ਸੇਵਾ ਕੇਂਦਰਾਂ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਪ੍ਰਤੀ ਜਾਗਰੂਕ ਕਰਨ ਲਈ ਸਰਵਿਸ ਫਾਈਲਾਂ ਨਾਲ ਦਿੱਤੇ ਜਾ ਰਹੇ ਹਨ ਜਾਗਰੂਕਤਾ ਪੰਫਲੈਟ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਵਿਚ ਸਹਿਯੋਗ ਕਰਨ ਲਈ ਕੋਵਾ ਐਪ ਡਾਉਨਲੋਟ ਕਰਨ ਬਾਰੇ ਵੀ ਦਿੱਤੀ ਜਾਂਦੀ ਹੈ ਜਾਣਕਾਰੀ
ਫਿਰੋਜ਼ਪੁਰ 23 ਜੂਨ 2020 ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਲੋਕਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕਤਾ ਲਿਆਉਣ ਦੇ ਮਕਸਦ ਨਾਲ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਸਰਵਿਸ ਫਾਈਲਾਂ ਨਾਲ ਜਾਗਰੂਕਤਾ ਪੰਫਲੈਟ ਵੀ ਦਿੱਤੇ ਜਾ ਰਹੇ ਹਨ.
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੁੱਖ ਮਕਸਦ ਲੋਕਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣਾ, ਸੋਸ਼ਲ ਡਿਸਟੈਂਸਿੰਗ, ਹੱਥ ਧੋਣਾ ਆਦਿ ਬਾਰੇ ਜਾਗਰੂਕ ਕਰਨਾ ਹੈ. ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਵੀ ਸੇਵਾ ਕੇਂਦਰਾਂ ਵਿੱਚ ਕੰਮ ਕਰਵਾਉਣ ਲਈ ਆਉਂਦੇ ਹਨ ਉਨ੍ਹਾਂ ਨੂੰ ਨਵੀਂ ਫਾਈਲ ਦੇ ਨਾਲ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਛਪਵਾਏ ਗਏ ਜਾਗਰੂਕਤਾ ਪੰਫਲੈਟ ਵੀ ਦਿੱਤੇ ਜਾਂਦੇ ਹਨ. ਜਿਸ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਵਰਤ ਕੇ ਸਰਕਾਰ ਦੇ ਮਿਸ਼ਨ ਫ਼ਤਿਹ ਵਿਚ ਸਹਿਯੋਗ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਹੈ.
ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਅਤੇ ਕੋਵਾ ਐਪ ਤੇ ਚੱਲ ਰਹੇ ਮਿਸ਼ਨ ਫ਼ਤਿਹ ਪ੍ਰਤੀਯੋਗਤਾ ਵਿਚ ਭਾਗ ਲੈਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ.ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਕਰ ਕੇ ਸਰਕਾਰ ਦੇ ਮਿਸ਼ਨ ਫ਼ਤਿਹ ਵਿਚ ਸਹਿਯੋਗ ਦੇਣ.