ਸ੍ਰੀ. ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸੈਨੀਵਾਲਾ ਵਿਖੇ ਅੱਜ ਹੋਵੇਗਾ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ, ਦਾਖਲਾ ਮੁਫਤ
ਸਮੂਹ ਫਿਰੋਜ਼ਪੁਰ ਵਾਸੀਆਂ ਨੂੰ ਸ਼ੋਅ ਦਾ ਹਿੱਸਾ ਬਣਨ ਦੀ ਕੀਤੀ ਅਪੀਲ
ਸ੍ਰੀ. ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸੈਨੀਵਾਲਾ ਵਿਖੇ ਅੱਜ ਹੋਵੇਗਾ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ, ਦਾਖਲਾ ਮੁਫਤ
ਰੰਗਦਾਰ ਦ੍ਰਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਪੇਸ਼ ਕਰਨਗੇ ਅਦਭੁੱਤ ਨਜ਼ਾਰਾ
ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਲਿਆ ਜਾਇਜਾ
ਸਮੂਹ ਫਿਰੋਜ਼ਪੁਰ ਵਾਸੀਆਂ ਨੂੰ ਸ਼ੋਅ ਦਾ ਹਿੱਸਾ ਬਣਨ ਦੀ ਕੀਤੀ ਅਪੀਲ
ਫਿਰੋਜ਼ਪੁਰ 29 ਨਵੰਬਰ 2019 (ਹਰੀਸ਼ ਮੌਂਗਾ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸੈਨੀਵਾਲਾ (ਫਿਰੋਜ਼ਪੁਰ) ਵਿਖੇ ਅੱਜ ਤੇ ਕੱਲ 2 ਦਿਨ ਅਤਿ ਆਧੁਨਿਕ ਤਕਨੀਕ ਨਾਲ ਫਲੋਟਿੰਗ ਲਾਈਟ ਐਂਡ ਸਾਊਂਡ (ਆਵਾਜ਼ ਤੇ ਰੌਸ਼ਨੀ) ਪ੍ਰੋਗਰਾਮ ਹੋਵੇਗਾ, ਜਿਸ ਵਿੱਚ ਗੁਰੂ ਸਾਹਿਬ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਰੋਜ਼ਾਨਾ 2/2 ਸ਼ੋਅ ਕਰਵਾਏ ਜਾਣਗੇ ਅਤੇ ਪਹਿਲਾ ਸ਼ੋਅ ਸ਼ਾਮ 6 ਤੋਂ 6.45 ਵਜੇ ਅਤੇ ਦੂਸਰਾ ਸ਼ੋਅ ਰਾਤ 7.15 ਤੋਂ 8 ਵਜੇ ਤੱਕ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਹੁਸੈਨੀਵਾਲਾ ਵਿਖੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਐਸਡੀਐਮ ਕੁਲਦੀਪ ਬਾਵਾ ਵੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਸ਼ੋ ਵਿਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਅਤਿ ਆਧੁਨਿਕ ਤਕਨੀਕਾਂ ਜ਼ਰੀਏ ਰੂਪਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ‘ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਚੱਲਣਗੇ। ਉਨ੍ਹਾਂ ਦੱਸਿਆ ਕਿ ਰੰਗਦਾਰ ਦ੍ਰਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਅਦਭੁੱਤ ਨਜ਼ਾਰਾ ਪੇਸ਼ ਕਰਨਗੇ। ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਵਿਲੱਖਣ ਨਜ਼ਾਰੇ ਦਾ ਗਵਾਹ ਬਣਨ ਲਈ ਹੁੰਮ-ਹੁੰਮਾ ਕੇ ਪਹੁੰਚਣ। ਉਨ੍ਹਾਂ ਕਿਹਾ ਕਿ ਸੰਗਤਾਂ ਲਈ ਦਾਖਲਾ ਬਿਲਕੁਲ ਮੁਫ਼ਤ ਹੈ ਅਤੇ ਸੰਗਤਾਂ ਆਪਣੇ ਪਰਿਵਾਰ ਸਮੇਤ ਸ਼ੋਅ ਦਾ ਅਨੰਦ ਮਾਨਣ। ਸੰਗਤਾਂ ਵਾਸਤੇ ਲੰਗਰ ਦਾ ਪ੍ਰਬੰਧ ਵੀ ਕਿਤਾ ਜਾਵੇਗਾ।