ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਅੱਜ 16ਵੇਂ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ
ਸ਼ਹਿਰ ਵਾਸੀਆਂ ਨੂੰ ਐਤਵਾਰ ਵਾਲੇ ਦਿਨ ਲੱਗੇ ਪੱਕੇ ਮੋਰਚੇ ਵਿੱਚ ਸ਼ਾਮਲ ਦੀ ਅਪੀਲ ਕੀਤੀ
ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਅੱਜ ਰੇਲ ਪਟੜੀ ਬਸਤੀ ਟੈਂਕਾਂ ਵਾਲੀ ਉੱਤੇ ਲੱਗੇ ਪੱਕੇ ਮੋਰਚੇ ਦੇ 16ਵੇਂ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਤੇ ਸ਼ਹਿਰ ਵਾਸੀਆਂ ਨੂੰ ਐਤਵਾਰ ਵਾਲੇ ਦਿਨ ਲੱਗੇ ਪੱਕੇ ਮੋਰਚੇ ਵਿੱਚ ਸ਼ਾਮਲ ਦੀ ਅਪੀਲ ਕੀਤੀ
ਫਿਰੋਜਪੁਰ, 9.10.2020: ਕਾਰਪੋਰੇਟ ਘਰਾਣਿਆਂ, ਅਡਾਨੀਆਂ, ਅੰਬਾਨੀਆਂ ਦੇ ਦੇਸ਼ ਵਿੱਚ ਚੱਲ ਰਹੇ ਕਾਰੋਬਾਰਾਂ ਤੇ ਉਤਪਾਦਾਂ ਦਾ ਬਾਈਕਾਟ ਕਰਨ ਤੇ ਇਨ੍ਹਾਂ ਦੀ ਕੱਠਪੁਤਲੀ ਮੋਦੀ ਸਰਕਾਰ ਦੀਆਂ ਉਦਾਰੀਕਰਨ, ਸੰਸਾਰੀਕਰਨ, ਨਿੱਜੀਕਰਨ ਤੇ ਕੇਂਦਰੀਕਰਨ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਸੈਂਕੜੇ ਕਿਸਾਨਾਂ, ਮਜ਼ਦੂਰਾਂ ਵੱਲੋਂ ਰੇਲਵੇ ਪਟੜੀ ਬਸਤੀ ਟੈਂਕਾਂ ਵਾਲੀ (ਫਿਰੋਜਪੁਰ)ਉੱਤੇ ਲੱਗੇ ਪੱਕੇ ਮੋਰਚੇ ਦੇ 16ਵੇਂ ਦਿਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੇ ਬਿਆਨ ਦਾਗਣ ਵਾਲੇ ਰਾਸ਼ਟਰੀ-ਸੋਇਮ- ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਉਕਤ ਆਰਡੀਨੈਂਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਰੇਲ ਪਟੜੀ ਉੱਤੇ ਅੰਦੋਲਨਕਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ 11 ਅਕਤੂਬਰ ਐਤਵਾਰ ਨੂੰ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਨੂੰ ਚੱਲ ਰਹੇ ਸੰਘਰਸ਼ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਇਕ ਮੁੱਠ ਹੋਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਹਰਿਆਣਾ ਵਿੱਚ ਡਿਪਟੀ ਮੁੱਖ ਮੰਤਰੀ ਤੇ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਕਿਸਾਨਾਂ ਵੱਲੋਂ ਲਗਾਏ ਪੱਕੇ ਮੋਰਚੇ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੁਰਜ਼ੋਰ ਹਮਾਇਤ ਕੀਤੀ ਜਾਂਦੀ ਹੈ ਤੇ ਪੰਜਾਬ ਵਿੱਚ 2 ਘੰਟੇ ਚੱਕਾ ਜਾਮ ਦੀ ਹਮਾਇਤ ਕੀਤੀ ਜਾਂਦੀ ਹੈ। ਕਿਸਾਨ ਆਗੂ ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ ਠੱਠਾ, ਮੇਹਰ ਸਿੰਘ ਤਲਵੰਡੀ, ਗੁਰਸਾਹਿਬ ਸਿੰਘ ਪਹੁਵਿੰਡ ਨੇ ਵਿਧਾਨ ਸਭਾ ਦਾ ਇਜਲਾਸ ਸੱਦਣ ਦੇ ਕੀਤੇ ਐਲਾਨ ਤੋਂ ਭੱਜਣ ਵਾਲੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਤਿੰਨੇ ਖੇਤੀ ਆਰਡੀਨੈਂਸਾਂ ਦੇ ਮੁੱਦੇ ਉੱਤੇ ਕੇਂਦਰ ਸਰਕਾਰ ਨਾਲ ਖੜ੍ਹੇ ਹੋਣ ਦਾ ਦੋਸ਼ ਲਗਾਉਂਦਿਆਂ ਤੁਰੰਤ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਣ ਦੀ ਮੰਗ ਕੀਤੀ ਹੈ।
ਕਿਸਾਨ ਆਗੂਆਂ ਨੇ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੀ M.S.P. ਦੇ ਹਿਸਾਬ ਫ਼ਸਲ ਦੀ ਅਦਾਇਗੀ ਰੋਕਣ ਦੀ ਸੁਪਰੀਮ ਕੋਰਟ ਦੀ ਧਮਕੀ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਤੇ ਮੰਗ ਕੀਤੀ ਕਿ ਪਰਾਲੀ ਦੀ ਸਾਂਭ ਸੰਭਾਲ ਲਈ 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਨਹੀਂ ਤਾਂ ਕਿਸਾਨ ਪਰਾਲੀ ਨੂੰ ਅੱਗ ਲਗਾਉਣਗੇ। ਕਿਸਾਨ ਆਗੂਆਂ ਨੇ ਕੈਪਟਨ ਸਰਕਾਰ ਵੱਲੋਂ ਖਾਦਾਂ, ਕੋਇਲਾ, ਅਨਾਜ ਆਦਿ ਦੀਆਂ ਮਾਲ ਗੱਡੀਆਂ ਲਘਾਂਉਣ ਦੀ ਕਿਸਾਨ ਜਥੇਬੰਦੀਆਂ ਨੂੰ ਕੀਤੀ ਅਪੀਲ ਬਾਰੇ ਕਿਹਾ ਕਿ ਇਸ ਆ ਰਹੀ ਪ੍ਰੇਸ਼ਾਨੀ ਲਈ ਅਸੀਂ ਕਿਸੇ ਤਰ੍ਹਾਂ ਵੀ ਜ਼ਿੰਮੇਵਾਰ ਨਹੀਂ ਹਾਂ ਤੇ ਕੋਵਿਡ-19 ਦੇ ਬਹਾਨੇ ਆਰਡੀਨੈਂਸ ਜਾਰੀ ਕਰਨ ਵਾਲੀ ਮੋਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਦਖਲ ਦੇ ਕੇ ਪੰਜਾਬ, ਹਰਿਆਣਾ ਤੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨਾਲ ਠੋਸ ਏਜੰਡੇ ਤਹਿਤ ਵਾਰਤਾ ਕਰਕੇ ਉਕਤ ਤਿੰਨੇ ਆਰਡੀਨੈਂਸ ਰੱਦ ਕਰਨੇ ਚਾਹੀਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਬੋਧਨ ਕਰਨ ਵਾਲਿਆਂ ਵਿੱਚ ਖਿਲਾਰਾ ਸਿੰਘ ਪੰਨੂੰ, ਨਿਰਮਲ ਸਿੰਘ ਸੰਧੂ, ਬਲਜਿੰਦਰ ਸਿੰਘ ਤਲਵੰਡੀ, ਸਾਹਿਬ ਸਿੰਘ ਦੀਨੇਕੇ, ਰਣਜੀਤ ਸਿੰਘ ਚੀਮਾ, ਦਿਲਬਾਗ ਸਿੰਘ ਮਾੜੀ ਮੇਘਾ, ਸੁਖਦੇਵ ਸਿੰਘ ਦੁੱਬਲੀ, ਨਛੱਤਰ ਸਿੰਘ ਧਾਲੀਵਾਲ ਆਦਿ ਵੀ ਸ਼ਾਮਲ ਸਨ।—-ਬਲਜਿੰਦਰ ਤਲਵੰਡੀ