ਤੇ ਮੰਗ ਪੱਤਰ ਦਿੱਤੇ ਜਾਣਗੇ । ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਜੇਕਰ ਫਿਰ ਵੀ ਪੰਜਾਬ ਸਰਕਾਰ ਵੱਲੋ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਕੋਈ ਉਚਿਤ ਕਦਮ ਨਾ ਚੁੱਕਿਆ ਤਾਂ 26 ਮਈ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ।
ਇਸ ਮੌਕੇ ਓਮ ਪ੍ਰਕਾਸ਼ ਰਾਣਾ ਸੂਬਾਈ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ, ਇੰਦਰਜੀਤ ਸਿੰਘ ਢਿੱਲੋ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਪਵਨ ਕੁਮਾਰ ਸ਼ਰਮਾ ਜ਼ਿਲ੍ਹਾ ਖਜ਼ਾਨਚੀ, ਸਰਬਜੀਤ ਭਾਵੜਾ ਜ਼ਿਲ੍ਹਾ ਪ੍ਰਧਾਨ ਸਾਂਝਾ ਅਧਿਆਪਕ ਮੰਚ ਫਿਰੋਜ਼ਪੁਰ, ਦੀਦਾਰ ਸਿੰਘ ਮੁੱਦਕੀ ਸੂਬਾਈ ਅਧਿਆਪਕ ਆਗੂ, ਰਾਜਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਡੀ.ਟੀ.ਐਫ., ਗੁਰਜੀਤ ਸਿੰਘ ਸੋਢੀ ਅਧਿਆਪਕ ਆਗੂ, ਰੇਸ਼ਮ ਸਿੰਘ ਅਧਿਆਪਕ ਆਗੂ ਆਦਿ ਹਾਜ਼ਰ ਸਨ ।