ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੀਤ ਗਾਇਨ ਮੁਕਾਬਲੇ ਪੂਰੇ ਉਤਸ਼ਾਹ ਨਾਲ ਸ਼ੁਰੂ
ਫਿਰੋਜ਼ਪੁਰ 22 ਜੁਲਾਈ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ ਸ਼ੁਰੂ ਹੋ ਚੁੱਕੀ ਹੈ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਹੋਈ ਹੈ।ਜਿੰਨ੍ਹਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁੁੱਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ. ਜਿਲ੍ਹਾ ਸਿੱਖਿਆ ਅਫਸਰ (ਐ.ਸਿ.) ਫਿਰੋਜ਼ਪੁਰ ਸ਼੍ਰੀ ਰਾਜੀਵ ਛਾਬੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਖਵਿੰਦਰ ਸਿੰਘ, ਰੁਪਿੰਦਰ ਕੌਰ, ਜਿਲ੍ਹਾ ਨੋਡਲ ਅਫਸਰ (ਐ.ਸਿ.) ਸ.ਰਜਿੰਦਰ ਸਿੰਘ ਰਾਜਾ, ਮਹਿੰਦਰ ਸਿੰਘ ਸ਼ੈਲੀ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਸਰਬਜੀਤ ਸਿੰਘ ਭਾਵੜਾ, ਤਲਵਿੰਦਰ ਸਿੰਘ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਪੇਸ਼ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਇਸ ਪ੍ਰਤੀਯੋਗਿਤਾ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਾਹਿਬਾਨ ਦੀ ਅਗਵਾਈ ਵਿੱਚ ਬਲਾਕ ਦੇ 3-3 ਜੱਜ ਨਿਯੁਕਤ ਕੀਤੇ ਗਏ ਹਨ ਅਤੇ ਹਰੇਕ ਬਲਾਕ ਦੇ ਨੋਡਲ ਅਫਸਰ ਸਾਹਿਬਾਨ ਨਿਯੁਕਤ ਕੀਤਾ ਗਿਆ ਹੈ, ਜੋ ਬਹੁਤ ਹੀ ਸੁਹਿਰਦਤਾ ਨਾਲ ਜੱਜਮੈਂਟ ਕਰਨਗੇ।