Ferozepur News

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਗੀਤ ਗਾਇਨ ਪ੍ਰਤੀਯੋਗਤਾ ਅੱਜ ਤੋਂ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਗੀਤ ਗਾਇਨ ਪ੍ਰਤੀਯੋਗਤਾ ਅੱਜ ਤੋਂ

ਫ਼ਿਰੋਜ਼ਪੁਰ 19 ਜੁਲਾਈ 

                        ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ 20 ਜੁਲਾਈ ਤੋਂ ਆਰੰਭ ਹੋਵੇਗੀ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਹੋਈ ਹੈ।ਜਿੰਨ੍ਹਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।

            ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀਮਤੀ ਕੁਲਵਿੰਦਰ ਕੌਰ, ਜਿਲ੍ਹਾ ਸਿੱਖਿਆ ਅਫਸਰ (ਐ.ਸਿ.) ਫ਼ਿਰੋਜ਼ਪੁਰ ਸ਼੍ਰੀ ਰਾਜੀਵ ਛਾਬੜਾ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਖਵਿੰਦਰ ਸਿੰਘ, ਰੁਪਿੰਦਰ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਕੋਮਲ ਅਰੋੜਾ ਨੇ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਪੇਸ਼ ਕੀਤੇ ਜਾਣਗੇ। 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਐ.ਸਿ.) ਸ.ਰਜਿੰਦਰ ਸਿੰਘ ਰਾਜਾ, ਮਹਿੰਦਰ ਸਿੰਘ ਸ਼ੈਲੀ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਸਰਬਜੀਤ ਸਿੰਘ ਭਾਵੜਾ, ਤਲਵਿੰਦਰ ਸਿੰਘ ਨੇ ਦੱਸਿਆ ਕਿ ਗੀਤ ਗਾਇਨ ਮੁਕਾਬਲੇ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲੇਗਾ।

Related Articles

Leave a Reply

Your email address will not be published. Required fields are marked *

Back to top button